ਨਿੱਜੀ ਪੱਤਰ ਪ੍ਰੇਰਕ
ਜਲੰਧਰ, 4 ਜੂਨ
ਭਾਜਪਾ ਦੇ ਕੌਮੀ ਸਕੱਤਰ ਤਰੁਣ ਚੁੱਘ ਨੇ ਕੇਂਦਰ ਵਿੱਚ ਮੋਦੀ ਦੇ ਦੂਜੇ ਕਾਰਜਕਾਲ ਦੇ ਪਹਿਲੇ ਸਾਲ ਦੀਆਂ ਪ੍ਰਾਪਤੀਆਂ ਦੇ ਸੋਹਲੇ ਗਾਏ। ਉਨ੍ਹਾਂ ਕਿਹਾ ਕਿ ਮੋਦੀ ਸਰਕਾਰ ਦੀਆਂ ਪ੍ਰਾਪਤੀਆਂ ਦੀ ਸੂਚੀ ਬੜੀ ਲੰਮੀ ਹੈ। ਭਾਜਪਾ ਆਗੂ ਚੁੱਘ ਨੇ ਦਾਅਵਾ ਕੀਤਾ ਕਿ ਨਰਿੰਦਰ ਮੋਦੀ ਦੇ ਪ੍ਰਧਾਨ ਮੰਤਰੀ ਬਣਨ ਤੋਂ ਬਾਅਦ ਵਿਸ਼ਵ ਵਿੱਚ ਭਾਰਤ ਦਾ ਦਬਦਬਾ ਵਧਿਆ ਹੈ। ਜਦੋਂ ਉਨ੍ਹਾਂ ਨੂੰ ਇਹ ਸਵਾਲ ਕੀਤਾ ਗਿਆ ਕਿ ਕੌਮਾਂਤਰੀ ਪੱਧਰ ’ਤੇ ਤੇਲ ਦੀਆਂ ਕੀਮਤਾਂ ਡਿੱਗੀਆਂ ਹਨ ਪਰ ਇਸ ਦੇ ਬਾਵਜੂਦ ਦੇਸ਼ ਵਿੱਚ ਤੇਲ ਮਹਿੰਗਾ ਕੀਤਾ ਜਾ ਰਿਹਾ ਹੈ। ਭਾਜਪਾ ਦੇ ਕੌਮੀ ਸਕੱਤਰ ਇਸ ਸਵਾਲ ਹੋਣ ਦਾ ਕੋਈ ਤੱਸਲੀ ਬਖਸ਼ ਜਵਾਬ ਨਹੀਂ ਦੇ ਸਕੇ। ਨਿੱਜੀ ਖੇਤਰ ਵਿੱਚ ਵੀ ਵੱਡੇ ਪੱਧਰ `ਤੇ ਲੋਕਾਂ ਦੀਆਂ ਜਾ ਰਹੀਆਂ ਨੌਕਰੀਆਂ ਬਾਰੇ ਪੁੱਛੇ ਸਵਾਲਾਂ ਨੂੰ ਵੀ ਉਹ ਟਾਲ ਗਏ। ਸ੍ਰੀ ਚੁੱਘ ਨੇ ਇਹ ਦਾਅਵਾ ਵੀ ਕੀਤਾ ਕਿ ਕਰੋਨਾ ਵਰਗੀ ਮਹਾਂਮਾਰੀ ਨਾਲ ਨਜਿੱਠਣ ਲਈ ਮੋਦੀ ਸਰਕਾਰ ਨੇ ਸਖ਼ਤ ਫੈਸਲੇ ਲਏ ਹਨ।
ਸ੍ਰੀ ਚੁੱਘ ਨੇ ਕਿਹਾ ਕਿ ਮੋਦੀ ਸਰਕਾਰ ਨੇ ਦੂਜੇ ਕਾਰਜਕਾਲ ਦੇ ਪਹਿਲੇ ਸਾਲ, ਸਰਕਾਰ ਨੇ ਦੇਸ਼ ਦੀ ਏਕਤਾ, ਅਖੰਡਤਾ ਅਤੇ ਸਮਾਜਿਕ ਅਤੇ ਆਰਥਿਕ ਨਿਆਂ ਪ੍ਰਤੀ ਕਦਮ ਚੁੱਕੇ ਹਨ। ਜੰਮੂ-ਕਸ਼ਮੀਰ ਵਿਚ ਧਾਰਾ 370 ਨੂੰ ਪ੍ਰਭਾਵਸ਼ਾਲੀ ਬਣਾਉਣ ਦੇ ਕਦਮ ਨਾਲ ਜੰਮੂ-ਕਸ਼ਮੀਰ ਨਾਲ ਸਬੰਧਤ ਧਾਰਾ 370 ਅਤੇ 35-ਏ ਬਣਾਉਣ ਦੇ ਕੇਂਦਰ ਸਰਕਾਰ ਦੇ ਫੈਸਲੇ ਤੋਂ ਬਾਅਦ ਕਸ਼ਮੀਰ ਵਿਚ ਇਕ ਦੇਸ਼, ਇਕ ਕਾਨੂੰਨ ਅਤੇ ਇਕ ਨਿਸ਼ਾਨ ਲਾਗੂ ਹੋ ਗਿਆ ਹੈ। ਇਸੇ ਤਰ੍ਹਾਂ ਕਰਤਾਰਪੁਰ ਲਾਂਘਾ ਖੋਲ੍ਹਣ ਦੇ ਫੈਸਲੇ ਕਾਰਨ ਸੰਗਤ ਵਿੱਚ ਭਾਰੀ ਖੁਸ਼ੀ ਪਾਈ ਗਈ ਹੈ।