ਸ਼ਹੀਦੀ ਸ਼ਤਾਬਦੀ: ਗਵਾਲੀਅਰ ਤੋਂ ਅਸ਼ੋਕ ਨਗਰ ਪੁੱਜਾ ਨਗਰ ਕੀਰਤਨ
ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਦੀ ਸ਼ਹੀਦੀ ਸ਼ਤਾਬਦੀ ਸਬੰਧੀ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਆਸਾਮ ਤੋਂ ਆਰੰਭ ਹੋਏ ਸ਼ਹੀਦੀ ਨਗਰ ਕੀਰਤਨ ਦਾ ਪੰਜਾਬ ਤੋਂ ਬਾਹਰ ਵੱਖ ਵੱਖ ਸੂਬਿਆਂ ਦੀ ਸੰਗਤ ਵੱਲੋਂ ਭਰਵਾਂ ਸਵਾਗਤ ਕੀਤਾ ਜਾ ਰਿਹਾ ਹੈ। ਅੱਜ ਇਹ ਨਗਰ ਕੀਰਤਨ ਸ੍ਰੀ ਹਰਿਗੋਬਿੰਦ ਸਾਹਿਬ ਦੀ ਚਰਨਛੋਹ ਪ੍ਰਾਪਤ ਗੁਰਦੁਆਰਾ ਦਾਤਾ ਬੰਦੀ ਛੋੜ ਸਾਹਿਬ ਗਵਾਲੀਅਰ ਤੋਂ ਅਗਲੇ ਪੜਾਅ ਲਈ ਰਵਾਨਾ ਹੋਇਆ ਅਤੇ ਗੁਰਦੁਆਰਾ ਸ੍ਰੀ ਗੁਰੂ ਸਿੰਘ ਸਭਾ ਅਸ਼ੋਕ ਨਗਰ ਪੁੱਜ ਗਿਆ ਹੈ। ਨਗਰ ਕੀਰਤਨ ਦੀ ਰਵਾਨਗੀ ਤੋਂ ਪਹਿਲਾਂ ਗੁਰਦੁਆਰਾ ਸਾਹਿਬ ਵਿਖੇ ਸਜੇ ਧਾਰਮਿਕ ਦੀਵਾਨ ਵਿਚ ਸ੍ਰੀ ਦਰਬਾਰ ਸਾਹਿਬ ਦੇ ਹਜ਼ੂਰੀ ਰਾਗੀ ਜਥੇ ਨੇ ਗੁਰਬਾਣੀ ਦਾ ਕੀਰਤਨ ਕੀਤਾ ਅਤੇ ਗ੍ਰੰਥੀ ਗਿਆਨੀ ਰਾਜਦੀਪ ਸਿੰਘ ਨੇ ਸੰਗਤ ਨੂੰ ਨੌਵੇਂ ਪਾਤਸ਼ਾਹ ਜੀ ਦੇ ਜੀਵਨ ਇਤਿਹਾਸ ਤੋਂ ਜਾਣੂ ਕਰਵਾਇਆ।
ਇਸ ਮੌਕੇ ਸ਼੍ਰੋਮਣੀ ਕਮੇਟੀ ਦੇ ਸਕੱਤਰ ਪ੍ਰਤਾਪ ਸਿੰਘ ਨੇ ਕਿਹਾ ਕਿ ਇਹ ਨਗਰ ਕੀਰਤਨ ਜਿਥੇ ਗੁਰੂ ਸਾਹਿਬ ਦੀ ਸ਼ਹਾਦਤ ਦੇ ਸੰਕਲਪ ਨੂੰ ਸੰਗਤਾਂ ਵਿਚ ਪਹੁੰਚਾ ਰਿਹਾ ਹੈ, ਉਥੇ ਹੀ ਸ਼ਹੀਦੀ ਸ਼ਤਾਬਦੀ ਪ੍ਰਤੀ ਵੀ ਉਤਸ਼ਾਹ ਭਰ ਰਿਹਾ ਹੈ। ਨਗਰ ਕੀਰਤਨ ਦੀ ਰਵਾਨਗੀ ਤੋਂ ਪਹਿਲਾਂ ਬਾਬਾ ਸੇਵਾ ਸਿੰਘ ਕਾਰਸੇਵਾ ਖਡੂਰ ਸਾਹਿਬ ਵਾਲਿਆਂ ਵੱਲੋਂ ਬਾਬਾ ਲੱਖਾ ਸਿੰਘ ਤੇ ਬਾਬਾ ਗੁਰਪ੍ਰੀਤ ਸਿੰਘ ਨੇ ਪੰਜ ਪਿਆਰੇ ਅਤੇ ਹਾਜਰ ਪ੍ਰਮੁੱਖ ਸ਼ਖ਼ਸੀਅਤਾਂ ਨੂੰ ਸਿਰੋਪਾਓ ਦੇ ਕੇ ਸਨਮਾਨਿਤ ਕੀਤਾ।
ਨਗਰ ਕੀਰਤਨ ਦਾ ਗੁਰਦੁਆਰਾ ਫੁੱਲ ਬਾਗ਼ ਲਸ਼ਕਰ ਗਵਾਲੀਅਰ, ਗੁਰਦੁਆਰਾ ਪ੍ਰਮੇਸ਼ਵਰ ਦੁਆਰ ਟੇਕਨਪੁਰ ਡਬਰਾ, ਝਾਂਸੀ, ਦਤੀਆ, ਸ਼ਿਵਪੁਰੀ, ਕੋਲਾਰਸ, ਗੁਨਾ ਸਮੇਤ ਵੱਖ-ਵੱਖ ਪੜਾਵਾਂ ’ਤੇ ਸੰਗਤਾਂ ਵੱਲੋਂ ਫੁੱਲਾਂ ਦੀ ਵਰਖਾ ਕਰਕੇ ਭਰਵਾਂ ਸਵਾਗਤ ਕੀਤਾ ਗਿਆ।