ਸ਼ਹੀਦੀ ਦਿਹਾੜਾ: ਨਗਰ ਕੀਰਤਨ ਸੰਭਲਪੁਰ ਪੁੱਜਾ
ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਦੇ 350 ਸਾਲਾ ਸ਼ਹੀਦੀ ਦਿਹਾੜੇ ਸਬੰਧੀ ਗੁਰਦੁਆਰਾ ਧੋਬੜੀ ਸਾਹਿਬ ਅਸਾਮ ਤੋਂ ਆਰੰਭ ਹੋਇਆ ਸ਼ਹੀਦੀ ਨਗਰ ਕੀਰਤਨ ਅੱਜ ਗੁਰਦੁਆਰਾ ਸ੍ਰੀ ਗੁਰੂ ਸਿੰਘ ਸਭਾ ਟੀ ਪੀ ਨਗਰ ਕੋਰਬਾ ਤੋਂ ਰਵਾਨਾ ਹੋਇਆ ਅਤੇ ਗੁਰਦੁਆਰਾ ਸਾਹਿਬ ਮੋਦੀਪਾੜਾ ਸੰਭਲਪੁਰ (ਉੜੀਸਾ) ਪੁੱਜਾ ਹੈ। ਨਗਰ ਕੀਰਤਨ ਦੀ ਰਵਾਨਗੀ ਤੋਂ ਪਹਿਲਾਂ ਗੁਰਦੁਆਰਾ ਸਾਹਿਬ ਵਿਖੇ ਸ੍ਰੀ ਦਰਬਾਰ ਸਾਹਿਬ ਦੇ ਹਜ਼ੂਰੀ ਰਾਗੀ ਜਥੇ ਨੇ ਗੁਰਬਾਣੀ ਕੀਰਤਨ ਕੀਤਾ ਅਤੇ ਗ੍ਰੰਥੀ ਗਿਆਨੀ ਰਾਜਦੀਪ ਸਿੰਘ ਨੇ ਨੌਵੇਂ ਪਾਤਸ਼ਾਹ ਜੀ ਦੁਆਰਾ ਉਚਾਰਨ ਕੀਤੀ ਗੁਰਬਾਣੀ ਬਾਰੇ ਕਥਾ ਵਿਚਾਰਾਂ ਕੀਤੀਆਂ। ਉਨ੍ਹਾਂ ਸੰਗਤਾਂ ਨਾਲ ਗੁਰੂ ਸਾਹਿਬ ਦੇ ਜੀਵਨ ਇਤਿਹਾਸ ਦੀ ਵੀ ਸਾਂਝ ਪਾਈ। ਨਗਰ ਕੀਰਤਨ ਦਾ ਸੰਗਤਾਂ ਨੇ ਵੱਖ-ਵੱਖ ਥਾਵਾਂ ’ਤੇ ਉਤਸ਼ਾਹ ਨਾਲ ਭਰਵਾਂ ਸਵਾਗਤ ਕੀਤਾ।ਨਗਰ ਕੀਰਤਨ ਪ੍ਰਤੀ ਵੱਖ-ਵੱਖ ਧਰਮਾਂ ਦੇ ਲੋਕਾਂ ਵਿਚ ਵੱਡੀ ਸ਼ਰਧਾ ਸੀ ਅਤੇ ਸੰਗਤਾਂ ਨੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਪਾਲਕੀ ’ਤੇ ਫੁੱਲਾਂ ਦੀ ਵਰਖਾ ਕਰਕੇ ਸਤਿਕਾਰ ਭੇਟ ਕੀਤਾ। ਇਸ ਮੌਕੇ ਸ਼੍ਰੋਮਣੀ ਕਮੇਟੀ ਦੇ ਮੀਤ ਸਕੱਤਰ ਜਸਵਿੰਦਰ ਸਿੰਘ ਜੱਸੀ, ਅਮਰਜੀਤ ਸਿੰਘ ਮੈਨੇਜਰ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ, ਸਿੱਖ ਮਿਸ਼ਨ ਛੱਤੀਸਗੜ੍ਹ ਦੇ ਇੰਚਾਰਜ ਗੁਰਮੀਤ ਸਿੰਘ ਤੇ ਮੋਹਣ ਸਿੰਘ, ਇੰਚਾਰਜ ਸਿੱਖ ਮਿਸ਼ਨ ਜੰਮੂ ਕਸ਼ਮੀਰ ਭਾਈ ਹਰਭਿੰਦਰ ਸਿੰਘਸਮੇਤ ਸੰਗਤਾਂ ਹਾਜ਼ਰ ਸਨ।