ਮੰਤਰੀ ਵੱਲੋਂ ਪੇਚਸ਼ ਪ੍ਰਭਾਵਿਤ ਇਲਾਕੇ ਦਾ ਦੌਰਾ
ਪੰਜਾਬ ਦੇ ਬਾਗਬਾਨੀ, ਸੁਤੰਤਰਤਾ ਸੈਨਾਨੀ ਤੇ ਰੱਖਿਆ ਸੇਵਾਵਾਂ ਭਲਾਈ ਮੰਤਰੀ ਮੋਹਿੰਦਰ ਭਗਤ ਨੇ ਅੱਜ ਸ਼ਹਿਰ ਦੇ ਵਾਰਡ ਨੰਬਰ 60 ਵਿੱਚ ਨਿਊ ਗੌਤਮ ਨਗਰ ਦਾ ਦੌਰਾ ਕੀਤਾ ਜਿੱਥੇ ਪਿਛਲੇ ਦਿਨੀਂ ਪੇਚਸ਼ ਦੇ ਕੇਸ ਸਾਹਮਣੇ ਆਏ ਸਨ। ਕੈਬਨਿਟ ਮੰਤਰੀ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਪੀੜਤ ਪਰਿਵਾਰਾਂ ਨਾਲ ਚੱਟਾਨ ਵਾਂਗ ਖੜ੍ਹੀ ਹੈ ਅਤੇ ਪੀੜਤਾਂ ਨੂੰ ਇਲਾਜ ਸਮੇਤ ਹੋਰ ਲੋੜੀਂਦੀਆਂ ਸਹੂਲਤਾਂ ਪ੍ਰਦਾਨ ਕਰਨ ਵਿੱਚ ਕੋਈ ਕਸਰ ਬਾਕੀ ਨਹੀਂ ਛੱਡੀ ਜਾਵੇਗੀ।
ਭਗਤ ਨੇ ਕਿਹਾ ਕਿ ਪੇਚਸ਼ ਦੇ ਕੇਸ ਸਾਹਮਣੇ ਆਉਣ ’ਤੇ ਪ੍ਰਸ਼ਾਸਨ ਵੱਲੋਂ ਤੁਰੰਤ ਇਹਤਿਆਤੀ ਕਦਮ ਚੁੱਕਦਿਆਂ ਇਲਾਕੇ ਵਿੱਚ ਬਿਮਾਰੀ ਦੀ ਰੋਕਥਾਮ ਲਈ 24 ਘੰਟੇ ਨਿਗਰਾਨੀ ਦੇ ਨਾਲ-ਨਾਲ ਦਵਾਈਆਂ ਅਤੇ ਪੀਣ ਵਾਲਾ ਸਾਫ਼ ਪਾਣੀ ਉਪਲਬਧ ਕਰਵਾਇਆ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਲੋਕਾਂ ਨੂੰ ਫੌਰੀ ਸਿਹਤ ਸੇਵਾਵਾਂ ਮੁਹੱਈਆ ਕਰਵਾਉਣ ਲਈ ਪ੍ਰਭਾਵਿਤ ਇਲਾਕੇ ਵਿੱਚ ਵਿਸ਼ੇਸ਼ ਮੈਡੀਕਲ ਚੈੱਕਅਪ ਕੈਂਪ ਲਗਾਇਆ ਗਿਆ ਹੈ। ਇਸ ਤੋਂ ਇਲਾਵਾ ਸਿਹਤ ਟੀਮਾਂ ਵੱਲੋਂ ਘਰ-ਘਰ ਜਾ ਸਰਵੇਖਣ ਵੀ ਕੀਤਾ ਜਾ ਰਿਹਾ ਹੈ ਤਾਂ ਜੋ ਪੀੜਤ ਵਿਅਕਤੀਆਂ ਦੀ ਪਛਾਣ ਕਰ ਕੇ ਉਨ੍ਹਾਂ ਦਾ ਸਮੇਂ ਸਿਰ ਇਲਾਜ ਕੀਤਾ ਜਾ ਸਕੇ। ਇਸ ਦੌਰਾਨ ਕੈਬਨਿਟ ਮੰਤਰੀ ਨੇ ਉਸ ਸਥਾਨ ਦਾ ਜਾਇਜ਼ਾ ਵੀ ਲਿਆ ਜਿੱਥੋਂ ਦੂਸ਼ਿਤ ਪਾਣੀ ਦੀ ਸਪਲਾਈ ਕਾਰਨ ਇਹ ਦਿੱਕਤ ਪੈਦਾ ਹੋਈ। ਉਨ੍ਹਾਂ ਨਗਰ ਨਿਗਮ ਨੂੰ ਹਦਾਇਤ ਕਰਦਿਆਂ ਕਿਹਾ ਕਿ ਫਾਲਟ ਨੂੰ ਤੁਰੰਤ ਠੀਕ ਕੀਤਾ ਜਾਵੇ। ਉਨ੍ਹਾਂ ਕਿਹਾ ਕਿ ਕਰੀਬ 35 ਵਿਅਕਤੀ, ਜਿਨ੍ਹਾਂ ਨੂੰ ਇਲਾਜ ਲਈ ਸਿਵਲ ਹਸਪਤਾਲ ਵਿੱਚ ਦਾਖ਼ਲ ਕਰਵਾਇਆ ਗਿਆ ਸੀ, ਠੀਕ ਹੋ ਚੁੱਕੇ ਹਨ ਅਤੇ 10-15 ਮਰੀਜ਼ ਸਿਵਲ ਹਸਪਤਾਲ ਵਿੱਚ ਰੈਫ਼ਰ ਕੀਤੇ ਗਏ ਹਨ ਤਾਂ ਜੋ ਉਨ੍ਹਾਂ ਦਾ ਢੁੱਕਵਾਂ ਇਲਾਜ ਹੋ ਸਕੇ। ਇਸ ਮੌਕੇ ਐੱਸ.ਡੀ.ਐੱਮ. ਸ਼ਾਇਰੀ ਮਲਹੋਤਰਾ, ਜੁਆਇੰਟ ਕਮਿਸ਼ਨਰ ਨਗਰ ਨਿਗਮ ਮਨਦੀਪ ਕੌਰ, ਡਾ. ਰਮਨ ਗੁਪਤਾ, ਡਾ. ਰਾਕੇਸ਼ ਚੋਪੜਾ ਤੋਂ ਇਲਾਵਾ ਸਿਹਤ ਵਿਭਾਗ ਅਤੇ ਨਗਰ ਨਿਗਮ ਜਲੰਧਰ ਦੇ ਅਧਿਕਾਰੀ ਅਤੇ ਕੌਂਸਲਰ ਗੁਰਜੀਤ ਸਿੰਘ ਘੁੰਮਣ, ਰਮੇਸ਼ ਰਾਣਾ ਤੇ ਪਵਨ ਸ਼ਰਮਾ ਵੀ ਮੌਜੂਦ ਸਨ।