ਪੱਤਰ ਪ੍ਰੇਰਕ
ਸ੍ਰੀ ਗੋਇੰਦਵਾਲ ਸਾਹਿਬ, 7 ਨਵੰਬਰ
ਇੱਥੇ ਗੁਰਦੁਆਰਾ ਬਾਉਲੀ ਸਾਹਿਬ ਵਿਖੇ ਗੁਰੂ ਨਾਨਕ ਦੇਵ ਦਾ ਪ੍ਰਕਾਸ਼ ਪੁਰਬ ਸ਼ਰਧਾ ਭਾਵਨਾ ਨਾਲ ਮਨਾਇਆ ਗਿਆ। ਇਸ ਮੌਕੇ ਗੁਰਦੁਆਰਾ ਸਾਹਿਬ ਤੋਂ ਨਗਰ ਕੀਰਤਨ ਸਜਾਇਆ ਗਿਆ, ਜਿਸ ਵਿੱਚ ਵੱਡੀ ਗਿਣਤੀ ‘ਚ ਸੰਗਤ ਨੇ ਹਾਜ਼ਰੀ ਭਰੀ। ਪੰਜ ਪਿਆਰਿਆਂ ਦੀ ਅਗਵਾਈ ਵਿੱਚ ਨਗਰ ਕੀਰਤਨ ਸ਼ਹਿਰ ਦੇ ਵੱਖ-ਵੱਖ ਪੜਾਵਾਂ ਦੀ ਪਰਿਕਰਮਾ ਕਰਦਾ ਹੋਇਆ ਦੇਰ ਸ਼ਾਮ ਗੁਰਦੁਆਰਾ ਬਾਉਲੀ ਸਾਹਿਬ ਵਿਖੇ ਸਮਾਪਤ ਹੋਇਆ। ਇਸ ਮੌਕੇ ਪੰਜ ਪਿਆਰਿਆਂ ਨੂੰ ਸ਼੍ਰੋਮਣੀ ਕਮੇਟੀ ਮੈਂਬਰ ਅਮਰਜੀਤ ਸਿੰਘ ਭਲਾਈਪੁਰ, ਗੁਰਬਚਨ ਸਿੰਘ ਅਤੇ ਕੁਲਦੀਪ ਸਿੰਘ ਔਲਖ ਨੇ ਸਿਰੋਪੇ ਭੇਟ ਕਰਕੇ ਸਨਮਾਨਿਤ ਕੀਤਾ। ਪ੍ਰਕਾਸ਼ ਪੁਰਬ ਦੇ ਸਬੰਧ ਵਿੱਚ ਗੁਰਦੁਆਰਾ ਸਾਹਿਬ ਵਿਖੇ ਦੀਪਮਾਲਾ ਕੀਤੀ ਗਈ।
ਦਸੂਹਾ (ਪੱਤਰ ਪ੍ਰੇਰਕ): ਇੱਥੇ ਗੁਰਦੁਆਰਾ ਸਿੰਘ ਸਭਾ ਮਿਆਣੀ ਰੋਡ ਦੇ ਪ੍ਰਬੰਧਕਾਂ ਵੱਲੋਂ ਇਲਾਕੇ ਦੀਆਂ ਸੰਗਤਾਂ ਦੇ ਸਹਿਯੋਗ ਨਾਲ ਪਹਿਲੀ ਪਾਤਸ਼ਾਹੀ ਗੁਰੂ ਨਾਨਕ ਦੇਵ ਦੇ ਪ੍ਰਕਾਸ਼ ਦਿਹਾੜੇ ਨੂੰ ਸਮਰਪਿਤ ਗੁਰੂ ਗ੍ਰੰਥ ਸਾਹਿਬ ਦੀ ਛਤਰ ਛਾਇਆ ਹੇਠ ਵਿਸ਼ਾਲ ਨਗਰ ਕੀਰਤਨ ਸਜਾਇਆ ਗਿਆ, ਜਿਸ ਦੀ ਅਗਵਾਈ ਗੁਰੂ ਦੇ ਪੰਜ ਪਿਆਰੇ ਕਰ ਰਹੇ ਸਨ। ਇਹ ਨਗਰ ਕੀਰਤਨ ਗੁਰਦੁਆਰਾ ਸਾਹਿਬ ਮਿਆਣੀ ਤੋਂ ਆਰੰਭ ਹੋ ਕੇ ਸ਼ਹਿਰ ਦੇ ਵੱਖ-ਵੱਖ ਬਾਜ਼ਾਰਾਂ ਵਿੱਚੋਂ ਹੁੰਦੇ ਹੋਏ ਗੁਰਦੁਆਰਾ ਸਾਹਿਬ ਪਰਤਿਆ। ਨਗਰ ਕੀਰਤਨ ਵਿੱਚ ਰਾਗੀ ਜਥੇ ਅਤੇ ਢਾਡੀ ਜਥਿਆਂ ਨੇ ਗੁਰੂ ਜੀ ਦੀ ਜੀਵਨੀ ਬਾਰੇ ਜਾਣਕਾਰੀ ਦਿੱਤੀ ਜਦੋਕਿ ਫੌਜੀ ਬੈਂਡ ਪਾਰਟੀ ਨੇ ਆਪਣੀ ਕਲਾ ਨਾਲ ਸੰਗਤ ਨੂੰ ਨਿਹਾਲ ਕੀਤਾ। ਨਗਰ ਕੀਰਤਨ ਦੀ ਆਮਦ ਦੀ ਖੁਸ਼ੀ ਵਿੱਚ ਸ਼ਹਿਰ ਵਾਸੀਆਂ ਵੱਲੋਂ ਮੁੱਖ ਚੌਕਾਂ ਤੇ ਮਾਰਗਾਂ ‘ਤੇ ਸਵਾਗਤੀ ਗੇਟ ਲਗਾਏ ਗਏ ਅਤੇ ਸੰਗਤਾਂ ਲਈ ਚਾਹ, ਬਿਸਕੁੱਟ, ਬਰੈੱਡ, ਪਕੌੜੇ, ਬਰਫੀ, ਕੇਲੇ ਅਤੇ ਸੇਬ ਆਦਿ ਪਕਵਾਨਾਂ ਦੇ ਲੰਗਰ ਲਗਾਏ ਗਏ। ਇਸ ਮੌਕੇ ਜਸਵਿੰਦਰ ਸਿੰਘ ਕਾਲੜਾ, ਬੀਬੀ ਜਤਿੰਦਰ ਕੌਰ ਠੁਕਰਾਲ, ਅਮਰੀਕ ਸਿੰਘ ਗੱਗੀ ਠੁਕਰਾਲ, ਦਵਿੰਦਰ ਸਿੰਘ ਕਾਹਲੋਂ ਤੇ ਤਰਸੇਮ ਸਿੰਘ ਖਾਲਸਾ ਆਦਿ ਹਾਜ਼ਰ ਸਨ।
ਤਰਨ ਤਾਰਨ (ਪੱਤਰ ਪ੍ਰੇਰਕ): ਸ਼ਹਿਰ ਦੀ ਪਾਰਕ ਐਵੇਨਿਊ ਦੀ ਸੋਸ਼ਲ ਵੈਲਫੇਅਰ ਸੁਸਾਇਟੀ ਦੇ ਉੱਦਮ ਨਾਲ ਪ੍ਰਕਾਸ਼ ਪੁਰਬ ਨੂੰ ਸਮਰਪਿਤ ਅੱਜ ਸਾਂਝੇ ਤੌਰ ‘ਤੇ ਸੁਖਮਨੀ ਸਾਹਿਬ ਦੇ ਪਾਠ ਕੀਤੇ ਗਏ| ਇਸ ਮੌਕੇ ਆਬਾਦੀ ਦੇ ਬੱਚਿਆਂ ਦੇ ਵਿਦਿਅਕ ਮੁਕਾਬਲੇ ਵੀ ਕਰਵਾਏ ਗਏ| ਸੁਸਾਇਟੀ ਦੇ ਚੇਅਰਮੈਨ ਜਸਵਿੰਦਰ ਸਿੰਘ ਮਾਨੋਚਾਹਲ ਅਤੇ ਪ੍ਰਧਾਨ ਮਨਿੰਦਰ ਸਿੰਘ ਦੀ ਅਗਵਾਈ ਵਿੱਚ ਕੀਤੇ ਉਪਰਾਲੇ ਤਹਿਤ ਇਸ ਮੌਕੇ ਰੱਬੀ ਬਾਣੀ ਦਾ ਰਸਭਿੰਨਾ ਕੀਰਤਨ ਕੀਤਾ ਗਿਆ| ਵਿਦਿਅਕ ਮੁਕਾਬਲਿਆਂ ਵਿੱਚ ਐਵੇਨਿਊ ਵਿੱਚ ਛੋਟੇ ਬੱਚਿਆਂ ਨੇ ਸੁੰਦਰ ਲਿਖਾਈ ਤੇ ਡਰਾਇੰਗ ਦੇ ਮੁਕਾਬਲਿਆਂ ਵਿੱਚ ਭਾਗ ਲਿਆ| ਪਹਿਲੀਆਂ ਥਾਵਾਂ ‘ਤੇ ਆਉਣ ਵਾਲੇ ਬੱਚਿਆਂ ਨੂੰ ਟਰਾਫੀਆਂ ਤੇ ਤਗ਼ਮੇ ਦਿੱਤੇ ਗਏ।
ਸ਼ਾਹਕੋਟ (ਪੱਤਰ ਪ੍ਰੇਰਕ): ਪ੍ਰਕਾਸ਼ ਪੁਰਬ ਨੂੰ ਸਮਰਪਿਤ ਪੰਜ ਪਿਆਰਿਆਂ ਦੀ ਅਗਵਾਈ ਵਿਚ ਸ਼ਾਹਕੋਟ, ਮਲਸੀਆਂ, ਨਕੋਦਰ, ਮੱਲੀਆਂ ਕਲਾਂ, ਮਹਿਤਪੁਰ, ਦਾਨੇਵਾਲ ਅਤੇ ਲੋਹੀਆਂ ਖਾਸ ਵਿਖੇ ਨਗਰ ਕੀਰਤਨ ਸਜਾਏ ਗਏ। ਨਗਰ ਕੀਰਤਨ ਦੌਰਾਨ ਗੁਰੂ ਗ੍ਰੰਥ ਸਾਹਿਬ ਨੂੰ ਸੁੰਦਰ ਪਾਲਕੀਆਂ ਵਿਚ ਸੁਸ਼ੋਭਿਤ ਕੀਤਾ ਗਿਆ। ਇਨ੍ਹਾਂ ਖੇਤਰਾਂ ਵਿੱਚ ਸਜਾਏ ਗਏ ਨਗਰ ਕੀਰਤਨਾਂ ਵਿਚ ਹਲਕਾ ਵਿਧਾਇਕ ਹਰਦੇਵ ਸਿੰਘ ਲਾਡੀ ਸ਼ੇਰੋਵਾਲੀਆ, ‘ਆਪ’ ਦੇ ਹਲਕਾ ਇੰਚਾਰਜ ਰਤਨ ਸਿੰਘ ਕਾਕੜ ਕਲਾਂ, ਪਰਵੀਨ ਗਰੋਵਰ, ਸੁਰਿੰਦਰ ਸਿੰਘ ਪਦਮ ਅਤੇ ਪ੍ਰਿਤਪਾਲ ਸਿੰਘ ਅਤੇ ਵਿਧਾਇਕ ਇੰਦਰਜੀਤ ਕੌਰ ਮਾਨ ਆਦਿ ਨੇ ਸ਼ਿਰਕਤ ਕੀਤੀ।
ਕਾਹਨੂੰਵਾਨ (ਪੱਤਰ ਪ੍ਰੇਰਕ): ਗੁਰੂ ਨਾਨਕ ਦੇਵ ਦੇ ਪ੍ਰਕਾਸ਼ ਪੁਰਬ ਮੌਕੇ ਸਥਾਨਕ ਕਸਬੇ ਦੀਆਂ ਸੰਗਤਾਂ ਵੱਲੋਂ ਗੁਰੂ ਗ੍ਰੰਥ ਸਾਹਿਬ ਦੀ ਛਤਰ-ਛਾਇਆ ਹੇਠ ਨਗਰ ਕੀਰਤਨ ਸਜਾਇਆ ਗਿਆ। ਇਹ ਨਗਰ ਕੀਰਤਨ ਗੁਰਦੁਆਰਾ ਕਲਗ਼ੀਧਰ ਸਿੰਘ ਸਭਾ ਤੋਂ ਸ਼ੁਰੂ ਹੋ ਕੇ ਮੁੱਖ ਬਾਜ਼ਾਰ, ਬੱਸ ਸਟੈਂਡ ਤੋਂ ਹੁੰਦਾ ਹੋਇਆ ਪੂਰੇ ਕਸਬੇ ਦੀ ਪਰਿਕਰਮਾ ਕਰਨ ਤੋਂ ਬਾਅਦ ਸ਼ਾਮ ਸਮੇਂ ਸਮਾਪਤ ਹੋਇਆ। ਇਸ ਮੌਕੇ ਰਾਗੀ ਢਾਡੀ ਜਥਿਆਂ ਨੇ ਸੰਗਤਾਂ ਗੁਰੂਬਾਣੀ ਨਾਲ ਜੋੜਿਆ। ਇਸ ਦੌਰਾਨ ਵੱਖ ਵੱਖ ਮੁਹੱਲਾ ਵਾਸੀਆਂ ਨੇ ਚਾਹ ਪਕੌੜਿਆਂ ਸਮੇਤ ਖਾਣ ਪੀਣ ਵਾਲੀਆਂ ਵਸਤਾਂ ਦੇ ਲੰਗਰ ਲਗਾਏ ਗਏ ਸਨ।
ਧਾਰੀਵਾਲ (ਪੱਤਰ ਪ੍ਰੇਰਕ): ਗੁਰੂ ਨਾਨਕ ਦੇਵ ਦਾ ਪ੍ਰਕਾਸ਼ ਪੁਰਬ ਸੇਂਟ ਕਬੀਰ ਪਬਲਿਕ ਸਕੂਲ ਵਿੱਚ ਸ਼ਰਧਾ ਨਾਲ ਮਨਾਇਆ ਗਿਆ। ਇਸ ਦੌਰਾਨ ਸਕੂਲ ਪ੍ਰਿੰਸੀਪਲ ਐੱਸ.ਬੀ. ਨਾਯਰ ਤੇ ਪ੍ਰਬੰਧਕ ਨਵਦੀਪ ਕੌਰ ਤੇ ਕੁਲਦੀਪ ਕੌਰ ਦੇ ਅਗਵਾਈ ਹੇਠ ਧਾਰਮਿਕ ਸਮਾਗਮ ਕਰਵਾਇਆ ਗਿਆ। ਅਧਿਆਪਕ ਰਵਿੰਦਰ ਕੌਰ ਤੇ ਦਮਨਬੀਰ ਸਿੰਘ ਦੇ ਸਹਿਯੋਗ ਸਦਕਾ ਨਗਰ ਕੀਰਤਨ ਸਜਾਇਆ ਗਿਆ। ਸਮਾਗਮ ਦੇ ਅਖੀਰ ਵਿੱਚ ਸਕੂਲ ਪ੍ਰਿੰਸੀਪਲ ਨਾਯਰ ਅਤੇ ਪ੍ਰਬੰਧਕ ਨਵਦੀਪ ਕੌਰ ਨੇ ਗੁਰੂ ਨਾਨਕ ਦੇਵ ਦੇ ਪ੍ਰਕਾਸ਼ ਪੁਰਬ ਦੀ ਸਮੂਹ ਸਕੂਲ ਨੂੰ ਵਧਾਈ ਦਿੱਤੀ।
ਫਗਵਾੜਾ (ਪੱਤਰ ਪ੍ਰੇਰਕ): ਡੀਏਵੀ ਕਾਲਜ ਵਿੱਚ ਪ੍ਰਿੰਸੀਪਲ ਡਾ. ਕਿਰਨਜੀਤ ਰੰਧਾਵਾ ਦੀ ਅਗਵਾਈ ‘ਚ ਗੁਰੂ ਨਾਨਕ ਦੇਵ ਜੀ ਦਾ ਪ੍ਰਕਾਸ਼ ਪੁਰਬ ਮਨਾਇਆ ਗਿਆ। ਇਸ ਮੌਕੇ ਵਿਦਿਆਰਥੀਆਂ ਦੇ ਸ਼ਬਦ ਗਾਇਨ, ਭਾਸ਼ਨ ਤੇ ਕਵਿਤਾ ਮੁਕਾਬਲੇ ਕਰਵਾਏ ਗਏ ਤੇ ਵਿਦਿਆਰਥੀਆਂ ਨੇ ਗੁਰੂ ਨਾਨਕ ਦੇਵ ਦੀ ਜੀਵਨੀ ਬਾਰੇ ਚਾਨਣਾ ਪਾਇਆ ਤੇ ਉਨ੍ਹਾਂ ਦੇ ਦਰਸਾਏ ਮਾਰਗ ‘ਤੇ ਚੱਲਣ ਦੀ ਲੋੜ ‘ਤੇ ਜ਼ੋਰ ਦਿੱਤਾ। ਉਨ੍ਹਾਂ ਕਿਹਾ ਕਿ ਗੁਰੂ ਜੀ ਦੀ ਬਾਣੀ ਅਧਿਆਤਮਿਕ ਹੋਣ ਦੇ ਨਾਲ ਨਾਲ ਸਮਾਜਿਕ ਤੇ ਰਾਜਸੀ ਚੇਤਨਾ ਨਾਲ ਵੀ ਭਰਪੂਰ ਹੈ। ਇਸ ਮੌਕੇ ਕਾਲਜ ਪ੍ਰਿੰਸੀਪਲ ਨੇ ਵਿਦਿਆਰਥੀਆਂ ਨੂੰ ਧਾਰਮਿਕ ਗਤੀਵਿਧੀਆਂ ‘ਚ ਹਿੱਸਾ ਲੈਣ ਦੀ ਅਪੀਲ ਕੀਤੀ। ਇਸ ਮੌਕੇ ਕਾਲਜ ਦੇ ਵਿਦਿਆਰਥੀ ਤੇ ਅਧਿਆਪਕ ਮੌਜੂਦ ਸਨ।
ਯੂਨੀਵਰਸਿਟੀ ਕਾਲਜ ਵਿੱਚ ਧਾਰਮਿਕ ਸਮਾਗਮ
ਪਠਾਨਕੋਟ (ਪੱਤਰ ਪ੍ਰੇਰਕ): ਗੁਰੂ ਨਾਨਕ ਦੇਵ ਯੂਨੀਵਰਸਿਟੀ ਕਾਲਜ ਸੁਜਾਨਪੁਰ ਵਿੱਚ ਗੁਰੂ ਨਾਨਕ ਦੇਵ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸੁਖਮਨੀ ਸਾਹਿਬ ਦਾ ਪਾਠ ਕਰਵਾਇਆ ਗਿਆ। ਇਸ ਮੌਕੇ ਪਾਠ ਦਾ ਭੋਗ ਪਾਇਆ ਗਿਆ ਅਤੇ ਸਭਨਾਂ ਦੀ ਸੁੱਖ, ਸ਼ਾਂਤੀ ਅਤੇ ਚੜ੍ਹਦੀ ਕਲਾ ਲਈ ਅਰਦਾਸ ਕੀਤੀ ਗਈ। ਸਮਾਗਮ ਵਿੱਚ ਅਕਾਲ ਅਕੈਡਮੀ ਨਵਾਂ ਪਿੰਡ ਤੋਂ ਸੁਰੇਸ਼ ਸੈਣੀ, ਲਖਵਿੰਦਰ ਸਿੰਘ, ਜੀਐੱਸਐੱਸ ਸਕੂਲ ਮਾਧੋਪੁਰ ਦੇ ਪ੍ਰਿੰਸੀਪਲ ਸੁੱਚਾ ਸਿੰਘ, ਜੀਐਸਐਸ ਸਕੂਲ ਫਿਰੋਜ਼ਪੁਰ ਕਲਾਂ ਦੀ ਪ੍ਰਿੰਸੀਪਲ ਕੁਮਾਰੀ ਨੀਰਾ, ਨੀਲਮ ਕਸ਼ਿਅਪ, ਏਕਤਾ ਠਾਕੁਰ, ਮੋਹਨ ਸਿੰਘ, ਸੰਦੀਪ ਕੁਮਾਰ ਆਦਿ ਨੇ ਵਿਸ਼ੇਸ਼ ਤੌਰ ‘ਤੇ ਹਾਜ਼ਰੀ ਭਰੀ। ਪਾਠ ਉਪਰੰਤ ਕਾਲਜ ਦੇ ਪ੍ਰਿੰਸੀਪਲ, ਸਟਾਫ ਅਤੇ ਵਿਦਿਆਰਥਣਾਂ ਦੇ ਸਹਿਯੋਗ ਨਾਲ ਲੰਗਰ ਦਾ ਪ੍ਰਬੰਧ ਕੀਤਾ ਗਿਆ।