ਹਰਪ੍ਰੀਤ ਕੌਰ
ਹੁਸ਼ਿਆਰਪੁਰ,17 ਜੂਨ
ਪੰਜਾਬ ਸਟੇਟ ਮਨਿਸਟੀਰੀਅਲ ਸਰਵਿਸਜ਼ ਯੂਨੀਅਨ ਦੇ ਸੱਦੇ ’ਤੇ ਮਨਿਸਟੀਰੀਅਲ ਕਰਮਚਾਰੀਆਂ ਨੇ ਅੱਜ ਤੀਸਰੇ ਦਿਨ ਵੀ ਆਪਣੇ ਦਫ਼ਤਰਾਂ ਦੇ ਬਾਹਰ ਰੋਸ ਰੈਲੀਆਂ ਕੀਤੀਆਂ। ਹੁਸ਼ਿਆਰਪੁਰ ’ਚ ਡਿਪਟੀ ਕਮਿਸ਼ਨਰ ਦੇ ਦਫ਼ਤਰ ਬਾਹਰ ਜ਼ਿਲ੍ਹਾ ਪ੍ਰਧਾਨ ਅਨੀਰੁੱਧ ਮੌਦਗਿੱਲ ਦੀ ਪ੍ਰਧਾਨਗੀ ਹੇਠ ਰੈਲੀ ਕੀਤੀ ਗਈ ਜਿਸ ਵਿੱਚ ਜਨਰਲ ਸਕੱਤਰ ਜਸਵੀਰ ਸਿੰਘ ਧਾਮੀ, ਪ੍ਰਧਾਨ ਵਿਕਰਮ ਆਦੀਆ ਤੇ ਸਾਰੇ ਵਿਭਾਗਾਂ ਦੇ ਮਨਿਸਟੀਰੀਅਲ ਕਰਮਚਾਰੀਆਂ ਨੇ ਸ਼ਮੂਲੀਅਤ ਕੀਤੀ। ਰੈਲੀ ਦੌਰਾਨ ਬੋਲਦਿਆਂ ਅਗੂਆ ਨੇ ਸਰਕਾਰ ਦੇ ਮੁਲਾਜ਼ਮ ਮਾਰੂ ਫ਼ੈਸਲਿਆਂ ਦੀ ਨਿਖੇਧੀ ਕੀਤੀ। ਉਨ੍ਹਾਂ ਕਿਹਾ ਕਿ ਆਉਣ ਵਾਲੇ ਸਮੇਂ ਵਿੱਚ ਸੰਘਰਸ਼ ਨੂੰ ਹੋਰ ਤਿੱਖਾ ਕੀਤਾ ਜਾਵੇਗਾ। ਉਨ੍ਹਾਂ ਕਿਹਾ ਕਿ 18 ਜੂਨ ਨੂੰ ਸਵੇਰੇ 11 ਵਜੇ ਸਿੰਚਾਈ ਵਿਭਾਗ ਦੇ ਕੰਪਲੈਕਸ ਬਾਹਰ ਰੈਲੀ ਕੀਤੀ ਜਾਵੇਗੀ ਜਿਸ ਵਿੱਚ ਸਾਰੇ ਵਿਭਾਗਾਂ ਦੇ ਮਨਿਸਟੀਰੀਅਲ ਕਾਮੇ ਸ਼ਾਮਿਲ ਹੋਣਗੇ। ਨਗਰ ਨਿਗਮ ਦੇ ਕਰਮਚਾਰੀਆਂ ਵਲੋਂ ਮੰਗਾਂ ਨੂੰ ਲੈ ਕੇ ਦਿੱਤਾ ਜਾ ਰਿਹਾ ਧਰਨਾ ਅੱਜ 36ਵੇਂ ਦਿਨ ਵੀ ਜਾਰੀ ਰਿਹਾ। ਅੱਜ ਧਰਨੇ ਨੂੰ ਸੰਬੋਧਨ ਕਰਦਿਆਂ ਟਿਊਬਵੈੱਲ ਓਪਰੇਟਰ ਯੂਨੀਅਨ ਦੇ ਪ੍ਰਧਾਨ ਦਲੀਪ ਕੁਮਾਰ ਦੀਪੂ ਅਤੇ ਸਫ਼ਾਈ ਕਰਮਚਾਰੀ ਯੂਨੀਅਨ ਦੇ ਪ੍ਰਧਾਨ ਕਰਨਜੋਤ ਆਦੀਆ ਨੇ ਪੰਜਾਬ ਸਰਕਾਰ ਦੀਆਂ ਮੁਲਾਜ਼ਮ ਵਿਰੋਧੀ ਨੀਤੀਆਂ ਦਾ ਕੜਾ ਵਿਰੋਧ ਕੀਤਾ
ਸ਼ੋ੍ਮਣੀ ਅਕਾਲੀ ਦਲ ਵੱਲੋਂ ਸੰਘਰਸ਼ ਦੀ ਹਮਾਇਤ
ਹੁਸ਼ਿਆਰਪੁਰ(ਪੱਤਰ ਪ੍ਰੇਰਕ): ਸ਼ੋ੍ਮਣੀ ਅਕਾਲੀ ਦਲ ਦੇ ਅਹੁਦੇਦਾਰਾਂ ਦੀ ਇੱਕ ਮੀਟਿੰਗ ਪਾਰਟੀ ਦੇ ਦਫਤਰ ਵਿਖੇ ਸਫ਼ਾਈ ਕਰਮਚਾਰੀਆਂ ਦੇ ਹੱਕ ਵਿੱਚ ਹੋਈ ਜਿਸ ਦੀ ਪ੍ਰਧਾਨਗੀ ਜ਼ਿਲ੍ਹਾ ਸ਼ਹਿਰੀ ਪ੍ਰਧਾਨ ਜਤਿੰਦਰ ਸਿੰਘ ਲਾਲੀ ਬਾਜਵਾ ਨੇ ਕੀਤੀ। ਅਕਾਲੀ ਆਗੂ ਵਿਸ਼ਾਲ ਆਦੀਆ ਨੇ ਕਿਹਾ ਕਿ ਪੰਜਾਬ ਸਰਕਾਰ ਵਲੋਂ ਸਫਾਈ ਕਾਮਿਆਂ ਨੂੰ ਪੱਕਾ ਕਰਨ ਦਾ ਲਾਅਰਾ ਲਗਾਇਆ ਜਾ ਰਿਹਾ ਹੈ। ਲਗਾਤਾਰ 36 ਦਿਨਾਂ ਤੋਂ ਸਫਾਈ ਕਰਮਚਾਰੀਆਂ ਦੀ ਹੜਤਾਲ ਚੱਲ ਰਹੀ ਹੈ ਪਰ ਇਕ ਵਾਰ ਵੀ ਮੰਤਰੀਆਂ ਦਾ ਕੋਈ ਵੀ ਨੁਮਾਇੰਦਾ ਇਨ੍ਹਾਂ ਦੀ ਸਾਰ ਲੈਣ ਨਹੀਂ ਆਇਆ। ਮੀਟਿੰਗ ਨੂੰ ਜਤਿੰਦਰ ਸਿੰਘ ਬਾਜਵਾ ਨੇ ਦੱਸਿਆ ਕਿ ਪ੍ਰਕਾਸ਼ ਸਿੰਘ ਬਾਦਲ ਦੀ ਸਰਕਾਰ ਵੇਲੇ 10 ਹਜ਼ਾਰ ਤੋਂ ਜ਼ਿਆਦਾ ਸਫ਼ਾਈ ਕਰਮਚਾਰੀ ਪੂਰੇ ਪੰਜਾਬ ਵਿੱਚ ਪੱਕੇ ਕੀਤੇ ਗਏ।