ਮੰਤਰੀਆਂ ਨੇ ਹੜ੍ਹ ਪੀੜਤਾਂ ਨੂੰ ਮੁਆਵਜ਼ਾ ਵੰਡਿਆ
ਪੰਜਾਬ ਸਰਕਾਰ ਵੱਲੋਂ ਦਿਵਾਲੀ ਤੋਂ ਪਹਿਲਾਂ ਹੜ੍ਹ ਪ੍ਰਭਾਵਿਤ ਪਰਿਵਾਰਾਂ ਨੂੰ ਮੁਆਵਜ਼ਾ ਦੇਣ ਦੇ ਕੀਤੇ ਐਲਾਨ ਨੂੰ ਅਮਲੀ ਜਾਮਾ ਪਹਿਨਾਉਂਦਿਆਂ ਕੈਬਨਿਟ ਮੰਤਰੀ ਲਾਲ ਚੰਦ ਕਟਾਰੂਚੱਕ ਨੇ ਅੱਜ ਵਿਧਾਨ ਸਭਾ ਹਲਕਾ ਭੋਆ ਦੇ 130 ਪਰਿਵਾਰਾਂ ਨੂੰ 31 ਲੱਖ ਰੁਪਏ ਦੀ ਮੁਆਵਜ਼ਾ ਰਕਮ ਵੰਡੀ। ਇਹ ਸਮਾਗਮ ਕਾਸ਼ੀ ਬਾੜਵਾਂ ਵਿੱਚ ਹੋਇਆ ਅਤੇ ਇਸ ਵਿੱਚ ਡਿਪਟੀ ਕਮਿਸ਼ਨਰ ਆਦਿੱਤਿਆ ਉੱਪਲ, ਐੱਸ ਡੀ ਐੱਮ ਰਾਕੇਸ਼ ਮੀਨਾ, ਸੂੁਬੇਦਾਰ ਕੁਲਵੰਤ ਸਿੰਘ ਅਤੇ ਹੋਰ ਅਧਿਕਾਰੀ ਹਾਜ਼ਰ ਸਨ।
ਸ੍ਰੀ ਕਟਾਰੂਚੱਕ ਨੇ ਕਿਹਾ ਕਿ ਇਹ ਪਹਿਲੀ ਸਰਕਾਰ ਹੈ ਜਿਸ ਨੇ ਬਹੁਤ ਹੀ ਘੱਟ ਸਮੇਂ ਅੰਦਰ ਗਿਰਦਾਵਰੀਆਂ ਕਰਵਾ ਕੇ ਲੋਕਾਂ ਨੂੰ ਮੁਆਵਜ਼ਾ ਦਿੱਤਾ ਹੈ। ਉਨ੍ਹਾਂ ਕਿਹਾ ਕਿ ਪਹਿਲੀਆਂ ਸਰਕਾਰਾਂ ਸਮੇਂ ਅਜਿਹਾ ਮੁਆਵਜ਼ਾ ਦੇਣ ਦਾ ਦਿਖਾਵਾ ਕੀਤਾ ਜਾਂਦਾ ਸੀ ਕਿਉਂਕਿ ਪੀੜਤਾਂ ਨੂੰ ਮਾਮੂਲੀ ਰਕਮ ਦਿੱਤੀ ਜਾਂਦੀ ਸੀ ਅਤੇ ਉਹ ਸਰਕਾਰਾਂ ਪੀੜਤ ਪਰਿਵਾਰਾਂ ਦੇ ਜ਼ਖ਼ਮਾਂ ’ਤੇ ਲੂਣ ਛਿੜਕਦੀਆਂ ਸਨ। ਉਨ੍ਹਾਂ ਕੇਂਦਰ ਸਰਕਾਰ ਤੇ ਨਿਸ਼ਾਨਾ ਸੇਧਿਤ ਕਰਦੇ ਹੋਏ ਕਿਹਾ ਕੇਂਦਰ ਨੇ ਗ਼ੈਰ-ਕਾਨੂੰਨੀ ਤੌਰ ’ਤੇ ਪੰਜਾਬ ਦੇ ਆਰ ਡੀ ਐੱਫ ਅਤੇ ਹੋਰ ਫੰਡ ਰੋਕ ਰੱਖੇ ਹਨ। ਉਨ੍ਹਾਂ ਇਹ ਵੀ ਕਿਹਾ ਕਿ ਉਹ ਹੜ੍ਹਾਂ ਦੌਰਾਨ ਹੜ੍ਹ ਪੀੜਤਾਂ ਲਈ ਦਿਨ-ਰਾਤ ਕੰਮ ਕਰਦੇ ਰਹੇ, ਜਦ ਕਿ ਕੇਂਦਰੀ ਮੰਤਰੀ ਸਿਰਫ਼ ਫੋਟੋਆਂ ਖਿਚਵਾ ਕੇ ਜਾਂਦੇ ਰਹੇ।
ਕਪੂਰਥਲਾ (ਜਸਬੀਰ ਸਿੰਘ ਚਾਨਾ): ਪੰਜਾਬ ਦੇ ਕੈਬਨਿਟ ਮੰਤਰੀ ਲਾਲਜੀਤ ਸਿੰਘ ਭੁੱਲਰ ਨੇ ਅੱਜ ਸੁਲਤਾਨਪੁਰ ਲੋਧੀ ਦੇ ਪਿੰਡ ਕਿਸ਼ਨ ਸਿੰਘ ਵਾਲਾ ’ਚ ਹੜ੍ਹ ਪੀੜਤਾਂ ਨੂੰ ਮੁਆਵਜ਼ਾ ਵੰਡਣ ਦੀ ਰਸਮੀ ਸ਼ੁਰੂਆਤ ਕੀਤੀ। ਇਸ ਮੌਕੇ ਉਨ੍ਹਾਂ ਨੇ ਕਿਸ਼ਨ ਸਿੰਘ ਵਾਲਾ, ਚੱਕ ਪੱਤੀ ਬਾਲੂ ਬਹਾਦਰ ਤੇ ਹੁਸੈਨਪੁਰ ਬੂਲੇ ਪਿੰਡਾਂ ਦੇ ਲਗਪਗ 25 ਕਿਸਾਨਾਂ ਨੂੰ ਫ਼ਸਲਾਂ ਤੇ ਘਰਾਂ ਦੇ ਨੁਕਸਾਨ ਲਈ ਮੁਆਵਜ਼ੇ ਦੇ ਮਨਜ਼ੂਰੀ ਪੱਤਰ ਸੌਂਪੇ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਵੱਲੋਂ ਕੀਤੇ ਵਾਅਦੇ ਅਨੁਸਾਰ ਦੀਵਾਲੀ ਤੋਂ ਪਹਿਲਾਂ ਮੁਆਵਜ਼ਾ ਜਾਰੀ ਕੀਤਾ ਗਿਆ ਹੈ। ਉਨ੍ਹਾਂ ਦੱਸਿਆ ਕਿ ਪੰਜਾਬ ਸਰਕਾਰ ਦੇਸ਼ ਦੀ ਪਹਿਲੀ ਸਰਕਾਰ ਹੈ ਜਿਸ ਨੇ ਬਰਬਾਦ ਫ਼ਸਲ ਲਈ ਪ੍ਰਤੀ ਏਕੜ 20 ਹਜ਼ਾਰ ਰੁਪਏ ਤੱਕ ਮੁਆਵਜ਼ਾ ਦਿੱਤਾ ਹੈ।
