ਮਿਸ਼ਨ ਕਲੀਨ ਪੰਜਾਬ: ਵਿਸ਼ੇਸ਼ ਸਫ਼ਾਈ ਮੁਹਿੰਮ ਦੀ ਸ਼ੁਰੂਆਤ
ਮੰਤਰੀਆਂ ਨੇ ਸਫ਼ਾਈ ਕੀਤੀ; ਲੋਕਾਂ ਨੂੰ ਮੁਹਿੰਮ ਨਾਲ ਜੁਡ਼ਨ ਦੀ ਅਪੀਲ
ਪੰਜਾਬ ਸਰਕਾਰ ਵੱਲੋਂ ਸੂਬੇ ਨੂੰ ਸਾਫ਼-ਸੁਥਰਾ, ਹਰਿਆ-ਭਰਿਆ ਅਤੇ ਵਾਤਾਵਰਨ ਪੱਖੋਂ ਬਿਹਤਰ ਬਣਾਉਣ ਦੇ ਉਦੇਸ਼ ਨਾਲ 10 ਦਿਨਾ ਸੂਬਾ ਪੱਧਰੀ ‘ਮਿਸ਼ਨ ਕਲੀਨ ਪੰਜਾਬ’ ਤਹਿਤ ਵਿਸ਼ੇਸ਼ ਸਫ਼ਾਈ ਮੁਹਿੰਮ ਦੀ ਸ਼ੁਰੂਆਤ ਕਰ ਦਿੱਤੀ ਗਈ ਹੈ। ਇਸ ਮੁਹਿੰਮ ਦਾ ਮੁੱਖ ਮਕਸਦ ਖੁੱਲ੍ਹੇ ਵਿੱਚ ਕੂੜੇ ਦੇ ਢੇਰਾਂ ਵਾਲੀਆਂ ਥਾਵਾਂ ਨੂੰ ਖ਼ਤਮ ਕਰਨਾ ਅਤੇ ਲੋਕਾਂ ਵਿੱਚ ਸਫ਼ਾਈ ਪ੍ਰਤੀ ਜਾਗਰੂਕਤਾ ਪੈਦਾ ਕਰਨਾ ਹੈ। ਲੋਕ ਨਿਰਮਾਣ ਮੰਤਰੀ ਹਰਭਜਨ ਸਿੰਘ ਈ ਟੀ ਓ ਦੀ ਅਗਵਾਈ ਹੇਠ ਜੰਡਿਆਲਾ ਗੁਰੂ ਵਿੱਚ ਇਹ ਮੁਹਿੰਮ 29 ਅਗਸਤ ਤੋਂ 9 ਸਤੰਬਰ ਤੱਕ ਨਿਰੰਤਰ ਜਾਰੀ ਰਹੇਗੀ। ਮੰਤਰੀ ਈ ਟੀ ਓ ਨੇ ਖ਼ੁਦ ਬਾਜ਼ਾਰਾਂ ਵਿੱਚ ਸਫ਼ਾਈ ਕਰਦਿਆਂ ਕਿਹਾ ਕਿ ਸਾਫ਼ ਵਾਤਾਵਰਨ ਸਿਹਤਮੰਦ ਸਮਾਜ ਦੀ ਨੀਂਹ ਹੈ। ਉਨ੍ਹਾਂ ਸ਼ਹਿਰ ਵਾਸੀਆਂ ਨੂੰ ਅਪੀਲ ਕੀਤੀ ਕਿ ਉਹ ਕੂੜਾ ਇੱਧਰ-ਉੱਧਰ ਨਾ ਸੁੱਟਣ ਅਤੇ ਆਪਣੇ ਆਲੇ-ਦੁਆਲੇ ਨੂੰ ਸਾਫ਼ ਰੱਖਣ ਵਿੱਚ ਪ੍ਰਸ਼ਾਸਨ ਦਾ ਸਹਿਯੋਗ ਕਰਨ।
ਉੱਥੇ ਹੀ, ਜਲੰਧਰ ਦੇ ਭਗਵਾਨ ਮਹਾਵੀਰ ਮਾਰਗ ਵਿੱਚ ਬਾਗ਼ਬਾਨੀ ਅਤੇ ਰੱਖਿਆ ਸੇਵਾਵਾਂ ਭਲਾਈ ਮੰਤਰੀ ਮੋਹਿੰਦਰ ਭਗਤ, ਮੇਅਰ ਵਿਨੀਤ ਧੀਰ ਅਤੇ ਡਿਪਟੀ ਕਮਿਸ਼ਨਰ ਵਰਜੀਤ ਵਾਲੀਆ ਨੇ ਸੜਕ ’ਤੇ ਖ਼ੁਦ ਝਾੜੂ ਲਗਾ ਕੇ ਇਸ 29 ਅਗਸਤ ਤੋਂ 8 