ਪੱਤਰ ਪ੍ਰੇਰਕ
ਹੁਸ਼ਿਆਰਪੁਰ, 27 ਜੁਲਾਈ
ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ (ਐੱਸ.ਜੀ.ਪੀ.ਸੀ) ਦੇ ਕਥਿਤ ਮਾੜੇ ਪ੍ਰਬੰਧਾਂ ਅਤੇ ਗੁਰੂ ਗ੍ਰੰਥ ਸਾਹਿਬ ਦੇ ਲਾਪਤਾ ਹੋਏ 328 ਪਾਵਨ ਸਰੂਪਾਂ ਲਈ ਜ਼ਿੰਮੇਵਾਰ ਵਿਅਕਤੀਆਂ ਖ਼ਿਲਾਫ਼ ਕਾਰਵਾਈ ਦੀ ਮੰਗ ਨੂੰ ਲੈ ਕੇ ਸਿੱਖ ਸਦਭਾਵਨਾ ਦਲ ਦੀ ਜ਼ਿਲ੍ਹਾ ਕਮੇਟੀ ਦੇ ਵਫ਼ਦ ਨੇ ਅੱਜ ਡਿਪਟੀ ਕਮਿਸ਼ਨਰ ਯਾਦ ਪੱਤਰ ਦਿੱਤਾ। ਦਲ ਦੇ ਜ਼ਿਲ੍ਹਾ ਮੁੱਖ ਸੇਵਾਦਾਰ ਭਾਈ ਗੁਰਵਤਨ ਸਿੰਘ ਨੇ ਕਿਹਾ ਕਿ ਇਸ ਮਸਲੇ ’ਤੇ ਇਨਸਾਫ਼ ਲੈਣ ਲਈ ਸਿੱਖ ਸਦਭਾਵਨਾ ਦਲ ਵਲੋਂ ਭਾਈ ਬਲਦੇਵ ਸਿੰਘ ਵਡਾਲਾ ਦੀ ਅਗਵਾਈ ਹੇਠ ਪਿਛਲੇ 21 ਮਹੀਨਿਆਂ ਤੋਂ ਅੰਮ੍ਰਿਤਸਰ ਵਿਖੇ ਪੰਥਕ ਹੋਕਾ ਮੋਰਚਾ ਲਾਇਆ ਹੋਇਆ ਹੈ ਪਰ ਸਰਕਾਰ ਵਲੋਂ ਅੱਜ ਤੱਕ ਕੋਈ ਕਾਰਵਾਈ ਨਹੀਂ ਕੀਤੀ ਗਈ। ਦਲ ਦੇ ਸੀਨੀਅਰ ਆਗੂ ਭਾਈ ਹਰਿੰਦਰਪਾਲ ਸਿੰਘ ਅਤੇ ਸਤਪਾਲ ਸਿੰਘ ਡਡਿਆਣਾ ਨੇ ਕਿਹਾ ਕਿ ਸ਼੍ਰੋਮਣੀ ਕਮੇਟੀ ਸਿਆਸੀ ਦਬਾਅ ਜਾਂ ਸਵਾਰਥ ਕਾਰਨ ਦੋਸ਼ੀਆਂ ਖਿਲਾਫ਼ ਕਾਰਵਾਈ ਨਹੀਂ ਕਰ ਰਹੀ। ਡਿਪਟੀ ਕਮਿਸ਼ਨਰ ਨੇ ਵਫ਼ਦ ਦੀਆਂ ਮੰਗਾਂ ਨੂੰ ਸਰਕਾਰ ਤੱਕ ਪਹੁੰਚਾਉਣ ਦਾ ਭਰੋਸਾ ਦਿੱਤਾ। ਵਫ਼ਦ ਵਿਚ ਦਲ ਦੇ ਬਾਬਾ ਮਲਕੀਤ ਸਿੰਘ ਸਤਨੌਰ, ਪਰਮਜੀਤ ਸਿੰਘ ਮੇਘੋਵਾਲ, ਮਹਾਂ ਸਿੰਘ ਖਾਲਸਾ ਆਦਿ ਸ਼ਾਮਲ ਸਨ।