ਜੌੜਾ ’ਚ ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਦੀ ਇਕੱਤਰਤਾ
ਪੱਤਰ ਪ੍ਰੇਰਕ
ਟਾਂਡਾ, 6 ਜੁਲਾਈ
ਇੱਥੋਂ ਨੇੜਲੇ ਪਿੰਡ ਜੌੜਾ ਵਿੱਚ ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਦੀ ਮੀਟਿੰਗ ਹੋਈ। ਪ੍ਰਧਾਨ ਲਭਿੰਦਰ ਸਿੰਘ ਦੀ ਅਗਵਾਈ ’ਚ ਹੋਈ ਮੀਟਿੰਗ ਵਿੱਚ ਜ਼ਿਲ੍ਹਾ ਪ੍ਰਧਾਨ ਪਰਮਜੀਤ ਸਿੰਘ ਭੁੱਲਾ ਨੇ ਕਿਸਾਨਾਂ ਕਿਰਤੀਆਂ ਨੂੰ 14 ਜੁਲਾਈ ਨੂੰ ਹੁਸ਼ਿਆਰਪੁਰ ਵਿੱਚ ਬਿਜਲੀ ਸੋਧ ਐਕਟ ਅਤੇ ਬਿਜਲੀ ਦੇ ਨਿੱਜੀਕਰਨ ਦੇ ਵਿਰੋਧ ਵਿੱਚ ਦਿੱਤੇ ਜਾਣ ਵਾਲੇ ਧਰਨੇ ਲਈ ਲਾਮਬੰਦ ਕੀਤਾ। ਇਸ ਮੌਕੇ ਭੁੱਲਾ ਨੇ ਆਖਿਆ ਕਿ ਜਥੇਬੰਦੀ ਕਿਸੇ ਵੀ ਧੱਕੇਸ਼ਾਹੀ ਖ਼ਿਲਾਫ਼ ਤੇ ਕਿਸਾਨਾਂ ਕਿਰਤੀਆਂ ਦੇ ਹਿੱਤਾਂ ਦੀ ਰਾਖੀ ਕਰਨ ਲਈ ਹਮੇਸ਼ਾ ਤਨਦੇਹੀ ਨਾਲ ਕੰਮ ਕਰਦੀ ਰਹੇਗੀ। ਉਨ੍ਹਾਂ ਇਸ ਮੌਕੇ ਯੂਰੀਆ ਖਾਦ ਦੀ ਕਮੀ ਨੂੰ ਪੂਰਾ ਕਰਨ ਦੀ ਮੰਗ ਕੀਤੀ। ਉਨ੍ਹਾਂ ਆਖਿਆ ਕਿ ਕਿਸਾਨਾਂ ਵੱਲੋਂ ਜਥੇਬੰਦੀ ਦੇ ਨੋਟਿਸ ਵਿਚ ਲਿਆਂਦਾ ਗਿਆ ਹੈ ਕਿ ਕੁਝ ਖਾਦ ਵਿਕਰੇਤਾ ਖਾਦਾਂ ਦੀ ਵਿਕਰੀ ਦੌਰਾਨ ਕਿਸਾਨਾਂ ਨੂੰ ਬੇਲੋੜਾ ਸਮਾਨ ਲੈਣ ਲਈ ਮਜਬੂਰ ਕਰਦੇ ਹਨ। ਉਨ੍ਹਾਂ ਆਖਿਆ ਕਿ ਜੇ ਕਿਸਾਨਾਂ ਨੂੰ ਅਜਿਹੀ ਮੁਸ਼ਕਲ ਆਉਂਦੀ ਹੈ ਤਾਂ ਜਥੇਬੰਦੀ ਅਜਿਹਾ ਕੰਮ ਕਰਨ ਵਾਲੇ ਸਟੋਰ ਮਾਲਕਾਂ ਖ਼ਿਲਾਫ਼ ਵੀ ਮੋਰਚਾ ਖੋਲੇਗੀ।
ਇਸ ਮੌਕੇ ਜਸਵਿੰਦਰ ਸਿੰਘ, ਨਿਸ਼ਾਨ ਸਿੰਘ, ਗੁਰਜੀਤ ਸਿੰਘ ਕੰਗ, ਸੁਖਵੀਰ ਸਿੰਘ ਨਰਵਾਲ, ਹਰਿੰਦਰਜੀਤ ਸਿੰਘ, ਜੋਗਾ ਸਿੰਘ, ਬਿੰਦਰ ਕੌਰ ਅਤੇ ਸੁਖਵਿੰਦਰ ਕੌਰ ਵੀ ਮੌਜੂਦ ਸਨ।