ਸਤੰਬਰ ਤੱਕ ਚੱਲਣ ਵਾਲੀ ਮੁਹਿੰਮ ਦਾ ਆਗਾਜ਼ ਕੀਤਾ। ਕੈਬਨਿਟ ਮੰਤਰੀ ਮੋਹਿੰਦਰ ਭਗਤ ਨੇ ਕਿਹਾ ਕਿ ਸਫ਼ਾਈ ਸਾਡੀ ਸਭ ਦੀ ਸਾਂਝੀ ਜ਼ਿੰਮੇਵਾਰੀ ਹੈ। ਮੇਅਰ ਵਿਨੀਤ ਧੀਰ ਨੇ ਨਾਗਰਿਕਾਂ ਨੂੰ ਅਪੀਲ ਕੀਤੀ ਕਿ ਉਹ ਪੰਜਾਬ ਸਰਕਾਰ ਦੀ ‘ਐਮ-ਸੇਵਾ’ ਐਪ ਉੱਤੇ ਆਪਣੇ ਇਲਾਕੇ ਦੇ ਕੂੜੇ ਦੇ ਢੇਰਾਂ ਦੀਆਂ ਫੋਟੋਆਂ ਅਪਲੋਡ ਕਰ ਕੇ ਇਸ ਮੁਹਿੰਮ ਵਿੱਚ ਯੋਗਦਾਨ ਪਾਉਣ। ਇਸ ਦੇ ਨਾਲ ਹੀ ਡਿਪਟੀ ਕਮਿਸ਼ਨਰ ਨੇ ਲੋਕਾਂ ਨੂੰ ਘਰਾਂ ਵਿੱਚ ਹੀ ਗਿੱਲਾ ਅਤੇ ਸੁੱਕਾ ਕੂੜਾ ਵੱਖ-ਵੱਖ ਕਰਨ ਦੀ ਸਲਾਹ ਦਿੱਤੀ ਤਾਂ ਜੋ ਕੂੜੇ ਦਾ ਅਸਰਦਾਰ ਢੰਗ ਨਾਲ ਨਿਪਟਾਰਾ ਕੀਤਾ ਜਾ ਸਕੇ।
ਅੰਮ੍ਰਿਤਸਰ (ਜਸਬੀਰ ਸਿੰਘ ਸੱਗੂ): ਅੰਮ੍ਰਿਤਸਰ ਵਿੱਚ ਅੱਜ ‘ਕਲੀਨ ਪੰਜਾਬ ਮੁਹਿੰਮ’ ਦੀ ਸ਼ੁਰੂਆਤ ਕੀਤੀ ਗਈ। ਇਸ ਜ਼ਿਲ੍ਹੇ ਵਿੱਚ ਇਹ ਮੁਹਿੰਮ ਸਾਰੇ ਪੰਜ ਵਿਧਾਨ ਸਭਾ ਹਲਕਿਆਂ ਵਿੱਚ ਸਬੰਧਤ ਵਿਧਾਇਕਾਂ, ਚੁਣੇ ਹੋਏ ਨੁਮਾਇੰਦਿਆਂ ਅਤੇ ਨਗਰ ਨਿਗਮ ਅੰਮ੍ਰਿਤਸਰ ਦੇ ਅਧਿਕਾਰੀਆਂ ਦੀ ਸਰਗਰਮ ਭਾਗੀਦਾਰੀ ਨਾਲ ਸ਼ੁਰੂ ਕੀਤੀ ਗਈ। ਪੱਛਮੀ ਹਲਕੇ ਤੋਂ ਵਿਧਾਇਕ ਡਾ. ਜਸਬੀਰ ਸਿੰਘ ਸੰਧੂ ਜ਼ਿੰਮੇਵਾਰ ਕੂੜਾ ਪ੍ਰਬੰਧਨ ਸਬੰਧੀ ਲੋਕਾਂ ਵਿੱਚ ਜਾਗਰੂਕਤਾ ਪੈਦਾ ਕਰਨ ਵੱਲ ਵਿਸ਼ੇਸ਼ ਧਿਆਨ ਦਿੱਤਾ ਜਾਵੇਗਾ। ਦੱਖਣੀ ਹਲਕੇ ਤੋਂ ਵਿਧਾਇਕ ਡਾ. ਇੰਦਰਬੀਰ ਸਿੰਘ ਨਿੱਝਰ ਨੇ ਵਧੀਕ ਨਗਰ ਨਿਗਮ ਕਮਿਸ਼ਨਰ ਡਾ. ਜੈ ਇੰਦਰ ਸਿੰਘ ਦੇ ਨਾਲ ਮੁਹਿੰਮ ਵਿੱਚ ਸ਼ਮੂਲੀਅਤ ਕੀਤੀ। ਕੇਂਦਰੀ ਹਲਕੇ ਤੋਂ ਵਿਧਾਇਕ ਡਾ. ਅਜੇ ਗੁਪਤਾ ਨੇ ਮੇਅਰ ਜਤਿੰਦਰ ਸਿੰਘ ਭਾਟੀਆ ਦੇ ਨਾਲ ਸਹਾਇਕ ਕਮਿਸ਼ਨਰ ਦਲਜੀਤ ਸਿੰਘ ਅਤੇ ਪੂਰਬੀ ਹਲਕੇ ਤੋਂ ਵਿਧਾਇਕਾ ਡਾ. ਜੀਵਨਜੋਤ ਕੌਰ ਦੇ ਨਾਲ ਸਹਾਇਕ ਕਮਿਸ਼ਨਰ ਵਿਸ਼ਾਲ ਵਧਾਵਨ ਨੇ ਸਫ਼ਾਈ ਗਤੀਵਿਧੀਆਂ ਵਿੱਚ ਹਿੱਸਾ ਲਿਆ। ਉੱਤਰੀ ਹਲਕੇ ਵਿੱਚ ਕਰਮਜੀਤ ਸਿੰਘ ਰਿੰਕੂ ਨੇ ਮੁਹਿੰਮ ਦਾ ਤਾਲਮੇਲ ਕੀਤਾ।
ਅਜਨਾਲਾ (ਸੁਖਦੇਵ ਸਿੰਘ): ਅਜਨਾਲਾ ਸ਼ਹਿਰ ਵਿੱਚ ਵਿਧਾਇਕ ਕੁਲਦੀਪ ਸਿੰਘ ਧਾਲੀਵਾਲ ਦੀ ਅਗਵਾਈ ਹੇਠ ਅੱਜ ਐੱਸ ਡੀ ਐੱਮ ਅਜਨਾਲਾ ਚਾਰੂਮਿਤਾ, ਨਗਰ ਕੌਂਸਲ ਅਜਨਾਲਾ ਦੇ ਕਾਰਜਸਾਧਕ ਅਫ਼ਸਰ ਅਤੇ ਆਮ ਆਦਮੀ ਪਾਰਟੀ ਦੇ ਵਾਲੰਟੀਅਰਾਂ ਦੇ ਸਹਿਯੋਗ ਨਾਲ ਸਫ਼ਾਈ ਮੁਹਿੰਮ ਚਲਾਈ ਗਈ। ਇਸ ਦੌਰਾਨ ਸ਼ਹਿਰ ਵਿੱਚ ਵੱਖ-ਵੱਖ ਥਾਵਾਂ ’ਤੇ ਲੱਗੇ ਕੂੜੇ ਦੇ ਢੇਰਾਂ ਨੂੰ ਚੁਕਵਾਇਆ ਗਿਆ ਅਤੇ ਗੰਦਗੀ ਵਾਲੀਆਂ ਥਾਵਾਂ ਦੀ ਸਫ਼ਾਈ ਕਰਵਾਈ ਗਈ। ਧਾਲੀਵਾਲ ਨੇ ਖੁਦ ਸਫ਼ਾਈ ਮੁਹਿੰਮ ਵਿੱਚ ਹਿੱਸਾ ਲੈਂਦਿਆਂ ਲੋਕਾਂ ਨੂੰ ਸ਼ਹਿਰ ਨੂੰ ਸਾਫ਼-ਸੁਥਰਾ ਰੱਖਣ ਲਈ ਸਰਗਰਮ ਭੂਮਿਕਾ ਨਿਭਾਉਣ ਦਾ ਸੱਦਾ ਦਿੱਤਾ।
ਹੁਸ਼ਿਆਰਪੁਰ (ਹਰਪ੍ਰੀਤ ਕੌਰ): ਵਿਸ਼ੇਸ਼ ਸਫ਼ਾਈ ਮੁਹਿੰਮ ਤਹਿਤ ਅੱਜ ਸਥਾਨਕ ਫਤਹਿਗੜ੍ਹ ਚੁੰਗੀ ਤੋਂ ‘ਕਲੀਨ ਪੰਜਾਬ, ਪਰਾਊਡ ਪੰਜਾਬ’ ਮੁਹਿੰਮ ਦੀ ਸ਼ੁਰੂਆਤ ਕੀਤੀ ਗਈ। ਇਸ ਮੌਕੇ ਵਿਧਾਇਕ ਬ੍ਰਹਮ ਸ਼ੰਕਰ ਜਿੰਪਾ, ਮੇਅਰ ਪ੍ਰਵੀਨ ਸੈਣੀ, ਸੀਨੀਅਰ ਡਿਪਟੀ ਮੇਅਰ ਸੁਰਿੰਦਰ ਕੁਮਾਰ, ਨਗਰ ਨਿਗਮ ਕਮਿਸ਼ਨਰ ਜੋਤੀ ਬਾਲਾ ਮੱਟੂ, ਵੱਖ-ਵੱਖ ਕੌਂਸਲਰਾਂ ਅਤੇ ਨਗਰ ਨਿਗਮ ਦੇ ਅਧਿਕਾਰੀਆਂ ਦੀ ਮੌਜੂਦਗੀ ਵਿੱਚ ਸਫ਼ਾਈ ਮੁਹਿੰਮ ਦੀ ਸ਼ੁਰੂਆਤ ਕੀਤੀ ਗਈ।
