ਜਲੰਧਰ ’ਚ ਮੰਤਰੀ ਤਰੁਨਪ੍ਰੀਤ ਸਿੰਘ ਸੌਂਦ ਲਹਿਰਾਉਣਗੇ ਕੌਮੀ ਝੰਡਾ
ਡਿਪਟੀ ਕਮਿਸ਼ਨਰ ਨੇ ਜ਼ਿਲ੍ਹਾ ਪੱਧਰੀ ਸਮਾਰੋਹ ਦੀ ਰਿਹਰਸਲ ਦਾ ਲਿਆ ਜਾਇਜ਼ਾ
Advertisement
ਆਜ਼ਾਦੀ ਦਿਹਾੜੇ ਮੌਕੇ 15 ਅਗਸਤ ਨੂੰ ਸਥਾਨਕ ਗੁਰੂ ਗੋਬਿੰਦ ਸਿੰਘ ਸਟੇਡੀਅਮ ਵਿੱਚ ਜ਼ਿਲ੍ਹਾ ਪੱਧਰੀ ਸਮਾਰੋਹ ਕਰਵਾਇਆ ਜਾ ਰਿਹਾ ਹੈ, ਜਿਸ ਵਿੱਚ ਪੰਜਾਬ ਦੇ ਸੈਰ-ਸਪਾਟਾ ਅਤੇ ਸੱਭਿਆਚਾਰਕ ਮਾਮਲੇ, ਕਿਰਤ, ਪ੍ਰਾਹੁਣਚਾਰੀ, ਪੇਂਡੂ ਵਿਕਾਸ ਅਤੇ ਪੰਚਾਇਤਾਂ ਮੰਤਰੀ ਤਰੁਨਪ੍ਰੀਤ ਸਿੰਘ ਸੌਂਦ ਕੌਮੀ ਝੰਡਾ ਲਹਿਰਾਉਣ ਦੀ ਰਸਮ ਅਦਾ ਕਰਨਗੇ। ਡਿਪਟੀ ਕਮਿਸ਼ਨਰ ਡਾ. ਹਿਮਾਂਸ਼ੂ ਅਗਰਵਾਲ ਨੇ ਅੱਜ ਸਟੇਡੀਅਮ ਵਿੱਚ ਜ਼ਿਲ੍ਹਾ ਪੱਧਰੀ ਸਮਾਰੋਹ ਦੀ ਚੱਲ ਰਹੀ ਰਿਹਰਸਲ ਦਾ ਜਾਇਜ਼ਾ ਲਿਆ ਅਤੇ ਸਮਾਗਮ ਦੌਰਾਨ ਭਾਗ ਲੈਣ ਵਾਲੇ ਸਕੂਲਾਂ ਤੇ ਕਾਲਜਾਂ ਦੇ ਵਿਦਿਆਰਥੀਆਂ ਅਤੇ ਉਨ੍ਹਾਂ ਦੇ ਅਧਿਆਪਕਾਂ ਨੂੰ ਲੋੜੀਂਦੇ ਨਿਰਦੇਸ਼ ਦਿੱਤੇ।
ਡਾ. ਅਗਰਵਾਲ ਨੇ ਦੱਸਿਆ ਕਿ ਸਮਾਗਮ ਦੌਰਾਨ ਆਈ.ਟੀ.ਬੀ.ਪੀ., ਪੰਜਾਬ ਪੁਲੀਸ (ਪੁਰਸ਼ ਤੇ ਮਹਿਲਾ), ਪੀ.ਏ.ਪੀ., ਪੰਜਾਬ ਹੋਮਗਾਰਡਜ਼, ਐੱਨ.ਸੀ.ਸੀ. ਲੜਕੇ ਤੇ ਲੜਕੀਆਂ ਦੀਆਂ ਟੁਕੜੀਆਂ ਵੱਲੋਂ ਮਾਰਚ ਪਾਸਟ ਕੀਤਾ ਜਾਵੇਗਾ। ਵੱਖ-ਵੱਖ ਸਕੂਲਾਂ ਦੇ ਵਿਦਿਆਰਥੀ ਪੀ.ਟੀ. ਸ਼ੋਅ ਤੋਂ ਇਲਾਵਾ ਦੇਸ਼ ਭਗਤੀ ਦੀ ਭਾਵਨਾ ਨਾਲ ਭਰਪੂਰ ਸੱਭਿਆਚਾਰਕ ਵੰਨਗੀਆਂ ਦੀ ਪੇਸ਼ਕਾਰੀ ਦੇਣਗੇ। ਉਨ੍ਹਾਂ ਅੱਗੇ ਦੱਸਿਆ ਕਿ ਸਮਾਰੋਹ ਦੌਰਾਨ ਦੇਸ਼ ਦੇ ਆਜ਼ਾਦੀ ਸੰਗਰਾਮ ਵਿੱਚ ਯੋਗਦਾਨ ਪਾਉਣ ਵਾਲੇ ਆਜ਼ਾਦੀ ਘੁਲਾਟੀਆਂ ਦਾ ਸਨਮਾਨ ਕੀਤਾ ਜਾਵੇਗਾ। ਇਸ ਤੋਂ ਇਲਾਵਾ ਵੱਖ-ਵੱਖ ਖੇਤਰਾਂ ਵਿੱਚ ਨਾਮਣਾ ਖੱਟਣ ਵਾਲੀਆਂ ਸ਼ਖ਼ਸੀਅਤਾਂ ਅਤੇ ਵੱਖ-ਵੱਖ ਵਿਭਾਗਾਂ ਦੇ ਬਿਹਤਰੀਨ ਕਾਰਗੁਜ਼ਾਰੀ ਵਾਲੇ ਅਧਿਕਾਰੀਆਂ/ਕਰਮਚਾਰੀਆਂ ਨੂੰ ਵੀ ਸਨਮਾਨਿਤ ਕੀਤਾ ਜਾਵੇਗਾ। ਉਨ੍ਹਾਂ ਦੱਸਿਆ ਕਿ ਆਜ਼ਾਦੀ ਦਿਹਾੜੇ ਸਮਾਗਮ ਦੀ ਫੁੱਲ ਡਰੈੱਸ ਰਿਹਰਸਲ 13 ਅਗਸਤ ਨੂੰ ਹੋਵੇਗੀ।
Advertisement
Advertisement