ਮੰਤਰੀ ਨੇ ਸੂਬੇ ਨੂੰ ਨਸ਼ਾ ਮੁਕਤ ਕਰਨ ਲਈ ਲੋਕਾਂ ਦਾ ਸਾਥ ਮੰਗਿਆ
ਗੁਰਬਖਸ਼ਪੁਰੀ
ਤਰਨ ਤਾਰਨ, 17 ਮਈ
ਕੈਬਨਿਟ ਮੰਤਰੀ ਪੰਜਾਬ ਲਾਲਜੀਤ ਸਿੰਘ ਭੁੱਲਰ ਨੇ ਪੱਟੀ ਹਲਕੇ ਦੇ ਪਿੰਡਾਂ ਵਿੱਚ ਨਸ਼ਾ ਮੁਕਤੀ ਯਾਤਰਾਵਾਂ ਦੀ ਸ਼ੁਰੂਆਤ ਕਰਦਿਆਂ ਸੂਬੇ ਨੂੰ ਨਸ਼ਾ ਮੁਕਤ ਕਰਨ ਲਈ ਲੋਕਾਂ ਨੂੰ ਇਸ ਨਸ਼ਾ ਮੁਕਤ ਲਹਿਰ ਦਾ ਹਿੱਸਾ ਬਣਨ ਦੀ ਅਪੀਲ ਕੀਤੀ| ਅੱਜ ਦੀ ਇਸ ਮੁਹਿੰਮ ਵਿੱਚ ਉਨ੍ਹਾਂ ਪਿੰਡ ਲੌਹਕਾ, ਨੱਥੂਚੱਕ ਅਤੇ ਸਰਹਾਲੀ ਵਿਖੇ ਇਕੱਠਾਂ ਨੂੰ ਸੰਬੋਧਨ ਕੀਤਾ| ਉਨ੍ਹਾਂ ਸਰਕਾਰ ਦੀ ਇਸ ਮੁਹਿੰਮ ਨੂੰ ਘਰ ਘਰ ਤੱਕ ਲੈ ਕੇ ਜਾਣ ਦੀ ਵੀ ਅਪੀਲ ਕੀਤੀ| ਮੰਤਰੀ ਨੇ ਕਿਹਾ ਕਿ ਪਿਛਲੀਆਂ ਸਰਕਾਰਾਂ ਤੇ ਤਸਕਰਾਂ ਵਿਚਾਲੇ ਗਠਜੋੜ ਕਰਕੇ ਪੰਜਾਬ ਦੀ ਜਵਾਨੀ ਨੂੰ ਕੁਰਾਹੇ ਪਾਇਆ ਗਿਆ ਸੀ। ਇਸ ਦੇ ਨਾਲ ਹੀ ਤਰਨ ਤਾਰਨ ਦੇ ਵਿਧਾਇਕ ਡਾ.ਕਸ਼ਮੀਰ ਸਿੰਘ ਸੋਹਲ ਨੇ ਹਲਕੇ ਦੇ ਪਿੰਡ ਛਿਛਰੇਵਾਲ, ਅੱਡਾ ਗੱਗੋਬੂਆ ਅਤੇ ਗੱਗੋਬੂਆ ਵਿੱਚ ਨਸ਼ਾ ਮੁਕਤੀ ਯਾਤਰਾਵਾਂ ਕੀਤੀਆਂ|
ਧਾਰੀਵਾਲ (ਸੁੱਚਾ ਸਿੰਘ ਪਸਨਾਵਾਲ): ਜ਼ਿਲ੍ਹਾ ਯੋਜਨਾ ਕਮੇਟੀ ਗੁਰਦਾਸਪੁਰ ਦੇ ਚੇਅਰਮੈਨ ਐਡਵੋਕੇਟ ਜਗਰੂਪ ਸਿੰਘ ਸੇਖਵਾਂ ਵੱਲੋਂ ਅੱਜ ਹਲਕਾ ਕਾਦੀਆਂ ਵਿੱਚ ਬਲਾਕ ਧਾਰੀਵਾਲ ਦੇ ਪਿੰਡ ਡੱਡਵਾਂ, ਕੰਗ ਅਤੇ ਬੱਲ ਵਿੱਚ ਨਸ਼ਾ ਮੁਕਤੀ ਯਾਤਰਾ ਤਹਿਤ ਜਾਗਰੂਕਤਾ ਸਭਾਵਾਂ ਨੂੰ ਸੰਬੋਧਨ ਕਰਦਿਆਂ ਲੋਕਾਂ ਨੂੰ ਨਸ਼ਿਆਂ ਵਿਰੁੱਧ ਇਕਜੁਟ ਹੋਣ ਦਾ ਸੱਦਾ ਦਿੱਤਾ।
ਭਗਤ ਵੱਲੋਂ ਲੋਕਾਂ ਨੂੰ ਮੁਹਿੰਮ ਨਾਲ ਜੁੜਨ ਦੀ ਅਪੀਲ
ਜਲੰਧਰ (ਹਤਿੰਦਰ ਮਹਿਤਾ): ਕੈਬਨਿਟ ਮੰਤਰੀ ਮੋਹਿੰਦਰ ਭਗਤ ਨੇ ਅੱਜ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਅਤੇ ‘ਆਪ’ ਦੇ ਕੌਮੀ ਕਨਵੀਨਰ ਅਰਵਿੰਦ ਕੇਜਰੀਵਾਲ ਵੱਲੋਂ ਪੰਜਾਬ ਵਿੱਚ ਨਸ਼ਿਆਂ ਖਿਲਾਫ਼ ਸ਼ੁਰੂ ਕੀਤੀ ‘ਨਸ਼ਾ ਮੁਕਤੀ ਯਾਤਰਾ’ ਸੂਬੇ ਅਤੇ ਖ਼ਾਸ ਕਰ ਪਿੰਡਾਂ ਵਿੱਚ ਨਸ਼ਿਆਂ ਦੀ ਸਮੱਸਿਆ ਨੂੰ ਜੜ੍ਹੋਂ ਖ਼ਤਮ ਕਰਨ ਵਿੱਚ ਮਦਦਗਾਰ ਸਾਬਤ ਹੋ ਰਹੀ ਹੈ। ਸ੍ਰੀ ਭਗਤ ਨੇ ਦੱਸਿਆ ਕਿ ਨਸ਼ਾ ਮੁਕਤੀ ਯਾਤਰਾ ਰਾਹੀਂ 15,000 ਤੋਂ ਵੱਧ ਪਿੰਡਾਂ ਅਤੇ ਵਾਰਡਾਂ ਤੱਕ ਲੋਕ ਸੰਪਰਕ ਅਤੇ ਜਨ ਜਾਗਰੂਕਤਾ ਦਾ ਸੁਨੇਹਾ ਪਹੁੰਚਾਇਆ ਜਾਵੇਗਾ। ਇਸ ਮਹਾ ਜਨ ਸੰਪਰਕ ਅਭਿਆਨ ਤਹਿਤ ਹਰ ਰੋਜ਼ ਲਗਭਗ 351 ਪਿੰਡਾਂ ਵਿੱਚ ਗ੍ਰਾਮ ਸਭਾਵਾਂ ਹੋਣਗੀਆਂ। ਹਰ ਵਿਧਾਨ ਸਭਾ ਹਲਕੇ ਵਿੱਚ ਤਿੰਨ ਪਿੰਡ ਚੁਣੇ ਗਏ ਹਨ, ਜਿੱਥੇ ਲੋਕ ਭਾਗੀਦਾਰੀ ਰਾਹੀਂ ਇਹ ਮੁਹਿੰਮ ਹੋਰ ਮਜ਼ਬੂਤ ਹੋਵੇਗੀ।