ਵਿਧਾਇਕ ਵੱਲੋਂ ਵਾਟਰ ਸਪਲਾਈ ਪ੍ਰਾਜੈਕਟ ਦਾ ਜਾਇਜ਼ਾ
ਵਿਧਾਇਕ ਡਾ. ਇੰਦਰਬੀਰ ਸਿੰਘ ਨਿੱਝਰ ਨੇ ਵੱਲਾ ਨੇੜੇ ਅੰਮ੍ਰਿਤਸਰ ਬਲਕ ਵਾਟਰ ਸਪਲਾਈ ਪ੍ਰਾਜੈਕਟ ਅਧੀਨ ਬਣਾਏ ਜਾ ਰਹੇ ਵਾਟਰ ਟਰੀਟਮੈਂਟ ਪਲਾਂਟ ਦਾ ਦੌਰਾ ਕੀਤਾ। ਜ਼ਿਕਰਯੋਗ ਹੈ ਕਿ ਨਗਰ ਨਿਗਮ ਵੱਲੋਂ ਵਿਸ਼ਵ ਬੈਂਕ ਅਤੇ ਏਸ਼ੀਅਨ ਇਨਫਰਾਸਟ੍ਰਕਚਰ ਇਨਵੈਸਟਮੈਂਟ ਬੈਂਕ ਦੇ ਸਹਿਯੋਗ ਨਾਲ ਪੰਜਾਬ ਮਿਉਂਸਿਪਲ ਸਰਵਿਸਿਜ਼ ਇੰਪਰੂਵਮੈਂਟ ਪ੍ਰਾਜੈਕਟ ਚਲਾਇਆ ਜਾ ਰਿਹਾ ਹੈ। ਇਸ ਦੇ ਤਹਿਤ ਆਉਣ ਵਾਲੇ ਸਮੇਂ ਵਿੱਚ ਅੱਪਰ ਬਾਰੀ ਦੋਆਬ ਨਹਿਰ ਦੇ ਪਾਣੀ ਨੂੰ ਸ਼ੁੱਧ ਕਰ ਕੇ ਘਰ-ਘਰ ਸਪਲਾਈ ਕੀਤਾ ਜਾਵੇਗਾ। ਇਸ ਪ੍ਰਾਜੈਕਟ ਤਹਿਤ 44 ਕਰੋੜ ਲਿਟਰ ਪ੍ਰਤੀ ਦਿਨ ਦੀ ਸਮਰੱਥਾ ਵਾਲੇ ਆਧੁਨਿਕ ਵਾਟਰ ਟਰੀਟਮੈਂਟ ਪਲਾਂਟ ਦੀ ਉਸਾਰੀ ਦਾ ਕੰਮ ਚੱਲ ਰਿਹਾ ਹੈ।
ਡਾ. ਨਿੱਝਰ ਨੇ ਪ੍ਰਾਜੈਕਟ ’ਤੇ ਕੰਮ ਕਰ ਰਹੀ ਕੰਪਨੀ ਅਤੇ ਨਗਰ ਨਿਗਮ ਦੇ ਅਧਿਕਾਰੀਆਂ ਨਾਲ ਮੀਟਿੰਗ ਵੀ ਕੀਤੀ। ਡਾ. ਨਿੱਝਰ ਨੇ ਕਿਹਾ ਕਿ ਇਹ ਪ੍ਰਾਜੈਕਟ ਤੇਜ਼ੀ ਨਾਲ ਘਟ ਰਹੇ ਭੂਮੀਗਤ ਪਾਣੀ ਅਤੇ ਸ਼ਹਿਰ ਵਾਸੀਆਂ ਨੂੰ ਸਾਫ਼ ਪਾਣੀ ਦੀ ਸਪਲਾਈ ਲਈ ਬਹੁਤ ਮਹੱਤਵਪੂਰਨ ਹੈ। ਉਨ੍ਹਾਂ ਕਿਹਾ ਕਿ ਇਹ ਪ੍ਰਾਜੈਕਟ ਆਉਣ ਵਾਲੇ 30 ਸਾਲਾਂ ਲਈ ਸ਼ਹਿਰ ਦੀਆਂ ਜ਼ਰੂਰਤਾਂ ਨੂੰ ਧਿਆਨ ਵਿੱਚ ਰੱਖ ਕੇ ਤਿਆਰ ਕੀਤਾ ਜਾ ਰਿਹਾ ਹੈ।