ਨਿੱਜੀ ਪੱਤਰ ਪ੍ਰੇਰਕ
ਬਲਾਚੌਰ, 23 ਮਈ
ਨਵਾਂ ਪਿੰਡ ਰੱਤੇਵਾਲ ਦੀ ਲੰਬੇ ਸਮੇਂ ਤੋਂ ਚੱਲ ਰਹੀ ਸਮੱਸਿਆ ਦੇ ਹੱਲ ਦਾ ਉਸ ਸਮੇਂ ਰਾਹ ਪੱਧਰਾ ਹੋ ਗਿਆ, ਜਦੋਂ ਵਿਧਾਇਕ ਚੌਧਰੀ ਦਰਸ਼ਨ ਲਾਲ ਮੰਗੂਪੁਰ ਵੱਲੋਂ ਕਰੀਬ 7.50 ਲੱਖ ਰੁਪਏ ਦੀ ਲਾਗਤ ਨਾਲ ਇੱਥੇ ਗੰਦੇ ਪਾਣੀ ਦੇ ਨਿਕਾਸ ਦਾ ਕੰਮ ਸ਼ੁਰੂ ਕਰਵਾ ਦਿੱਤਾ ਗਿਆ। ਇਸ ਮੌਕੇ ਉਨ੍ਹਾਂ ਦੱਸਿਆ ਕਿ ਪਿਛਲੇ ਕਈ ਸਾਲਾਂ ਤੋਂ ਗੰਦੇ ਪਾਣੀ ਦੇ ਨਿਕਾਸ ਦੀ ਸਮੱਸਿਆ ਇਸ ਇਲਾਕੇ ਲਈ ਵੱਡੀ ਸਿਰਦਰਦੀ ਬਣੀ ਹੋਈ ਸੀ। ਉਨ੍ਹਾਂ ਦੱਸਿਆ ਕਿ ਪੰਜਾਬ ਮੰਡੀ ਬੋਰਡ ਵੱਲੋਂ ਇੱਥੇ ਸੜਕ ਨਹੀਂ ਸੀ ਬਣਾਈ ਜਾ ਰਹੀ, ਕਿਉਂਕਿ ਪਾਣੀ ਦੀ ਨਿਕਾਸੀ ਨਾ ਹੋਣ ਕਰ ਕੇ ਇਹ ਟੁੱਟ ਜਾਂਦੀ ਸੀ। ਉਨ੍ਹਾਂ ਦੱਸਿਆ ਕਿ ਹੁਣ ਸਮਾਜ ਸੇਵੀ ਸੁਰਿੰਦਰ ਕੁਮਾਰ ਭੂੰਬਲਾ ਵੱਲੋਂ ਇਸ ਸਮੱਸਿਆ ਦੇ ਹੱਲ ਲਈ ਆਪਣੀ 16 ਮਰਲੇ ਜ਼ਮੀਨ ਦਾਨ ਕੀਤੀ ਗਈ ਹੈ, ਜਿੱਥੇ ਛੱਪੜ ਬਣਾਇਆ ਜਾ ਰਿਹਾ ਹੈ। ਉਨ੍ਹਾਂ ਦੱਸਿਆ ਕਿ ਹੁਣ ਸੜਕ ਦੇ ਦੇਵੋਂ ਪਾਸੇ ਪਾਈਪਾਂ ਰਾਹੀਂ ਪਾਣੀ ਦਾ ਨਿਕਾਸ ਕੀਤਾ ਜਾਵੇਗਾ, ਜਿਸ ਨਾਲ ਇਸ ਸਮੱਸਿਆ ਦਾ ਪੱਕਾ ਹੱਲ ਹੋ ਜਾਵੇਗਾ। ਬਲਾਚੌਰ ਹਲਕੇ ਦੇ ਸਰਬਪੱਖੀ ਵਿਕਾਸ ਦੀ ਗੱਲ ਕਰਦਿਆਂ ਉਨ੍ਹਾਂ ਕਿਹਾ ਕਿ ਹਲਕੇ ਵਿਚ ਵਿਕਾਸ ਕਾਰਜ ਜੰਗੀ ਪੱਧਰ ’ਤੇ ਜਾਰੀ ਹਨ ਅਤੇ ਕੋਵਿਡ ਮਹਾਮਾਰੀ ਦੇ ਬਾਵਜੂਦ ਇਨ੍ਹਾਂ ਵਿਚ ਕੋਈ ਖੜੋਤ ਨਹੀਂ ਆਉਣ ਦਿੱਤੀ ਗਈ।