ਨਿੱਜੀ ਪੱਤਰ ਪ੍ਰੇਰਕ
ਜਲੰਧਰ, 14 ਮਾਰਚ
ਮਾਲ ਵਿਭਾਗ ਦੇ ਰੋਜ਼ਾਨਾ ਦੇ ਕੰਮਕਾਜ ਵਿੱਚ ਕੰਪਿਊਟਰੀਕਰਨ ਨੂੰ ਹੋਰ ਉਤਸ਼ਾਹਿਤ ਕਰਨ ਲਈ ਪ੍ਰਸ਼ਾਸਨ ਵੱਲੋਂ ਜ਼ਿਲ੍ਹੇ ਦੇ ਸਮੂਹ ਪਟਵਾਰੀਆਂ ਅਤੇ ਕਾਨੂੰਨਗੋਆਂ ਨੂੰ ਨਵੇਂ ਲੈਪਟੌਪ ਪ੍ਰਦਾਨ ਕੀਤੇ ਜਾਣਗੇ ਤਾਂ ਜੋ ਉਨ੍ਹਾਂ ਨੂੰ ਫੀਲਡ ਵਿੱਚ ਹੋਰ ਸੁਚਾਰੂ ਢੰਗ ਨਾਲ ਕੰਮ ਕਰਨ ਦੀ ਸਹੂਲਤ ਦਿੱਤੀ ਜਾ ਸਕੇ। ਡਿਪਟੀ ਕਮਿਸ਼ਨਰ ਘਨਸ਼ਿਆਮ ਥੋਰੀ ਨੇ ਦੱਸਿਆ ਕਿ ਮਾਲ ਵਿਭਾਗ ਦੀਆਂ ਹਦਾਇਤਾਂ ਅਨੁਸਾਰ ਨਵਾਂ ਲੈਪਟੌਪ ਖਰੀਦਣ ਲਈ ਹਰੇਕ ਪਟਵਾਰੀ ਅਤੇ ਕਾਨੂੰਨਗੋ ਨੂੰ ਵੱਧ ਤੋਂ ਵੱਧ 60,000 ਰੁਪਏ ਦੀ ਯਕਮੁਸ਼ਤ ਰਕਮ ਦਿੱਤੀ ਜਾਵੇਗੀ। ਉਨ੍ਹਾਂ ਕਿਹਾ ਕਿ ਸਬੰਧਤ ਅਧਿਕਾਰੀ ਨੂੰ ਆਪਣਾ ਬਿੱਲ ਜ਼ਿਲ੍ਹਾ ਮਾਲ ਅਫਸਰ ਦੇ ਦਫਤਰ ਵਿੱਚ ਜਮ੍ਹਾਂ ਕਰਵਾਉਣਾ ਹੋਵੇਗਾ ਅਤੇ ਬਿੱਲ ਵਿੱਚ ਦਰਜ ਰਕਮ ਉਨ੍ਹਾਂ ਦੇ ਬੈਂਕ ਖਾਤਿਆਂ ਵਿੱਚ ਤਬਦੀਲ ਕਰ ਦਿੱਤੀ ਜਾਵੇਗੀ। ਇਸ ਤੋਂ ਇਲਾਵਾ ਸਬੰਧਤ ਅਧਿਕਾਰੀ ਨੂੰ 300 ਰੁਪਏ ਪ੍ਰਤੀ ਮਹੀਨਾ ਇੰਟਰਨੈੱਟ ਖਰਚੇ ਵਜੋਂ ਅਦਾ ਕੀਤੇ ਜਾਣਗੇ। ਉਨ੍ਹਾਂ ਕਿਹਾ ਕਿ ਇਸ ਸਹੂਲਤ ਦਾ ਲਾਭ ਲੈਣ ਲਈ ਉਨ੍ਹਾਂ ਨੂੰ ਇੰਟਰਨੈੱਟ ਸੇਵਾਵਾਂ ਦੀ ਵਰਤੋਂ ਕਰਨ ਖਾਤਰ ਡੌਂਗਲ ਖਰੀਦਣੀ ਪਵੇਗੀ। ਇਹ ਦਿਸ਼ਾ-ਨਿਰਦੇਸ਼ ਕੇਵਲ 30 ਅਗਸਤ 2022 ਤੋਂ ਬਾਅਦ ਸੇਵਾਮੁਕਤ ਹੋਣ ਵਾਲੇ ਪਟਵਾਰੀਆਂ ਅਤੇ ਕਾਨੂੰਨਗੋਆਂ ’ਤੇ ਲਾਗੂ ਹੋਣਗੇ।