ਹਰਪ੍ਰੀਤ ਕੌਰ
ਹੁਸ਼ਿਆਰਪੁਰ, 2 ਅਗਸਤ
ਪੀ.ਸੀ.ਐੱਮ.ਐੱਸ ਐਸੋਸੀਏਸ਼ਨ ਦੀ ਸਟੇਟ ਬਾਡੀ ਅਤੇ ਜੁਆਇੰਟ ਐਕਸ਼ਨ ਕਮੇਟੀ ਦੇ ਸੱਦੇ ’ਤੇ ਸਿਵਲ ਸਰਜਨ ਦਫ਼ਤਰ ਵਿੱਚ ਜ਼ਿਲ੍ਹੇ ਦੇ ਸਮੂਹ ਸੀਨੀਅਰ ਮੈਡੀਕਲ ਅਫ਼ਸਰਾਂ ਅਤੇ ਮੈਡੀਕਲ ਅਫ਼ਸਰਾਂ ਨੇ ਰੋਸ ਵਜੋਂ ਸਿਵਲ ਸਰਜਨ ਅਤੇ ਪ੍ਰੋਗਰਾਮ ਅਫ਼ਸਰਾਂ ਦੇ ਕਮਰਿਆਂ ਨੂੰ ਤਾਲੇ ਲਗਾ ਦਿੱਤੇ ਤੇ ਦਫ਼ਤਰ ਦਾ ਸਾਰਾ ਕੰਮ ਤਿੰਨ ਦਿਨ ਲਈ ਬੰਦ ਕਰ ਦਿੱਤਾ। ਐਸੋਸੀਏਸ਼ਨ ਦੇ ਪ੍ਰੈਸ ਸਕੱਤਰ ਡਾ. ਰਾਜ ਕੁਮਾਰ ਨੇ ਕਿਹਾ ਕਿ ਪੰਜਾਬ ਸਰਕਾਰ ਨੇ ਛੇਵੇਂ ਪੇ ਕਮਿਸ਼ਨ ਦੀ ਆੜ ਹੇਠ ਸਰਕਾਰੀ ਡਾਕਟਰਾਂ ਦਾ ਐਨ.ਪੀ.ਏ 25 ਫ਼ੀਸਦੀ ਤੋਂ ਘਟਾ ਕੇ 20 ਫ਼ੀਸਦੀ ਕਰ ਦਿੱਤਾ ਹੈ ਜਿਸ ਕਾਰਨ ਡਾਕਟਰਾਂ ਅੰਦਰ ਭਾਰੀ ਰੋਸ ਹੈ। ਉਨ੍ਹਾਂ ਕਿਹਾ ਕਿ 5 ਅਗਸਤ ਨੂੰ ਡਾਇਰੈਕਟੋਰੇਟ ਦਫ਼ਤਰ ਸਿਹਤ ਤੇ ਪਰਿਵਾਰ ਭਲਾਈ ਚੰਡੀਗੜ੍ਹ ਵਿਖੇ ਧਰਨਾ ਦਿੱਤਾ ਜਾਵੇਗਾ। ਇਸ ਮੌਕੇ ਜ਼ਿਲ੍ਹਾ ਪਰਿਵਾਰ ਭਲਾਈ ਅਫ਼ਸਰ ਡਾ. ਸੁਨੀਲ ਅਹੀਰ, ਸੀਨੀਅਰ ਮੈਡੀਕਲ ਅਫ਼ਸਰ ਡਾ. ਹਰਦੀਪ ਸਿੰਘ, ਪਰਮਜੀਤ ਸਿੰਘ, ਮੈਡੀਕਲ ਅਫ਼ਸਰ ਡਾ. ਜਸਵਿੰਦਰ ਸਿੰਘ, ਡਾ. ਮਨਮੋਹਨ ਸਿੰਘ, ਡਾ. ਸੰਦੀਪ ਡਿਮਾਣਾ ਆਦਿ ਮੌਜੂਦ ਸਨ।