ਧਿਆਨ ਸਿੰਘ ਭਗਤ
ਕਪੂਰਥਲਾ, 5 ਅਗਸਤ
ਵਿਧਾਨ ਸਭਾ ਹਲਕਾ ਸੁਲਤਾਨਪੁਰ ਲੋਧੀ, ਭੁਲੱਥ ਅਤੇ ਫਗਵਾੜਾ ਵਿੱਚ ਵਿਕਾਸ ਕਾਰਜਾਂ ਨੂੰ ਵੱਡਾ ਹੁਲਾਰਾ ਦੇਣ ਲਈ ਵਿਧਾਇਕ ਨਵਤੇਜ ਸਿੰਘ ਚੀਮਾ, ਸੁਖਪਾਲ ਸਿੰਘ ਖਹਿਰਾ ਅਤੇ ਬਲਵਿੰਦਰ ਸਿੰਘ ਧਾਲੀਵਾਲ ਵੱਲੋਂ ਅੱਜ ਸਾਂਝੇ ਤੌਰ ’ਤੇ ਵਧੀਕ ਡਿਪਟੀ ਕਮਿਸ਼ਨਰ (ਵਿਕਾਸ) ਅਤੇ ਹੋਰਨਾਂ ਅਧਿਕਾਰੀਆਂ ਨਾਲ ਮੀਟਿੰਗ ਕਰਕੇ ਵਿਕਾਸ ਕਾਰਜਾਂ ਦੀ ਪ੍ਰਗਤੀ ਅਤੇ ਲੋਕ ਭਲਾਈ ਸਕੀਮਾਂ ਨੂੰ ਹੇਠਲੇ ਪੱਧਰ ਤੱਕ ਲਾਗੂ ਕਰਨ ਦਾ ਜਾਇਜ਼ਾ ਲਿਆ ਗਿਆ।
ਮੀਟਿੰਗ ਦੌਰਾਨ ਵਧੀਕ ਡਿਪਟੀ ਕਮਿਸ਼ਨਰ (ਵਿਕਾਸ) ਐੱਸ ਪੀ ਆਂਗਰਾ ਵੀ ਹਾਜ਼ਰ ਸਨ। ਵਿਧਾਇਕਾਂ ਨੇ ਪੇਂਡੂ ਵਿਕਾਸ, ਖ਼ੁਰਾਕ ਸਪਲਾਈ, ਪੰਜਾਬ ਵਰਕਰਜ਼ ਵੈਲਫੇਅਰ ਕੰਸਟਰਕਸ਼ਨ ਬੋਰਡ, ਨਗਰ ਕੌਂਸਲਾਂ, ਪੰਚਾਇਤੀ ਰਾਜ, ਸਥਾਨਕ ਸਰਕਾਰਾਂ, ਲੋਕ ਨਿਰਮਾਣ ਵਿਭਾਗ ਦੇ ਅਧਿਕਾਰੀਆਂ ਨੂੰ ਪ੍ਰਾਜੈਕਟ ਸਮੇਂ ਸਿਰ ਮੁਕੰਮਲ ਕਰਨ ਦੇ ਹੁਕਮ ਦਿੱਤੇ।ਇਸ ਮੌਕੇ ਸ੍ਰੀ ਚੀਮਾ ਨੇ ਦੱਸਿਆ ਕਿ ਪਿਛਲੇ ਕੁਝ ਮਹੀਨੇ ਪਹਿਲਾਂ 134 ਕੋਰੜ ਰੁਪਏ ਦੇ ਪ੍ਰਾਜੈਕਟਾਂ ਨੂੰ ਮਨਜੂਰੀ ਮਿਲ ਚੁੱਕੀ ਹੈ ਅਤੇ ਸਮਾਰਟ ਸਿਟੀ ਪ੍ਰਾਜੈਕਟ ਦੇ ਵੱਖ ਵੱਖ ਕੰਮ ਇੱਕ ਮਹੀਨੇ ਵਿੱਚ ਸ਼ੁਰੂ ਹੋ ਜਾਣਗੇ। ਕੁਝ ਕੰਮ ਸ਼ੁਰੂ ਵੀ ਹੋ ਚੁੱਕੇ ਹਨ। ਇਸ ਮੌਕੇ ਹੋਰਨਾਂ ਤੋਂ ਇਲਾਵਾ ਮਾਰਕਿਟ ਕਮੇਟੀ ਚੇਅਰਮੈਨ ਸੁਲਤਾਨਪੁਰ ਲੋਧੀ ਪਰਮਿੰਦਰ ਸਿੰਘ ਅਤੇ ਰਛਪਾਲ ਸਿੰਘ ਚੇਅਰਮੈਨ ਮਾਰਕੀਟ ਕਮੇਟੀ ਭੁਲੱਥ, ਚੇਅਰਮੈਨ ਇੰਪਰੂਵਮੈਂਟ ਟਰੱਸਟ ਸੁਲਤਾਨਪੁਰ ਲੋਧੀ ਦੇ ਪ੍ਰਧਾਨ ਤੇਜਵੰਤ ਸਿੰਘ, ਰਾਜੂ ਧੀਰ ਪ੍ਰਧਾਨ ਨਗਰ ਕੌਂਸਲ ਸੁਲਤਾਨਪੁਰ ਲੋਧੀ, ਐਕਸੀਅਨ ਸਰਵਰਾਜ, ਜ਼ਿਲ੍ਹਾ ਵਿਕਾਸ ਤੇ ਪੰਚਾਇਤ ਅਫ਼ਸਰ ਨੀਰਜ ਕੁਮਾਰ ਹਾਜ਼ਰ ਸਨ।