ਸਿੱਖ ਸੰਸਥਾਵਾਂ ਦੇ ਮੈਂਬਰ ਅੰਮ੍ਰਿਤਧਾਰੀ ਹੋਣ: ਬਲਬੀਰ ਸਿੰਘ
ਨਿਹੰਗ ਜਥੇਬੰਦੀ ਸ਼੍ਰੋਮਣੀ ਪੰਥ ਅਕਾਲੀ ਬੁੱਢਾ ਦਲ ਦੇ ਮੁਖੀ ਬਾਬਾ ਬਲਬੀਰ ਸਿੰਘ ਅਕਾਲੀ ਨੇ ਕਿਹਾ ਕਿ ਗੁਰਦੁਆਰਾ ਸਾਹਿਬ ਦੀਆਂ ਲੋਕਲ ਕਮੇਟੀਆਂ ਦੇ ਪ੍ਰਬੰਧਕ, ਸਮੂਹ ਸਿੱਖ ਸੰਸਥਾਵਾਂ/ਸੰਪਰਦਾਵਾਂ ਦੇ ਅਹੁਦੇਦਾਰ ਮੈਂਬਰਾਂ ਸਾਰੇ ਅੰਮ੍ਰਿਤਧਾਰੀ ਹੋ ਕੇ ਮਰਯਾਦਾ ਦੇ ਧਾਰਨੀ ਬਣਨ। ਉਨ੍ਹਾਂ ਸ੍ਰੀ ਹਰਿਮੰਦਰ ਸਾਹਿਬ ਮੱਥਾ ਟੇਕਿਆ ਅਤੇ ਇਸ ਤੋਂ ਪਹਿਲਾਂ ਉਨ੍ਹਾਂ ਚੀਫ ਖਾਲਸਾ ਦੀਵਾਨ ਦੀ ਇੱਕ ਧਾਰਮਿਕ ਸਟੇਜ ’ਤੇ ਸੰਬੋਧਨ ਕੀਤਾ । ਉਨ੍ਹਾਂ ਕਿਹਾ ਕਿ ਸੰਗਤਾਂ ਵਿਚ ਇਸ ਗੱਲ ਦਾ ਭਾਰੀ ਰੋਸ ਪਾਇਆ ਜਾਂਦਾ ਹੈ ਕਿ ਧਾਰਮਿਕ ਸੰਸਥਾਵਾਂ ਦੇ ਪ੍ਰਬੰਧਕ ਤੇ ਮੁਲਾਜ਼ਮ ਹੀ ਅੰਮ੍ਰਿਤਧਾਰੀ ਨਹੀਂ ਹਨ। ਉਨ੍ਹਾਂ ਕਿਹਾ ਕਿ ਚੰਗਾ ਹੋਵੇ ਜਿਨ੍ਹਾਂ ਪ੍ਰਬੰਧਕਾਂ ਮੈਂਬਰਾਂ ਨੇ ਗੁਰੂ ਮਹਾਰਾਜ ਦਾ ਖੰਡੇ ਬਾਟੇ ਦਾ ਅੰਮ੍ਰਿਤਪਾਨ ਨਹੀਂ ਕੀਤਾ, ਉਹ ਬਾਣੀ-ਬਾਣੇ ਦੇ ਧਾਰਨੀ ਹੋ ਕੇ ਗੁਰ ਮਰਯਾਦਾ ’ਚ ਰਹਿ ਕੇ ਸੰਜਮ ਭਰਿਆ ਜੀਵਨ ਬਤੀਤ ਕਰਨ। ਉਨ੍ਹਾਂ ਧਾਰਮਿਕ ਅਸਥਾਨਾਂ ਨੂੰ ਆ ਰਹੀਆਂ ਫਰਜ਼ੀ ਧਮਕੀਆਂ ਬਾਰੇ ਕਿਹਾ ਕਿ ਸ੍ਰੀ ਹਰਿਮੰਦਰ ਸਾਹਿਬ ਅਤੇ ਸਿੱਖ ਧਾਰਮਿਕ ਅਸਥਾਨਾਂ ਵੱਲ ਭੈੜੀ ਨਜ਼ਰ ਰੱਖਣ ਵਾਲਿਆਂ ਨੂੰ ਖਾਲਸਾ ਪੰਥ ਨੇ ਸਜ਼ਾ ਦਿੱਤੀ ਹੈ।
ਉਨ੍ਹਾਂ ਕਿਹਾ ਕਿ ਦੋਸ਼ੀਆਂ ਨੂੰ ਬਖ਼ਸ਼ਿਆ ਨਹੀਂ ਜਾਵੇਗਾ। ਉਨ੍ਹਾਂ ਸ੍ਰੀ ਹਰਿਮੰਦਰ ਸਾਹਿਬ ਦੇ ਮੁੱਖ ਗ੍ਰੰਥੀ ਗਿਆਨੀ ਰਘਬੀਰ ਸਿੰਘ ਨਾਲ ਵੀ ਮੁਲਾਕਾਤ ਕੀਤੀ ਅਤੇ ਮੌਜੂਦਾ ਹਾਲਾਤਾਂ ਤੇ ਵਿਚਾਰ ਵਟਾਂਦਰਾ ਕੀਤਾ।