ਸ਼ਹੀਦੀ ਸ਼ਤਾਬਦੀ: ਨਗਰ ਕੀਰਤਨ ਦਾ ਬਿਦਰ ’ਚ ਭਰਵਾਂ ਸਵਾਗਤ
ਗੁਰੂ ਤੇਗ ਬਹਾਦਰ ਸਾਹਿਬ ਦੀ ਸ਼ਹੀਦੀ ਸ਼ਤਾਬਦੀ ਸਬੰਧੀ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਗੁਰਦੁਆਰਾ ਧੋਬੜੀ ਸਾਹਿਬ ਅਸਾਮ ਤੋਂ ਆਰੰਭ ਹੋਏ ਸ਼ਹੀਦੀ ਨਗਰ ਕੀਰਤਨ ਦਾ ਬੀਤੀ ਦੇਰ ਰਾਤ ਗੁਰਦੁਆਰਾ ਨਾਨਕ ਝੀਰਾ ਸਾਹਿਬ ਬਿਦਰ ਕਰਨਾਟਕਾ ਪਹੁੰਚਣ ’ਤੇ ਸੰਗਤ ਵੱਲੋਂ ਭਰਵਾਂ ਸਵਾਗਤ ਕੀਤਾ ਗਿਆ।
ਅੱਜ ਗੁਰਦੁਆਰਾ ਨਾਨਕ ਝੀਰਾ ਬਿਦਰ ਵਿੱਚ ਗੁਰਮਤਿ ਸਮਾਗਮ ਕਰਵਾਏ ਗਏ, ਜਿਸ ਵਿੱਚ ਸ੍ਰੀ ਦਰਬਾਰ ਸਾਹਿਬ ਦੇ ਹਜ਼ੂਰੀ ਰਾਗੀ ਜਥਿਆਂ ਨੇ ਕੀਰਤਨ ਕੀਤਾ। ਇਸ ਦੌਰਾਨ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਗ੍ਰੰਥੀ ਗਿਆਨੀ ਸੁਲਤਾਨ ਸਿੰਘ ਅਤੇ ਹੋਰ ਪੰਥਕ ਸ਼ਖ਼ਸੀਅਤਾਂ ਨੇ ਸੰਗਤ ਨੂੰ ਸੰਬੋਧਨ ਕੀਤੀ ਅਤੇ ਗੁਰੂ ਤੇਗ ਬਹਾਦਰ ਸਾਹਿਬ ਦੇ ਜੀਵਨ ਇਤਿਹਾਸ ਨਾਲ ਜੋੜਿਆ। ਸ਼੍ਰੋਮਣੀ ਕਮੇਟੀ ਪ੍ਰਧਾਨ ਹਰਜਿੰਦਰ ਸਿੰਘ ਧਾਮੀ ਵੱਲੋਂ ਸਮਾਗਮ ਵਿਚ ਸ਼ਾਮਲ ਹੋਣ ਪਹੁੰਚੇ ਮੁੱਖ ਸਕੱਤਰ ਕੁਲਵੰਤ ਸਿੰਘ ਮੰਨਣ ਨੇ ਗੁਰਦੁਆਰਾ ਨਾਨਕ ਝੀਰਾ ਸਾਹਿਬ ਦੀ ਪ੍ਰਬੰਧਕ ਕਮੇਟੀ ਅਤੇ ਸੰਗਤ ਨੂੰ ਨੌਵੇਂ ਗੁਰੂ ਦੇ 350 ਸਾਲਾ ਸ਼ਹੀਦੀ ਦਿਵਸ ਸਬੰਧੀ 23 ਨਵੰਬਰ ਤੋਂ 29 ਨਵੰਬਰ ਤੱਕ ਸ੍ਰੀ ਆਨੰਦਪੁਰ ਸਾਹਿਬ ਵਿਖੇ ਹੋਣ ਵਾਲੇ ਸਮਾਗਮਾਂ ਸਮੇਂ ਸ਼ਮੂਲੀਅਤ ਕਰਨ ਦੀ ਅਪੀਲ ਕੀਤੀ।
ਇਸ ਮੌਕੇ ਸ਼੍ਰੋਮਣੀ ਕਮੇਟੀ ਦੇ ਜੂਨੀਅਰ ਮੀਤ ਬਲਦੇਵ ਸਿੰਘ ਕਲਿਆਣ, ਮੈਂਬਰ ਰਣਜੀਤ ਸਿੰਘ ਕਾਹਲੋਂ, ਜਥੇਦਾਰ ਜਰਨੈਲ ਸਿੰਘ ਡੋਗਰਾਂਵਾਲਾ, ਜਸਮੇਰ ਸਿੰਘ ਲਾਛੜੂ, ਸਾਬਕਾ ਮੈਂਬਰ ਬੀਬੀ ਭਜਨ ਕੌਰ ਡੋਗਰਾਂਵਾਲਾ, ਮੀਤ ਸਕੱਤਰ ਕੁਲਦੀਪ ਸਿੰਘ ਰੋਡੇ, ਗੁਰਦੁਆਰਾ ਨਾਨਕ ਝੀਰਾ ਬਿਦਰ ਦੇ ਪ੍ਰਧਾਨ ਬਲਬੀਰ ਸਿੰਘ, ਹੈੱਡ ਗ੍ਰੰਥੀ ਗਿਆਨੀ ਹਰਪਾਲ ਸਿੰਘ, ਮੈਂਬਰ ਮਨਪ੍ਰੀਤ ਸਿੰਘ, ਪ੍ਰਦੀਪ ਸਿੰਘ, ਇੰਦਰ ਸਿੰਘ, ਤੇਜਪਾਲ ਸਿੰਘ, ਪੁਵੀਤ ਸਿੰਘ, ਲਹੌਰਾ ਸਿੰਘ, ਹਰੀ ਸਿੰਘ ਅਤੇ ਮੈਨੇਜਰ ਜਗਜੀਤ ਸਿੰਘ ਹਾਜ਼ਰ ਸਨ।