ਟਾਂਡਾ (ਸੁਰਿੰਦਰ ਸਿੰਘ ਗੁਰਾਇਆ): ਕੈਬਨਿਟ ਮੰਤਰੀ ਡਾ. ਰਵਜੋਤ ਸਿੰਘ ਨੇ ਹੁਸ਼ਿਆਰਪੁਰ ਜ਼ਿਲ੍ਹੇ ’ਚ ਹੜ੍ਹਾਂ ਤੋਂ ਪੀੜਤ ਪਰਿਵਾਰਾਂ ਨੂੰ ਰਾਹਤ ਰਕਮ ਦੀ ਵੰਡ ਕਰਦਿਆਂ ਅੱਜ ਨਗਰ ਕੌਂਸਲ ਦਫ਼ਤਰ ’ਚ ਹੋਏ ਸਮਾਗਮ ਦੌਰਾਨ ਪਹਿਲੀ ਕਿਸ਼ਤ ਦੇ ਪ੍ਰਵਾਨਗੀ ਪੱਤਰ ਵੰਡੇ। ਇਸ ਮੌਕੇ ਟਾਂਡਾ ਦੇ ਵਿਧਾਇਕ ਜਸਵੀਰ ਸਿੰਘ ਰਾਜਾ ਗਿੱਲ ਅਤੇ ਡਿਪਟੀ ਕਮਿਸ਼ਨਰ ਆਸ਼ਿਕਾ ਜੈਨ ਵੀ ਮੌਜੂਦ ਸਨ। ਇਸ ਦੌਰਾਨ 60 ਲਾਭਪਾਤਰੀਆਂ ਨੂੰ 24,27,250 ਰੁਪਏ ਦੇ ਪ੍ਰਵਾਨਗੀ ਪੱਤਰ ਸੌਂਪੇ ਗਏ। ਡਾ. ਰਵਜੋਤ ਸਿੰਘ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਸਰਕਾਰ ਨੇ ਦੀਵਾਲੀ ਤੋਂ ਪਹਿਲਾਂ ਹੜ੍ਹ ਪੀੜਤਾਂ ਨੂੰ ਰਾਹਤ ਫੰਡ ਮੁਹੱਈਆ ਕਰਵਾਉਣ ਦੇ ਆਪਣੇ ਵਾਅਦੇ ਨੂੰ ਸਿਰਫ਼ 30 ਦਿਨਾਂ ਵਿੱਚ ਪੂਰਾ ਕੀਤਾ ਹੈ। ਇਸ ਮੌਕੇ ਵਿਧਾਇਕ ਜਸਵੀਰ ਸਿੰਘ ਰਾਜਾ ਗਿੱਲ ਨੇ ਕਿਹਾ ਕਿ ਪੰਜਾਬ ਸਰਕਾਰ ਨੇ ਸਾਬਤ ਕਰ ਦਿੱਤਾ ਹੈ ਕਿ ਉਹ ਨਾ ਸਿਰਫ਼ ਵਾਅਦੇ ਕਰਦੀ ਹੈ ਸਗੋਂ ਉਨ੍ਹਾਂ ਨੂੰ ਸਮੇਂ ਸਿਰ ਪੂਰਾ ਵੀ ਕਰਦੀ ਹੈ। ਇਸ ਮੌਕੇ ਚੇਅਰਮੈਨ ਨਗਰ ਸੁਧਾਰ ਟਰੱਸਟ ਗੁਰਵਿੰਦਰ ਸਿੰਘ ਪਾਬਲਾ, ਚੇਅਰਮੈਨ ਮਾਰਕੀਟ ਕਮੇਟੀ ਚੌਧਰੀ ਰਾਜਵਿੰਦਰ ਸਿੰਘ ਰਾਜਾ ਆਦਿ ਵੀ ਮੌਜੂਦ ਸਨ।
