ਧਰਤੀ ਹੇਠਲਾ ਪਾਣੀ ਸੰਭਾਲਣ ਦੀ ਲੋੜ: ਜਸਟਿਸ ਅਹਿਮਦ
ਵਾਤਾਵਰਨ ਦੀ ਸੰਭਾਲ ਲਈ ਗ੍ਰੀਨ ਟ੍ਰਿਬਿਊਨਲ ਦੇ ਮੈਂਬਰ ਵੱਲੋਂ ਅਧਿਕਾਰੀਆਂ ਨਾਲ ਮੀਟਿੰਗ
ਨੈਸ਼ਨਲ ਗਰੀਨ ਟ੍ਰਿਬਿਊਨਲ ਦੇ ਮੈਂਬਰ ਜਸਟਿਸ ਡਾ. ਅਫ਼ਰੋਜ਼ ਅਹਿਮਦ ਵੱਲੋਂ ਅੰਮ੍ਰਿਤਸਰ ਵਿੱਚ ਵਾਤਾਵਰਨ ਦੀ ਸੰਭਾਲ ਲਈ ਜ਼ਿਲ੍ਹਾ ਅਧਿਕਾਰੀਆਂ ਨਾਲ ਮੀਟਿੰਗ ਕੀਤੀ ਗਈ। ਉਨ੍ਹਾਂ ਜ਼ਮੀਨ ਹੇਠਲੇ ਪਾਣੀ ਦਾ ਪੱਧਰ ਹੇਠਾਂ ਡਿੱਗਣ ਅਤੇ ਉਦਯੋਗਿਕ ਪ੍ਰਦੂਸ਼ਣ ’ਤੇ ਚਿੰਤਾ ਦਾ ਪ੍ਰਗਟਾਵਾ ਕੀਤਾ। ਇਸ ਮੀਟਿੰਗ ਵਿੱਚ ਡਿਪਟੀ ਕਮਿਸ਼ਨਰ ਦਲਵਿੰਦਰਜੀਤ ਸਿੰਘ, ਨਗਰ ਨਿਗਮ ਅੰਮ੍ਰਿਤਸਰ ਦੇ ਕਮਿਸ਼ਨਰ ਬਿਕਰਮਜੀਤ ਸਿੰਘ ਸ਼ੇਰਗਿੱਲ, ਵਧੀਕ ਡਿਪਟੀ ਕਮਿਸ਼ਨਰ (ਜਨਰਲ) ਰੋਹਿਤ ਗੁਪਤਾ, ਨਗਰ ਨਿਗਮ ਦੇ ਐਡੀਸ਼ਨਲ ਕਮਿਸ਼ਨਰ ਸੁਰਿੰਦਰ ਸਿੰਘ, ਵਧੀਕ ਡਿਪਟੀ ਕਮਿਸ਼ਨਰ (ਸ਼ਹਿਰੀ ਵਿਕਾਸ) ਅਮਨਦੀਪ ਕੌਰ, ਸੀਨੀਅਰ ਵਾਤਾਵਰਨ ਇੰਜਨੀਅਰ ਸਮਿਤਾ, ਐਕਸੀਅਨ ਇੰਜਨੀਅਰ ਸੁਖਦੇਵ ਸਿੰਘ ਅਤੇ ਸਹਾਇਕ ਵਾਤਾਵਰਨ ਇੰਜਨੀਅਰ ਸੁਖਮਨੀ ਖਹਿਰਾ ਤੇ ਹੋਰ ਅਧਿਕਾਰੀ ਹਾਜ਼ਰ ਸਨ। ਨੈਸ਼ਨਲ ਗਰੀਨ ਟ੍ਰਿਬਿਊਨਲ ਦੇ ਮੈਂਬਰ ਜਸਟਿਸ ਡਾ. ਅਫ਼ਰੋਜ਼ ਅਹਿਮਦ ਨੇ ਜ਼ਿਲ੍ਹਾ ਅੰਮ੍ਰਿਤਸਰ ਦੇ ਵਾਤਾਵਰਨ ਪਲਾਨ ਦੀ ਸਮੀਖਿਆ ਕਰਦਿਆਂ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਉਹ ਵਾਤਾਵਰਨ ਦੀ ਸੰਭਾਲ ਲਈ ਪੂਰੀ ਸੁਹਿਰਦਤਾ ਨਾਲ ਕੰਮ ਕਰਨ। ਗੁਰੂ ਨਗਰੀ ਅੰਮ੍ਰਿਤਸਰ ਨੂੰ ਸਾਫ਼-ਸੁਥਰਾ ਰੱਖਣਾ ’ਤੇ ਜ਼ੋਰ ਦਿੰਦਿਆਂ ਉਨ੍ਹਾਂ ਕਿਹਾ ਕਿ ਵਾਤਾਵਰਨ ਸਭ ਦੀ ਸਾਂਝੀ ਵਿਰਾਸਤ ਹੈ ਅਤੇ ਸ਼ੁੱਧ ਹਵਾ ਤੇ ਪਾਣੀ ਦੀ ਸੰਭਾਲ ਲਈ ਸਭ ਨੂੰ ਮਿਲ ਕੇ ਯਤਨ ਕਰਨੇ ਚਾਹੀਦੇ ਹਨ। ਉਨ੍ਹਾਂ ਆਵਾਜ਼ ਪ੍ਰਦੂਸ਼ਣ ਰੋਕਣ ਲਈ ਵੀ ਹਦਾਇਤਾਂ ਦਿੱਤੀਆਂ। ਉਨ੍ਹਾਂ ਕਿਹਾ ਕਿ ਧਰਤੀ ਹੇਠਲੇ ਪਾਣੀ ਦੀ ਸਾਂਭ ਸੰਭਾਲ ਸਮੇਂ ਦੀ ਸਭ ਤੋਂ ਵੱਡੀ ਲੋੜ ਹੈ। ਧਰਤੀ ਹੇਠਲੇ ਪਾਣੀ ਦੇ ਪੱਧਰ ਦਾ ਲਗਾਤਾਰ ਡਿੱਗਣਾ ਚਿੰਤਾ ਦਾ ਵਿਸ਼ਾ ਹੈ, ਜਿਸ ਲਈ ਪਾਣੀ ਦੀ ਸੁਚੱਜੀ ਵਰਤੋਂ ਯਕੀਨੀ ਬਣਾਉਣ ਦੇ ਨਾਲ ਆਮ ਲੋਕਾਂ ਨੂੰ ਜਲ ਸੁਰੱਖਿਆ ਬਾਰੇ ਜਾਗਰੂਕ ਕਰਨਾ ਚਾਹੀਦਾ ਹੈ। ਡਾ. ਅਹਿਮਦ ਨੇ ਉਦਯੋਗਾਂ ਵੱਲੋਂ ਕੀਤੇ ਜਾਂਦੇ ਪ੍ਰਦੂਸ਼ਣ ਨੂੰ ਰੋਕਣ ਲਈ ਪ੍ਰਦੂਸ਼ਣ ਕੰਟਰੋਲ ਬੋਰਡ ਦੇ ਅਧਿਕਾਰੀਆਂ ਨੂੰ ਕਿਹਾ ਕਿ ਉਹ ਸਾਰੇ ਉਦਯੋਗਾਂ ਵਿੱਚ ਪ੍ਰ ਦੂਸ਼ਣ ਚੈੱਕ ਕਰਨ ਵਾਲੇਯੰਤਰ ਲਾਏ ਜਾਣੇ ਯਕੀਨੀ ਬਣਾਉਣ। ਡਿਪਟੀ ਕਮਿਸ਼ਨਰ ਨੇ ਮੀਟਿੰਗ ਦੌਰਾਨ ਜ਼ਿਲ੍ਹਾ ਅੰਮ੍ਰਿਤਸਰ ਦੀਆਂ ਵੱਖ-ਵੱਖ ਨਗਰ ਕੌਂਸਲਾਂ ਅਤੇ ਨਗਰ ਨਿਗਮ ਅੰਮ੍ਰਿਤਸਰ ਵੱਲੋਂ ਕੂੜੇ ਦੇ ਨਿਬੇੜੇਰੇ ਲਈ ਕੀਤੇ ਜਾ ਰਹੇ ਯਤਨਾਂ ਬਾਰੇ ਜਾਣਕਾਰੀ ਦਿੱਤੀ। ਪਿੰਡਾਂ ਵਿੱਚ ਪਾਣੀ ਦੀ ਸੰਭਾਲ, ਕੂੜੇ ਦੇ ਨਿਬੇੜੇ ਅਤੇ ਪਿੰਡਾਂ ਵਿੱਚ ਥਾਪਰ ਮਾਡਲ ਤਹਿਤ ਛੱਪੜਾਂ ਦਾ ਨਵੀਨੀਕਰਨ ਕਰਕੇ ਪਾਣੀ ਨੂੰ ਸਾਫ਼ ਕੀਤਾ ਜਾ ਰਿਹਾ ਹੈ।

