ਸ਼ਹੀਦੀ ਸ਼ਤਾਬਦੀ: ਨਗਰ ਕੀਰਤਨ ਹੈਦਰਾਬਾਦ ਤੋਂ ਵਿਜੈਵਾੜਾ ਪੁੱਜਾ
ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਦੇ 350 ਸਾਲਾ ਸ਼ਹੀਦੀ ਦਿਵਸ ਸਬੰਧੀ ਗੁਰਦੁਆਰਾ ਧੋਬੜੀ ਸਾਹਿਬ ਅਸਾਮ ਤੋਂ ਆਰੰਭ ਹੋਇਆ ਸ਼ਹੀਦੀ ਨਗਰ ਕੀਰਤਨ ਅੱਜ ਗੁਰਦੁਆਰਾ ਬ੍ਰਹਮਬਾਲਾ ਸਾਹਿਬ ਸਿੱਖ ਛਾਉਣੀ ਹੈਦਰਾਬਾਦ ਤੋਂ ਵਿਜੈਵਾੜਾ ਆਂਧਰਾ ਪ੍ਰਦੇਸ਼ ਪੁੱਜਾ ਹੈ। ਇਸ ਮੌਕੇ ਸ੍ਰੀ ਹਰਿਮੰਦਰ ਸਾਹਿਬ ਦੇ ਮੁੱਖ ਗ੍ਰੰਥੀ ਗਿਆਨੀ ਰਘਬੀਰ ਸਿੰਘ ਤੇ ਗ੍ਰੰਥੀ ਗਿਆਨੀ ਸੁਲਤਾਨ ਸਿੰਘ ਸਮੇਤ ਪ੍ਰਮੁੱਖ ਸ਼ਖ਼ਸੀਅਤਾਂ ਹਾਜ਼ਰ ਸਨ।
ਨਗਰ ਕੀਰਤਨ ਦੀ ਰਵਾਨਗੀ ਤੋਂ ਪਹਿਲਾਂ ਗੁਰਦੁਆਰਾ ਸਾਹਿਬ ਵਿੱਚ ਸਜੇ ਧਾਰਮਿਕ ਦੀਵਾਨ ’ਚ ਸ੍ਰੀ ਦਰਬਾਰ ਸਾਹਿਬ ਦੇ ਹਜ਼ੂਰੀ ਰਾਗੀ ਜਥੇ ਨੇ ਗੁਰਬਾਣੀ ਕੀਰਤਨ ਕੀਤਾ ਅਤੇ ਮੁੱਖ ਗ੍ਰੰਥੀ ਗਿਆਨੀ ਰਘਬੀਰ ਸਿੰਘ ਨੇ ਸੰਗਤਾਂ ਨੂੰ ਗੁਰ-ਇਤਿਹਾਸ ਨਾਲ ਜੋੜਿਆ। ਗਿਆਨੀ ਰਘਬੀਰ ਸਿੰਘ ਨੇ ਕਿਹਾ ਕਿ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਦੀ ਸ਼ਹਾਦਤ ਦਾ ਇਤਿਹਾਸ ਗੌਰਵਮਈ ਹੈ। ਗੁਰੂ ਸਾਹਿਬ ਨੇ ਧਰਮ ਦੀ ਰੱਖਿਆ ਲਈ ਆਪਣੀ ਸ਼ਹਾਦਤ ਦਿੱਤੀ ਅਤੇ ਕੌਮ ਅੰਦਰ ਜ਼ੁਲਮ ਵਿਰੁੱਧ ਖੜ੍ਹੇ ਹੋਣ ਦਾ ਜਜ਼ਬਾ ਪੈਦਾ ਕੀਤਾ। ਉਨ੍ਹਾਂ ਕਿਹਾ ਕਿ ਗੁਰਦੁਆਰਾ ਧੋਬੜੀ ਸਾਹਿਬ ਤੋਂ ਸਜਾਏ ਗਏ ਸ਼ਹੀਦੀ ਨਗਰ ਕੀਰਤਨ ਨੂੰ ਕਰੀਬ ਇੱਕ ਮਹੀਨੇ ਤੋਂ ਵੱਧ ਦਾ ਸਮਾਂ ਹੋ ਗਿਆ ਹੈ ਅਤੇ ਨਗਰ ਕੀਰਤਨ ਦੌਰਾਨ ਸੰਗਤਾਂ ਵੱਡੇ ਉਤਸ਼ਾਹ ਨਾਲ ਸ਼ਮੂਲੀਅਤ ਕੀਤੀ। ਇਸ ਮੌਕੇ ਗੁਰਦੁਆਰਾ ਸਾਹਿਬ ਦੇ ਪ੍ਰਬੰਧਕਾਂ ਨੇ ਪੰਜ ਪਿਆਰੇ ਅਤੇ ਪ੍ਰਮੁੱਖ ਸਖਸ਼ੀਅਤਾਂ ਨੂੰ ਸਿਰੋਪਾਓ ਦਿੱਤੇ। ਸੰਗਤ ਨੇ ਸ੍ਰੀ ਗੁਰੂ ਗ੍ਰੰਥ ਸਾਹਿਬ ਦੀ ਪਾਲਕੀ ’ਤੇ ਫੁੱਲਾਂ ਦੀ ਵਰਖਾ ਕੀਤੀ। ਇਸ ਮੌਕੇ ਸ਼੍ਰੋਮਣੀ ਕਮੇਟੀ ਦੇ ਜੂਨੀਅਰ ਮੀਤ ਬਲਦੇਵ ਸਿੰਘ ਕਲਿਆਣ, ਮੀਤ ਸਕੱਤਰ ਕੁਲਦੀਪ ਸਿੰਘ ਰੋਡੇ, ਇੰਚਾਰਜ ਗੁਰਮੇਜ ਸਿੰਘ, ਮੈਨੇਜਰ ਨਰਿੰਦਰ ਸਿੰਘ ਮਥਰੇਵਾਲ, ਸਮੇਤ ਵੱਡੀ ਗਿਣਤੀ ਸੰਗਤਾਂ ਹਾਜ਼ਰ ਸਨ।