ਵਿਧਾਇਕ ਵੱਲੋਂ ਘਰਾਂ ਦੀ ਮੁਰੰਮਤ ਅਤੇ ਉਸਾਰੀ ਲਈ ਵਿੱਤੀ ਮਦਦ
ਮੁਸ਼ਕਲ ਦੀ ਘੜੀ ਵਿੱਚ ਸੂਬਾ ਸਰਕਾਰ ਹਰ ਨਾਗਰਿਕ ਨਾਲ ਖੜ੍ਹੀ ਹੈ: ਬਲਕਾਰ ਸਿੰਘ
Advertisement
ਵਿਧਾਇਕ ਬਲਕਾਰ ਸਿੰਘ ਨੇ ਹੜ੍ਹਾਂ ਨਾਲ ਪ੍ਰਭਾਵਿਤ ਹੋਏ ਵਿਅਕਤੀਆਂ ਦੇ ਘਰਾਂ ਦੀ ਮੁਰੰਮਤ ਅਤੇ ਪੁਨਰ- ਨਿਰਮਾਣ ਲਈ ਵਿੱਤੀ ਸਹਾਇਤਾ ਦੇਣ ਮੌਕੇ ਕਿਹਾ ਕਿ ਕਰਤਾਰਪੁਰ ਦੇ ਸ਼ਹਿਰੀ ਖੇਤਰ ਵਿੱਚ ਹੜ੍ਹਾਂ ਨਾਲ ਪ੍ਰਭਾਵਿਤ ਹੋ ਰਹੇ ਵਿਅਕਤੀਆਂ ਦੀ ਸਹਾਇਤਾ ਲਈ ਸੂਬਾ ਸਰਕਾਰ ਵਚਨਬੱਧ ਹੈ।ਉਨ੍ਹਾਂ ਕਿਹਾ ਕਿ ਹੜ੍ਹ ਕਾਰਨ ਕਰਤਾਰਪੁਰ ਦੇ ਗਰੀਬ ਪਰਿਵਾਰਾਂ ਦੇ ਘਰ ਨੁਕਸਾਨੇ ਗਏ ਸਨ, ਜਿਨ੍ਹਾਂ ਦੀ ਤੁਰੰਤ ਮੁਰੰਮਤ ਕਰਵਾਉਣ ਲਈ ਸ਼ਹਿਰ ਦੇ ਪਰਿਵਾਰਾਂ ਨੂੰ ਵਿੱਤੀ ਸਹਾਇਤਾ ਦੀ ਰਾਸ਼ੀ ਉਨ੍ਹਾਂ ਦੇ ਖਾਤਿਆਂ ਵਿੱਚ ਭੇਜ ਦਿੱਤੀ ਗਈ ਹੈ। ਉਨ੍ਹਾਂ ਕਿਹਾ ਕਿ ਵਿਧਾਨ ਸਭਾ ਹਲਕਾ ਕਰਤਾਰਪੁਰ ਦੇ ਪਿੰਡਾਂ ਵਿੱਚ ਪੰਚਾਂ, ਸਰਪੰਚਾਂ ਅਤੇ ਪਾਰਟੀ ਦੇ ਅਹੁਦੇਦਾਰਾਂ ਦੀ ਮਦਦ ਨਾਲ ਹੋਏ ਨੁਕਸਾਨ ਦਾ ਪਤਾ ਕਰਾਉਣ ਲਈ ਵਰਕਰਾਂ ਦੀਆਂ ਵਿਸ਼ੇਸ਼ ਡਿਊਟੀਆਂ ਲਾਈਆਂ ਗਈਆਂ ਹਨ। ਉਨ੍ਹਾਂ ਕਿਹਾ ਕਿ ਪਿੰਡਾਂ ਵਿੱਚ ਨੀਵੇਂ ਇਲਾਕਿਆਂ ਵਿੱਚ ਪਾਣੀ ਭਰਨ ਨਾਲ ਫ਼ਸਲਾਂ ਅਤੇ ਨਿੱਜੀ ਜਾਇਦਾਦ ਦਾ ਨੁਕਸਾਨ ਹੋਇਆ ਹੈ ਜਿਸ ਦੀ ਜਾਣਕਾਰੀ ਲੈਣ ਲਈ ਅਧਿਕਾਰੀਆਂ ਦੀਆਂ ਡਿਊਟੀਆਂ ਲਗਾਈਆਂ ਜਾਣਗੀਆਂ ਤਾਂ ਕਿ ਸਮੇਂ ਸਿਰ ਨੁਕਸਾਨ ਦਾ ਮੁਆਵਜ਼ਾ ਦਿਵਾਇਆ ਜਾ ਸਕੇ। ਉਨ੍ਹਾਂ ਪਿੰਡਾਂ ਵਿੱਚ ਆਏ ਪਾਣੀ ਤੋਂ ਬਚਾਅ ਕਰ ਰਹੇ ਨੌਜਵਾਨਾਂ ਅਤੇ ਸਮਾਜ ਸੇਵੀ ਸੰਸਥਾਵਾਂ ਦਾ ਧੰਨਵਾਦ ਕਰਦਿਆਂ ਕਿਹਾ ਕਿ ਅਜਿਹੇ ਮੁਸ਼ਕਲ ਸਮੇਂ ਵਿੱਚ ਹਰ ਵਿਅਕਤੀ ਨੇ ਆਪਣਾ ਫਰਜ਼ ਨਿਭਾਇਆ ਹੈ।
ਇਸ ਮੌਕੇ ਮਾਰਕੀਟ ਕਮੇਟੀ ਜਲੰਧਰ ਦੇ ਚੇਅਰਮੈਨ ਗੁਰਪਾਲ ਸਿੰਘ ਮਾਂਗੇਕੀ ਨੇ ਕਿਹਾ ਕਿ ਮਾਰਕੀਟ ਕਮੇਟੀ ਦੇ ਅਧਿਕਾਰੀ ਅਤੇ ਕਰਮਚਾਰੀ ਇਲਾਕੇ ਦੇ ਵਿਅਕਤੀਆਂ ਦੇ ਸੰਪਰਕ ਵਿੱਚ ਹਨ ਤਾਂ ਕਿ ਲੋੜ ਪੈਣ ’ਤੇ ਲੋੜੀਂਦੀ ਕਾਰਵਾਈ ਕੀਤੀ ਜਾ ਸਕੇ।
Advertisement
Advertisement