ਨੌਜਵਾਨਾਂ ਨੂੰ ਨਸ਼ਿਆਂ ਤੋਂ ਦੂਰ ਰਹਿਣ ਲਈ ਪ੍ਰੇਰਿਆ
ਨੌਜਵਾਨਾਂ ਨੂੰ ਨਸ਼ਿਆਂ ਖ਼ਿਲਾਫ਼ ਜਾਗਰੂਕ ਕਰਨ ਲਈ ਇਥੇ ਲਾਇਨਜ਼ ਕਲੱਬ ਵੱਲੋਂ ਯੁੱਧ ਨਸ਼ੇ ਵਿਰੁੱਧ ਵਾਕ ਇਵੈਂਟ ਕਰਵਾਇਆ ਗਿਆ। ਇਸ ਮੌਕੇ ਵਿਧਾਇਕ ਬਲਕਾਰ ਸਿੰਘ ਨੇ ਕਿਹਾ ਕਿ ਨਸ਼ਾ ਸਮਾਜ ਦਾ ਸਭ ਤੋਂ ਵੱਡਾ ਦੁਸ਼ਮਣ ਹੈ ਅਤੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਪੰਜਾਬ ਨੂੰ ਨਸ਼ਾ ਮੁਕਤ ਬਣਾਉਣ ਲਈ ਮੁਹਿੰਮ ਚਲਾਈ ਹੋਈ ਹੈ। ਉਨ੍ਹਾਂ ਕਿਹਾ ਕਿ ਨਸ਼ੇ ਨਾ ਸਿਰਫ ਸਿਹਤ ਲਈ ਹਾਨੀ ਕਾਰਨ ਹਨ ਸਗੋਂ ਪੂਰੇ ਪਰਿਵਾਰ ਅਤੇ ਸਮਾਜ ਨੂੰ ਤਬਾਹ ਕਰ ਦਿੰਦੇ ਹਨ। ਉਨ੍ਹਾਂ ਕਿਹਾ ਕਿ ਹਰ ਪਿੰਡ ਹਰ ਗਲੀ ਵਿੱਚ ਨਸ਼ਿਆਂ ਦੇ ਖ਼ਿਲਾਫ਼ ਜੰਗ ਛੇੜੀ ਗਈ ਹੈ। ਇਸ ਲਈ ਲਾਇਨਜ਼ ਕਲੱਬ ਕਰਤਾਰਪੁਰ ਨੇ ਵਾਕ ਈਵੈਂਟ ਕਰਵਾ ਕੇ ਨਿਵੇਕਲੀ ਪਹਿਲ ਕੀਤੀ ਹੈ। ਉਨ੍ਹਾਂ ਨੌਜਵਾਨਾਂ ਨੂੰ ਅਪੀਲ ਕਰਦਿਆਂ ਕਿਹਾ ਕਿ ਉਹ ਸੂਬਾ ਸਰਕਾਰ ਦਾ ਸਾਥ ਦੇਣ ਤਾਂ ਹੀ ਸੂਬੇ ਨੂੰ ਨਸ਼ਾ ਮੁਕਤ ਬਣਾਇਆ ਜਾ ਸਕਦਾ ਹੈ।
ਇਸ ਮੌਕੇ ਨਸ਼ਿਆਂ ਵਿਰੁੱਧ ਔਰਤਾਂ ਨੂੰ ਜਾਗਰੂਕ ਕਰਨ ਲਈ ਹਰਪ੍ਰੀਤ ਕੌਰ ਨੇ ਕਿਹਾ ਕਿ ਔਰਤਾਂ ਸਮਾਜ ਵਿੱਚੋਂ ਨਸ਼ਿਆਂ ਵਰਗੇ ਕੋਹੜ ਨੂੰ ਖਤਮ ਕਰਨ ਲਈ ਬੱਚਿਆਂ ਦਾ ਜਾਗਰੂਕ ਹੋਣਾ ਬਹੁਤ ਜ਼ਰੂਰੀ ਹੈ। ਇਸ ਮੌਕੇ ਲਾਇਨਜ਼ ਕਲੱਬ ਵੱਲੋਂ ਬੂਟੇ ਲਗਾਏ ਗਏ। ਕਲੱਬ ਦੇ ਪ੍ਰਧਾਨ ਸੁਨੀਲ ਮੈਦਾਨ ਅਤੇ ਸੁਰਜੀਤ ਸਿੰਘ ਵਾਲੀਆ ਨੇ ਕਿਹਾ ਕਿ ਬੂਟੇ ਲਾਉਣ ਦੇ ਨਾਲ ਉਨ੍ਹਾਂ ਦੀ ਸਾਂਭ-ਸੰਭਾਲ ਕਰਨਾ ਵੀ ਬਹੁਤ ਜ਼ਰੂਰੀ ਹੈ। ਇਸ ਮੌਕੇ ਯੂਥ ਆਗੂ ਵਰੁਣ ਬਾਵਾ, ਪ੍ਰਦੀਪ ਅਗਰਵਾਲ, ਰਜਨੀਸ਼ ਸੂਦ, ਬਲਵਿੰਦਰ ਸਿੰਘ ਰਾਣਾ ਮੌਜੂਦ ਸਨ।