ਕਪੂਰਥਲਾ ਤੇ ਫਗਵਾੜਾ ਵਿੱਚ ਵੀ ਵਿਸ਼ੇਸ਼ ਮੁਹਿੰਮ
ਕਪੂਰਥਲਾ/ਫਗਵਾੜਾ (ਜਸਬੀਰ ਚਾਨਾ): ਵਿਸ਼ੇਸ਼ ਸਵੱਛਤਾ ਅਭਿਆਨ ਤਹਿਤ ਨਗਰ ਨਿਗਮ ਕਮਿਸ਼ਨਰ ਅਨੁਪਮ ਕਲੇਰ ਅਤੇ ‘ਆਪ’ ਹਲਕਾ ਇੰਚਾਰਜ ਐਡਵੋਕੇਟ ਕਰਮਬੀਰ ਸਿੰਘ ਚੰਦੀ ਨੇ ਸ਼ਹਿਰ ਵਿੱਚ ਵੱਡੀ ਸਫ਼ਾਈ ਮੁਹਿੰਮ ਦੀ ਅਗਵਾਈ ਕੀਤੀ। ਟੀਮਾਂ ਨੇ ਵੱਖ-ਵੱਖ ਥਾਵਾਂ ਤੋਂ ਕੂੜੇ ਦੇ ਢੇਰ ਅਤੇ ਬਲੈਕ ਸਪਾਟਸ ਸਾਫ਼ ਕੀਤੇ। ਕਮਿਸ਼ਨਰ ਨੇ ਅਧਿਕਾਰੀਆਂ ਨੂੰ ਨਿਰਦੇਸ਼ ਦਿੱਤੇ ਕਿ ਸਾਫ਼ ਕੀਤੀਆਂ ਥਾਵਾਂ ’ਤੇ ਮੁੜ ਕੂੜਾ ਡੰਪ ਹੋਣ ਤੋਂ ਰੋਕਣ ਲਈ ਸਖ਼ਤ ਨਜ਼ਰ ਰੱਖੀ ਜਾਵੇ। ਇਸੇ ਤਰ੍ਹਾਂ ਫਗਵਾੜਾ ਵਿੱਚ ਵਿਸ਼ੇਸ਼ ਸਵੱਛਤਾ ਅਭਿਆਨ ਦੀ ਸ਼ੁਰੂਆਤ ਕੀਤੀ ਗਈ। ਇਸ ਮੁਹਿੰਮ ਦਾ ਆਗਾਜ਼ ਸੰਸਦ ਮੈਂਬਰ ਡਾ. ਰਾਜ ਕੁਮਾਰ ਚੱਬੇਵਾਲ ਨੇ ਕੀਤਾ। ਉਨ੍ਹਾਂ ਨਾਲ ਮੇਅਰ ਰਾਮਪਾਲ ਉੱਪਲ ਅਤੇ ਨਗਰ ਨਿਗਮ ਕਮਿਸ਼ਨਰ ਰਣਦੀਪ ਸਿੰਘ ਹੀਰ ਵੀ ਮੌਜੂਦ ਸਨ। ਇਹ ਮੁਹਿੰਮ 8 ਸਤੰਬਰ ਤੱਕ ਚੱਲੇਗੀ, ਜਿਸ ਵਿੱਚ ਆਮ ਲੋਕਾਂ, ਐਨ.ਜੀ.ਓਜ਼ ਅਤੇ ਸਕੂਲਾਂ-ਕਾਲਜਾਂ ਦੀ ਭਾਗੀਦਾਰੀ ਯਕੀਨੀ ਬਣਾਈ ਜਾਵੇਗੀ ਤਾਂ ਜੋ ਸ਼ਹਿਰ ਨੂੰ ਅਰੋਗ ਬਣਾਇਆ ਜਾ ਸਕੇ। ਉਨ੍ਹਾਂ ਸ਼ਹਿਰ ਵਾਸੀਆਂ ਨੂੰ ਅਪੀਲ ਕੀਤੀ ਕਿ ਉਹ ਖੁੱਲ੍ਹੇ ਵਿੱਚ ਕੂੜਾ ਨਾ ਸੁੱਟਣ ਅਤੇ ਪ੍ਰਸ਼ਾਸਨ ਦਾ ਸਾਥ ਦੇਣ।

