ਮਿੱਡ-ਡੇਅ ਮੀਲ ਵਰਕਰਾਂ ਵੱਲੋਂ ਮਿੰਨੀ ਸਕੱਤਰੇਤ ਅੱਗੇ ਮੁਜ਼ਾਹਰਾ
ਮਿੱਡ-ਡੇਅ ਮੀਲ ਵਰਕਰਜ਼ ਯੂਨੀਅਨ ਦੀ ਜ਼ਿਲ੍ਹਾ ਇਕਾਈ ਵੱਲੋਂ ਮੰਗਾਂ ਨੂੰ ਲੈ ਕੇ ਸੂਬਾ ਜਨਰਲ ਸਕੱਤਰ ਕਮਲਜੀਤ ਕੌਰ ਦੀ ਅਗਵਾਈ ਹੇਠ ਵੱਡੀ ਗਿਣਤੀ ਵਿੱਚ ਇਕੱਠੇ ਹੋ ਕੇ ਮਿੰਨੀ ਸਕੱਤਰੇਤ ਵਿਖੇ ਰੋਸ ਮੁਜ਼ਾਹਰਾ ਕੀਤਾ ਗਿਆ। ਬਾਅਦ ਵਿਚ ਡਿਪਟੀ ਕਮਿਸ਼ਨਰ ਰਾਹੀਂ ਮੁੱਖ ਮੰਤਰੀ ਨੂੰ ਮੰਗ ਪੱਤਰ ਭੇਜਿਆ ਗਿਆ। ਧਰਨੇ ਦੌਰਾਨ ਬੋਲਦਿਆਂ ਯੂਨੀਅਨ ਆਗੂਆਂ ਨੇ ਕਿਹਾ ਕਿ ਪੰਜਾਬ ਸਰਕਾਰ ਮਿੱਡ-ਡੇਅ ਮੀਲ ਵਰਕਰਾਂ ਨਾਲ ਕੀਤੇ ਵਾਅਦਿਆਂ ਅਤੇ ਉਨ੍ਹਾਂ ਦੀਆਂ ਹੱਕੀ ਮੰਗਾਂ ਨੂੰ ਲਾਗੂ ਨਹੀਂ ਕਰ ਰਹੀ। ਵਰਕਰਾਂ ਨੇ ਮੰਗ ਕੀਤੀ ਕਿ ਉਨ੍ਹਾਂ ਦੀ ਤਨਖਾਹ ਵਿੱਚ ਵਾਧਾ ਕੀਤਾ ਜਾਵੇ, ਸਾਲ ਵਿੱਚ ਦੋ ਵਰਦੀਆਂ ਦਿੱਤੀਆਂ ਜਾਣ, ਮੁਫ਼ਤ ਮੈਡੀਕਲ ਦੀ ਸਹੂਲਤ ਅਤੇ ਮੈਡੀਕਲ ਛੁੱਟੀਆਂ ਲਾਗੂ ਕੀਤੀਆਂ ਜਾਣ।
ਆਗੂਆਂ ਨੇ ਕਿਹਾ ਕਿ ਜੇਕਰ ਸਰਕਾਰ ਉਨ੍ਹਾਂ ਦੀ ਮੰਗਾਂ ਪ੍ਰਤੀ ਸੰਜੀਦਗੀ ਨਹੀਂ ਦਿਖਾਉਂਦੀ ਤਾਂ ਯੂਨੀਅਨ 3 ਅਗਸਤ ਨੂੰ ਸੰਗਰੂਰ ਵਿਖੇ ਸੂਬਾ ਪੱਧਰੀ ਰੈਲੀ ਕਰਨਗੇ। ਉਨ੍ਹਾਂ ਸਰਕਾਰ ਦੀ ਵਾਅਦਾ ਖਿਲਾਫ਼ੀ ਅਤੇ ਜਲਦੀ ਮੰਗਾਂ ਨਾ ਮੰਨੇ ਜਾਣ ’ਤੇ ਤਿੱਖੇ ਸੰਘਰਸ਼ ਦੀ ਚੇਤਾਵਨੀ ਦਿੱਤੀ।
ਇਸ ਮੌਕੇ ਪੰਜਾਬ ਸੁਬਾਰਡੀਨੇਟ ਸਰਵਿਸ ਫ਼ੈਡਰੇਸ਼ਨ ਦੇ ਸੂਬਾ ਪ੍ਰਧਾਨ ਸਤੀਸ਼ ਰਾਣਾ, ਗੌਰਮਿੰਟ ਟੀਚਰਜ਼ ਯੂਨੀਅਨ ਦੇ ਜ਼ਿਲ੍ਹਾ ਪ੍ਰਧਾਨ ਪ੍ਰਿੰਸੀਪਲ ਅਮਨਦੀਪ ਸ਼ਰਮਾ, ਸੁਨੀਲ ਸ਼ਰਮਾ, ਮੱਖਣ ਸਿੰਘ ਲੰਗੇਰੀ, ਰਣਵੀਰ ਸਿੰਘ, ਵਿਕਾਸ ਸ਼ਰਮਾ, ਅਨੁਪਮ ਰਤਨ, ਆਸ਼ਾ ਰਾਣੀ ਭੁੱਲੇਵਾਲ ਰਾਠਾਂ, ਬਲਵਿੰਦਰ ਕੌਰ, ਸੀਮਾ ਰਾਣੀ, ਨਰੇਸ਼ ਕੁਮਾਰੀ, ਜਸਬੀਰ ਕੌਰ, ਮਲਕੀਤ ਕੌਰ, ਜਤਿੰਦਰ ਕੌਰ ਆਦਿ ਹਾਜ਼ਰ ਸਨ।