ਨਿੱਜੀ ਪੱਤਰ ਪ੍ਰੇਰਕ
ਜਲੰਧਰ, 28 ਸਤੰਬਰ
ਸ਼ਹੀਦ ਭਗਤ ਸਿੰਘ ਦਾ 115ਵਾਂ ਜਨਮ ਦਿਹਾੜਾ ਅੱਜ ਵੱਖ-ਵੱਖ ਸੰਸਥਾਂ ਤੇ ਯੂਨੀਅਨਾਂ ਨੇ ਇਨਕਲਾਬੀ ਜੋਸ਼ ਨਾਲ ਮਨਾਇਆ। ਉਥੇ ਹੀ ਮਨਰੇਗਾ ਵਰਕਰਾਂ ਨੇ ਸ਼ਹੀਦ ਦਾ ਜਨਮ ਦਿਹਾੜਾ ਸੁਨੀਲ ਕੁਮਾਰ ਦੀ ਪ੍ਰਧਾਨਗੀ ਹੇਠ ਬਲਾਕ ਮਹਿਤਪੁਰ ਦੇ ਪਿੰਡ ਆਦਰਾਮਾਨ ਵਿੱਚ ਖੇਤ ਦੇ ਕਿਨਾਰੇ ਮਨਾਇਆ। ਇਸ ਮੌਕੇ ਪੰਜਾਬ ਖੇਤ ਮਜ਼ਦੂਰ ਸਭਾ ਦੇ ਜ਼ਿਲ੍ਹਾ ਪ੍ਰਧਾਨ ਕਾਮਰੇਡ ਸਿਕੰਦਰ ਸੰਧੂ ਅਤੇ ਕੁੱਲ ਹਿੰਦ ਕਿਸਾਨ ਸਭਾ ਦੇ ਜ਼ਿਲ੍ਹਾ ਪ੍ਰਧਾਨ ਕਾਮਰੇਡ ਸੰਦੀਪ ਅਰੋੜਾ ਨੇ ਸਾਂਝੇ ਬਿਆਨ ਵਿੱਚ ਕਿਹਾ ਕਿ ਭਗਤ ਸਿੰਘ ਨੇ ਹਮੇਸ਼ਾ ਹੀ ਬਰਾਬਰਤਾ ਦਾ ਸਮਾਜ ਸਿਰਜਣ ਦੀ ਗੱਲ ਕੀਤੀ ਹੈ। ਇਸੇ ਤਰ੍ਹਾਂ ਯੂਨੀਵਰਸਿਟੀ ਕਾਲਜ ਲਾਡੋਵਾਲੀ ਰੋਡ ਵਿੱਚ ਸ਼ਹੀਦ ਭਗਤ ਸਿੰਘ ਦੇ ਜਨਮ ਦਿਹਾੜੇ ਨੂੰ ਸਮਰਪਿਤ ਵਿਸ਼ੇਸ਼ ਸੈਮੀਨਾਰ ਕਰਵਾਇਆ ਗਿਆ।
ਇਸ ਮੌਕੇ ਕਾਲਜ ਦੇ ਓਐੱਸਡੀ ਡਾ. ਕਮਲੇਸ਼ ਸਿੰਘ ਦੁੱਗਲ ਨੇ ਸੈਮੀਨਾਰ ਦੀ ਸ਼ੁਰੂਆਤ ਕਰਦਿਆਂ ਦੱਸਿਆ ਕਿ ਸ਼ਹੀਦ ਭਗਤ ਸਿੰਘ ਆਪਣੇ ਕਾਲ ਦਾ ਉਹ ਯੁੱਗ ਪਲਟਾਊ ਨੌਜਵਾਨ ਸੀ, ਜਿਸ ਨੇ ਆਪਣੀ ਛੋਟੀ ਜਿਹੀ ਉਮਰ ਵਿਚ ਕੀਤੇ ਕਾਰਜਾਂ ਸਦਕਾ ਅਜਿਹੀਆਂ ਪੈੜਾਂ ਸਿਰਜੀਆਂ ਹਨ।