ਸ਼ਾਹਕੋਟ (ਗੁਰਮੀਤ ਸਿੰਘ ਖੋਸਲਾ): ਕੈਬਨਿਟ ਮੰਤਰੀ ਮਹਿੰਦਰ ਭਗਤ ਨੇ ਅੱਜ ਇੱਥੇ ਸਰਕਾਰੀ ਕਾਲਜ ਵਿੱਚ ਹੜ੍ਹ ਪੀੜਤਾਂ ਨੂੰ ਮੁਆਵਜ਼ੇ ਦੀ ਵੰਡ ਦੀ ਸ਼ੁਰੂਆਤ ਕਰਦਿਆਂ 47 ਪੀੜਤਾਂ ਨੂੰ ਮਨਜ਼ੂਰੀ ਪੱਤਰ ਸੌਂਪੇ। ਇਸ ਮੌਕੇ ਡੀ ਸੀ ਜਲੰਧਰ ਹਿਮਾਂਸ਼ੂ ਅਗਰਵਾਲ, ਐੱਸ ਡੀ ਐੱਮ ਸ਼ਾਹਕੋਟ ਸ਼ੁਭੀ ਆਂਗਰਾ, ‘ਆਪ’ ਦੇ ਹਲਕਾ ਇੰਚਾਰਜ ਪਿੰਦਰ ਪੰਡੋਰੀ, ਮਾਰਕੀਟ ਕਮੇਟੀ ਸ਼ਾਹਕੋਟ ਦੇ ਚੇਅਰਮੈਨ ਬਲਵੀਰ ਸਿੰਘ ਢੰਡੋਵਾਲ, ਬਲਾਕ ਪ੍ਰਧਾਨ ਪਰਵੀਨ ਗਰੋਵਰ, ਸ਼ਵਿੰਦਰ ਸੋਨੂੰ ਆਦਿ ਹਾਜ਼ਰ ਸਨ। ਮੰਤਰੀ ਭਗਤ ਨੇ ਕਿਹਾ ਕਿ ਕਿਸਾਨ ਪੰਜਾਬ ਦੀ ਰੀੜ੍ਹ ਦੀ ਹੱਡੀ ਹਨ। ਉਨ੍ਹਾਂ ਕਿਹਾ ਕਿ ਪੰਜਾਬੀ ਮੁਸੀਬਤਾਂ ਸਮੇਂ ਇਕ-ਦੂਜੇ ਦਾ ਸਹਾਰਾ ਬਣਦੇ ਆਏ ਹਨ ਅਤੇ ਇਸ ਵਾਰ ਵੀ ਬਣੇ ਹਨ। ਉਨ੍ਹਾਂ ਕਿਹਾ ਕਿ ਜ਼ਿਲ੍ਹਾ ਜਲੰਧਰ ਵਿੱਚ 12 ਹਜ਼ਾਰ ਏਕੜ ਫ਼ਸਲਾਂ ਤਬਾਹ ਹੋਈਆਂ ਹਨ। ਪੰਜਾਬ ਸਰਕਾਰ ਵੱਲੋਂ ਜ਼ਿਲ੍ਹੇ ਅੰਦਰ ਕਰੀਬ 13 ਕਰੋੜ ਦੀ ਸਹਾਇਤਾ ਰਕਮ ਪੀੜਤਾਂ ਨੂੰ ਵੰਡੀ ਜਾਣੀ ਹੈ। ਹੜ੍ਹਾਂ ਅਤੇ ਮੀਂਹ ਨਾਲ ਢਹਿ ਗਏ ਮਕਾਨਾਂ ਲਈ ਇਕ ਲੱਖ ਵੀਹ ਹਜ਼ਾਰ ਰੁਪਏ ਅਤੇ ਨੁਕਸਾਨੇ ਘਰਾਂ ਦੀ ਮੁਰੰਮਤ ਲਈ 40 ਹਜ਼ਾਰ ਰੁਪਏ ਸਹਾਇਤਾ ਰਕਮ ਦਿੱਤੀ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਪੀੜਤਾਂ ਨੂੰ ਮੁਆਵਜ਼ਾ ਰਾਸੀ ਦੇਣ ਦੀ ਸ਼ੁਰੂਆਤ ਅੱਜ ਸ਼ਾਹਕੋਟ ਤੋਂ ਕੀਤੀ ਗਈ ਹੈ।
ਸੂਬੇ ਅੰਦਰ ਦਰਿਆਵਾਂ ਦੀ ਸਫ਼ਾਈ ਜਲਦੀ ਕਰਾਵਾਂਗੇ: ਗੋਇਲ
