ਨਿੱਜੀ ਪੱਤਰ ਪ੍ਰੇਰਕ
ਜਲੰਧਰ, 12 ਜਨਵਰੀ
ਪੰਜਾਬ ਦੇ ਉਦਯੋਗ ਅਤੇ ਵਣਜ ਮੰਤਰੀ ਸੁੰਦਰ ਸ਼ਾਮ ਅਰੋੜਾ ਨੇ ਸਨਅਤਕਾਰਾਂ ਨੂੰ ਰਾਹਤ ਦੇਣ ਲਈ ‘ਵੈਟ ਦੇ ਬਕਾਏ ਲਈ ਓਟੀਐੱਸ ਸਕੀਮ’ ਦੀ ਸ਼ੁਰੂਆਤ ਕਰਦਿਆਂ ਕਿਹਾ ਕਿ ਇਸ ਯੋਜਨਾ ਨਾਲ ਸੂਬੇ ਦੇ ਦੋਆਬਾ ਖੇਤਰ ਦੇ ਤਕਰੀਬਨ 10,000 ਛੋਟੇ ਅਤੇ ਮੱਧ ਦਰਜੇ ਦੇ ਕਾਰੋਬਾਰੀਆਂ ਨੂੰ ਲਾਭ ਮਿਲੇਗਾ। ਸਕੀਮ ਦੇ ਵਰਚੁਅਲ ਆਗਾਜ਼ ਵਿੱਚ ਹਿੱਸਾ ਲੈਂਦਿਆਂ ਕੈਬਨਿਟ ਮੰਤਰੀ ਨੇ ਕਿਹਾ ਕਿ ਜਲੰਧਰ, ਕਪੂਰਥਲਾ, ਹੁਸ਼ਿਆਰਪੁਰ ਤੇ ਐੱਸਬੀਐੱਸ ਨਗਰ ਦੇ ਲਗਭਗ 10,000 ਵਪਾਰੀਆਂ ਨੂੰ ਕਵਰ ਕੀਤਾ ਜਾਵੇਗਾ ਅਤੇ ਸਕੀਮ ਦੇ ਨਿਯਮਾਂ ਅਨੁਸਾਰ 50 ਕਰੋੜ ਰੁਪਏ ਦਾ ਬਕਾਇਆ ਮੁਆਫ ਕੀਤਾ ਜਾਵੇਗਾ। ਇਸ ਮੌਕੇ ਉਨ੍ਹਾਂ ਨਾਲ ਵਿਧਾਇਕ ਰਜਿੰਦਰ ਬੇਰੀ, ਮੇਅਰ ਜਗਦੀਸ਼ ਰਾਜ ਰਾਜਾ ਤੇ ਡੀਸੀ ਘਨਸ਼ਿਆਮ ਥੋਰੀ ਵੀ ਮੌਜੂਦ ਸਨ।