ਨਿੱਜੀ ਪੱਤਰ ਪ੍ਰੇਰਕ
ਜਲੰਧਰ, 25 ਮਈ
ਮਨਰੇਗਾ ਵਰਕਰਾਂ ਵੱਲੋਂ ਪਿੰਡਾਂ ਵਿੱਚ ਮਾਸਟਰੋਲ ਦਾ ਸਮਾਂ ਪੂਰਾ ਹੋਣ ਤੋਂ ਪਹਿਲਾਂ ਹੀ ਕੰਮ ਬੰਦ ਕੀਤੇ ਜਾਣ ਵਿਰੁੱਧ ਪੇਂਡੂ ਮਜ਼ਦੂਰ ਯੂਨੀਅਨ ਦੀ ਅਗਵਾਈ ਹੇਠ ਨਕੋਦਰ ਵਿੱਚ ਰੈਲੀ ਕੀਤੀ ਗਈ। ਰੈਲੀ ਕਰਨ ਤੋਂ ਬਾਅਦ ਐੱਸਡੀਐੱਮ ਨੂੰ ਮੰਗ ਪੱਤਰ ਦਿੱਤਾ ਗਿਆ, ਜਿਸ ਰਾਹੀਂ ਮੰਗ ਕੀਤੀ ਗਈ ਕਿ ਜਿਨ੍ਹਾਂ ਪਿੰਡ ਵਿੱਚ ਮਾਸਟਰੋਲ ਵਿੱਚ ਕੰਮ ਦੀਆਂ ਦਿਹਾੜੀਆਂ ਬਚੀਆਂ ਹੋਈਆਂ ਹਨ ਉਨ੍ਹਾਂ ਨੂੰ ਜਾਂ ਤਾਂ ਕੰਮ ਦਿੱਤਾ ਜਾਵੇ ਜਾਂ ਬੇਰੁਜ਼ਗਾਰੀ ਭੱਤਾ ਦਿੱਤਾ ਜਾਵੇ। ਇਸ ਮੌਕੇ ਯੂਨੀਅਨ ਦੇ ਸੂਬਾ ਪ੍ਰਧਾਨ ਤਰਸੇਮ ਪੀਟਰ ਨੇ ਕਿਹਾ ਕਿ ਕੇਂਦਰ ਸਰਕਾਰ ਵੱਲੋਂ ਬਣਾਏ ਗਏ ਮਨਰੇਗਾ ਕਾਨੂੰਨ, ਜਿਹੜਾ 100 ਦਿਨ ਰੁਜ਼ਗਾਰ ਦੀ ਗਾਰੰਟੀ ਦਿੰਦਾ ਹੈ, ਉਸ ਨੂੰ ਲਾਗੂ ਕਰਨ ਲਈ ਪੰਜਾਬ ਦੀ ਅਫਸਰਸ਼ਾਹੀ ਗੰਭੀਰ ਨਹੀਂ ਹੈ।
ਉਨ੍ਹਾਂ ਕਿਹਾ ਕਿ ਰੁਜ਼ਗਾਰ ਦੀ ਮੰਗ ਕਰਨ ਵਾਲੇ ਮਨਰੇਗਾ ਵਰਕਰਾਂ ਵਿਚੋਂ ਸਿਰਫ 10 ਫ਼ੀਸਦੀ ਲੋਕਾਂ ਨੂੰ ਕੰਮ ਦਿੱਤਾ ਜਾ ਰਿਹਾ ਹੈ, ਜਿਸ ਦੀ ਤਾਜ਼ਾ ਮਿਸਾਲ ਪੰਜਾਬ ਮੰਡੀਕਰਨ ਬੋਰਡ ਵੱਲੋਂ ਨਕੋਦਰ ਬਲਾਕ ਦੇ ਮਨਰੇਗਾ ਵਰਕਰਾਂ ਲਈ ਰੱਖਿਆ ਸਿਰਫ 31.88 ਲੱਖ ਰੁਪਏ ਦਾ ਲੇਬਰ ਬਜਟ ਹੈ। ਇਹੀ ਹਾਲ ਜ਼ਿਲ੍ਹੇ ਦੇ ਬਾਕੀ ਬਲਾਕਾਂ ਦਾ ਹੈ।