ਅਜਨਾਲਾ (ਸੁਖਦੇਵ ਸਿੰਘ): ਕੈਬਨਿਟ ਮੰਤਰੀ ਬਰਿੰਦਰ ਕੁਮਾਰ ਗੋਇਲ ਨੇ ਕਿਹਾ ਕਿ ਪੰਜਾਬ ਸਰਕਾਰ ਨੇ ਸੂਬੇ ਦੇ ਦਰਿਆਵਾਂ ਵਿੱਚ 85 ਥਾਵਾਂ ਦੀ ਨਿਸ਼ਾਨਦੇਹੀ ਕਰ ਕੇ ਡੀਸਿਟਲਿੰਗ ਨੂੰ ਮਨਜ਼ੂਰੀ ਦੇ ਦਿੱਤੀ ਹੈ। ਮੰਤਰੀ ਨੇ ਅੱਜ ਐੱਸ ਡੀ ਐੱਮ ਦਫ਼ਤਰ ਅਜਨਾਲਾ ਵਿੱਚ ਹਲਕੇ ਦੇ ਹੜ੍ਹ ਪੀੜਤ 28 ਪਰਿਵਾਰਾਂ ਨੂੰ 24 ਲੱਖ ਰੁਪਏ ਦੀ ਮੁਆਵਜ਼ਾ ਰਕਮ ਅਤੇ ਰਾਜਾਸਾਂਸੀ ਹਲਕੇ ਦੇ 23 ਪਰਿਵਾਰਾਂ ਨੂੰ 18.41 ਲੱਖ ਰੁਪਏ ਰਕਮ ਵੰਡੀ। ਉਨ੍ਹਾਂ ਕਿਹਾ ਕਿ ਇਤਿਹਾਸ ਦੀ ਇਹ ਪਹਿਲੀ ਸਰਕਾਰ ਹੈ ਜਿਸ ਨੇ ਘੱਟ ਸਮੇਂ ਅੰਦਰ ਹੀ ਕਿਸਾਨਾਂ ਨੂੰ ਮੁਆਵਜ਼ਾ ਰਕਮ ਵੰਡਣ ਦਾ ਕੰਮ ਸ਼ੁਰੂ ਕੀਤਾ ਹੈ। ਉਨ੍ਹਾਂ ਕੇਂਦਰ ਸਰਕਾਰ ਨੇ ਹਮੇਸ਼ਾਂ ਪੰਜਾਬ ਨਾਲ ਵਿਤਕਰਾ ਕੀਤਾ ਹੈ। ਹੁਣ ਕੇਂਦਰ ਨੇ ਪੰਜਾਬ ਨੂੰ 1600 ਕਰੋੜ ਰੁਪਏ ਦੇਣ ਦਾ ਐਲਾਨ ਕੀਤਾ ਸੀ ਤੇ ਪਰ ਇਹ ਰਕਮ ਅਜੇ ਤਕ ਸੂਬੇ ਨੂੰ ਦਿੱਤੀ ਨਹੀਂ। ਇਸ ਮੌਕੇ ਵਿਧਾਇਕ ਕੁਲਦੀਪ ਸਿੰਘ ਧਾਲੀਵਾਲ ਨੇ ਕਿਹਾ ਕਿ ਕੇਂਦਰ ਕੇਵਲ 6800 ਰੁਪਏ ਪ੍ਰਤੀ ਏਕੜ ਦੇ ਹਿਸਾਬ ਨਾਲ ਮੁਆਵਜ਼ਾ ਦੇਣ ਦੀ ਗੱਲ ਕਰਦਾ ਹੈ ਪਰ ‘ਆਪ’ ਸਰਕਾਰ ਨੇ ਪੀੜਤ ਪਰਿਵਾਰਾਂ ਨੂੰ 20 ਹਜ਼ਾਰ ਪ੍ਰਤੀ ਏਕੜ ਮੁਆਵਜ਼ਾ ਦੇਵੇਗੀ।
