ਵਿਧਾਇਕ ਗੋਲੀ ਲੱਗਣ ਕਾਰਨ ਜ਼ਖ਼ਮੀ ਹੋਏ ਡਾਕਟਰ ਨੂੰ ਮਿਲੇ
ਆਲ ਇੰਡੀਆ ਕਾਂਗਰਸ ਕਮੇਟੀ ਦੇ ਸਕੱਤਰ ਅਤੇ ਵਿਧਾਇਕ ਪਰਗਟ ਸਿੰਘ ਅੱਜ ਜਲੰਧਰ ਦੇ ਕਿਡਨੀ ਹਸਪਤਾਲ ਵਿੱਚ ਕਿਡਨੀ ਰੋਗ ਮਾਹਰ ਡਾ. ਰਾਹੁਲ ਸੂਦ ਨੂੰ ਮਿਲਣ ਗਏ, ਜੋ ਅਗਵਾ ਦੀ ਕੋਸ਼ਿਸ਼ ਤੋਂ ਬਾਅਦ ਗੋਲੀ ਲੱਗਣ ਨਾਲ ਜ਼ਖ਼ਮੀ ਹੋ ਗਏ ਸਨ। ਉਨ੍ਹਾਂ ਡਾ. ਰਾਹੁਲ ਸੂਦ ਨਾਲ ਮੁਲਾਕਾਤ ਕੀਤੀ ਅਤੇ ਉਨ੍ਹਾਂ ਦਾ ਇਲਾਜ ਕਰ ਰਹੇ ਡਾਕਟਰਾਂ ਨਾਲ ਵੀ ਗੱਲਬਾਤ ਕੀਤੀ। ਉਨ੍ਹਾਂ ਕਿਹਾ ਕਿ ਜੇਕਰ ਡਾਕਟਰ ਸੁਰੱਖਿਅਤ ਨਹੀਂ ਹਨ ਤਾਂ ਪੰਜਾਬ ਦਾ ਕੋਈ ਵੀ ਨਾਗਰਿਕ ਕਿਵੇਂ ਸੁਰੱਖਿਅਤ ਰਹਿ ਸਕਦਾ ਹੈ। ਉਨ੍ਹਾਂ ਆਮ ਆਦਮੀ ਪਾਰਟੀ ਸਰਕਾਰ ਅਤੇ ਮੁੱਖ ਮੰਤਰੀ ਭਗਵੰਤ ਮਾਨ ਤੋਂ ਮੰਗ ਕੀਤੀ ਹੈ ਕਿ ਡਾ. ਰਾਹੁਲ ਸੂਦ ’ਤੇ ਹਮਲਾ ਕਰਨ ਵਾਲਿਆਂ ਨੂੰ ਤੁਰੰਤ ਗ੍ਰਿਫ਼ਤਾਰ ਕੀਤਾ ਜਾਵੇ ਅਤੇ ਉਨ੍ਹਾਂ ਵਿਰੁੱਧ ਸਖ਼ਤ ਕਾਰਵਾਈ ਕੀਤੀ ਜਾਵੇ।
ਪਰਗਟ ਸਿੰਘ ਨੇ ਡਾਕਟਰ ਭਾਈਚਾਰੇ ਨਾਲ ਇਕਜੁੱਟਤਾ ਪ੍ਰਗਟ ਕਰਦਿਆਂ ਕਿਹਾ ਕਿ ਆਮ ਆਦਮੀ ਪਾਰਟੀ ਦੀ ਸਰਕਾਰ ਜੀਵਨਦਾਤਾਵਾਂ ਦੀ ਰੱਖਿਆ ਕਰਨ ਵਿੱਚ ਅਸਫਲ ਰਹੀ ਹੈ। ਹਸਪਤਾਲ ਇਲਾਜ ਲਈ ਹਨ, ਡਰ ਫੈਲਾਉਣ ਲਈ ਨਹੀਂ। ਜੇਕਰ ਡਾਕਟਰ ਅਤੇ ਮਰੀਜ਼ ਹਸਪਤਾਲ ਦੀਆਂ ਕੰਧਾਂ ਦੇ ਅੰਦਰ ਵੀ ਸੁਰੱਖਿਅਤ ਮਹਿਸੂਸ ਨਹੀਂ ਕਰ ਸਕਦੇ, ਤਾਂ ਸਰਕਾਰ ਦਾ ਕੀ ਫਾਇਦਾ? ਪਰਗਟ ਸਿੰਘ ਨੇ ਭਰੋਸਾ ਦਿੱਤਾ ਕਿ ਕਾਂਗਰਸ ਪਾਰਟੀ ਹਸਪਤਾਲਾਂ, ਡਾਕਟਰਾਂ ਅਤੇ ਵਪਾਰੀਆਂ ਲਈ ਵਿਸ਼ੇਸ਼ ਸੁਰੱਖਿਆ ਯੋਜਨਾ ਦੀ ਮੰਗ ਕਰੇਗੀ। ਇਸ ਮੁੱਦੇ ਨੂੰ ਪੰਜਾਬ ਵਿਧਾਨ ਸਭਾ ਦੇ ਅੰਦਰ ਅਤੇ ਬਾਹਰ ਜ਼ੋਰਦਾਰ ਢੰਗ ਨਾਲ ਉਠਾਇਆ ਜਾਵੇਗਾ। ਉਨ੍ਹਾਂ ਕਿਹਾ ਕਿ ਜੀਵਨ ਦੀ ਸੁਰੱਖਿਆ ਕਿਸੇ ਵੀ ਸਰਕਾਰ ਦਾ ਪਹਿਲਾ ਫਰਜ਼ ਹੈ। ਮੁੱਖ ਮੰਤਰੀ ਮਾਨ ਨੂੰ ਹੁਣੇ ਤੁਰੰਤ ਕਾਰਵਾਈ ਕਰਨੀ ਚਾਹੀਦੀ ਹੈ, ਨਹੀਂ ਤਾਂ ਪੰਜਾਬ ਡੂੰਘੇ ਸੰਕਟ ਵਿੱਚ ਚਲਾ ਜਾਵਾਂਗਾ।