ਈ ਟੀ ਓ ਵੱਲੋਂ ਮਾਲ ਵਿਭਾਗ ਤੇ ਜ਼ਿਲ੍ਹਾ ਪ੍ਰਸ਼ਾਸਨ ਦਾ ਧੰਨਵਾਦ
ਡੇਰਾ ਬਾਬਾ ਨਾਨਕ (ਦਲਬੀਰ ਸੱਖੋਵਾਲੀਆ): ਕੈਬਨਿਟ ਮੰਤਰੀ ਹਰਭਜਨ ਸਿੰਘ ਈ ਟੀ ਓ ਨੇ ਡੇਰਾ ਬਾਬਾ ਨਾਨਕ ਦੇ ਪਿੰਡ ਕੋਠੇ ’ਚ 46 ਹੜ੍ਹ ਪੀੜਤਾਂ ਨੂੰ ਕਰੀਬ 12 ਲੱਖ ਰੁਪਏ ਦੇ ਚੈੱਕ (ਮਨਜ਼ੂਰੀ ਪੱਤਰ) ਵੰਡੇ। ਇਸ ਮੌਕੇ ਡੇਰਾ ਬਾਬਾ ਨਾਨਕ ਦੇ ਵਿਧਾਇਕ ਗੁਰਦੀਪ ਸਿੰਘ ਰੰਧਾਵਾ, ਡੀ ਸੀ ਦਲਵਿੰਦਰਜੀਤ ਸਿੰਘ, ਤਹਿਸੀਲਦਾਰ ਲਛਮਣ ਸਿੰਘ ਸਣੇ ਹੋਰ ਹਾਜ਼ਰ ਸਨ। ਸ੍ਰੀ ਈ ਟੀ ਓ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ 11 ਸਤੰਬਰ ਨੂੰ ਐਲਾਨ ਕੀਤਾ ਗਿਆ ਸੀ ਕਿ ਵਿਸ਼ੇਸ਼ ਗਿਰਦਾਵਰੀ ਕਰਵਾਉਣ ਮਗਰੋਂ 45 ਦਿਨਾਂ ਦੇ ਅੰਦਰ-ਅੰਦਰ ਮੁਆਵਜ਼ਾ ਵੰਡਣਾ ਸ਼ੁਰੂ ਕਰ ਦਿੱਤਾ ਜਾਵੇਗਾ ਪਰ ਸੂਬਾ ਸਰਕਾਰ ਨੇ ਦੀਵਾਲੀ ਤੋਂ ਪਹਿਲਾਂ ਹੀ ਮੁਆਵਜ਼ਾ ਵੰਡਣ ਦੀ ਸ਼ੁਰੂਆਤ ਕਰ ਦਿੱਤੀ ਹੈ। ਉਨ੍ਹਾਂ ਇਸ ਕੰਮ ਲਈ ਮਿਹਨਤ ਕਰਨ ਵਾਲੇ ਮਾਲ ਵਿਭਾਗ ਦੇ ਅਧਿਕਾਰੀਆਂ ਅਤੇ ਜ਼ਿਲ੍ਹਾ ਪ੍ਰਸ਼ਾਸਨ ਦਾ ਧੰਨਵਾਦ ਕੀਤਾ। ਕੈਬਨਿਟ ਮੰਤਰੀ ਨੇ ਕਿਹਾ ਕਿ ਪਹਿਲੀ ਵਾਰ ਪੰਜਾਬ ਸਰਕਾਰ ਆਪਣੇ ਹਿੱਸੇ ਦੀ ਰਕਮ ਵਿੱਚ ਵਾਧਾ ਕਰ ਕੇ ਪ੍ਰਤੀ ਏਕੜ 20 ਹਜ਼ਾਰ ਰੁਪਏ ਮੁਆਵਜ਼ਾ ਦੇ ਰਹੀ ਹੈ, ਜੋ ਦੇਸ਼ ਭਰ ਵਿੱਚ ਸਭ ਤੋਂ ਵੱਧ ਹੈ।