ਹਰਪ੍ਰੀਤ ਕੌਰ
ਹੁਸ਼ਿਆਰਪੁਰ, 27 ਨਵੰਬਰ
ਨੈਸ਼ਨਲ ਹੈਲਥ ਮਿਸ਼ਨ ਅਧੀਨ ਕੰਮ ਕਰਦੇ ਕਰਮਚਾਰੀਆਂ ਵੱਲੋਂ ਆਪਣੀਆਂ ਮੰਗਾਂ ਸਬੰਧੀ ਕੀਤੀ ਜਾ ਰਹੀ ਹੜਤਾਲ ਅੱਜ ਪੰਜਵੇਂ ਦਿਨ ਵੀ ਜਾਰੀ ਰਹੀ। ਅੱਜ ਮੁਲਾਜ਼ਮਾਂ ਨੇ ਸਿਵਲ ਹਸਪਤਾਲ ਦੇ ਗੇਟ ਅੱਗੇ ਪੰਜਾਬ ਸਰਕਾਰ ਦਾ ਪੁਤਲਾ ਫ਼ੂਕਿਆ ਅਤੇ ਸਰਕਾਰ ਦੀਆਂ ਮੁਲਾਜ਼ਮ ਮਾਰੂ ਤੇ ਝੂਠੇ ਵਾਅਦਿਆਂ ਖ਼ਿਲਾਫ਼ ਨਾਅਰੇਬਾਜ਼ੀ ਕੀਤੀ। ਮੁਲਾਜ਼ਮਾਂ ਨੇ ਰੋਸ ਪ੍ਰਗਟਾਇਆ ਕਿ ਉਹ ਪਿਛਲੇ 15 ਸਾਲਾਂ ਤੋਂ ਨਿਗੁਣੀਆਂ ਤਨਖਾਹਾਂ ’ਤੇ ਸੇਵਾਵਾਂ ਨਿਭਾ ਰਹੇ ਹਨ ਪਰ ਸਰਕਾਰ ਨੇ ਅੱਜ ਤੱਕ ਉਨ੍ਹਾਂ ਨੂੰ ਹਮੇਸ਼ਾ ਅਣਗੌਲਿਆ ਹੀ ਕੀਤਾ ਹੈ। ਉਨ੍ਹਾਂ ਕਿਹਾ ਕਿ ਕੋਵਿਡ ਮਹਾਮਾਰੀ ਦੌਰਾਨ ਵੀ ਉਨ੍ਹਾਂ ਨੇ ਪੂਰੀ ਤਨਦੇਹੀ ਨਾਲ ਦਿਨ ਰਾਤ ਆਪਣੀ ਡਿਊਟੀ ਨਿਭਾਈ ਪਰ ਸਰਕਾਰ ਨੇ ਕਦੀ ਉਨ੍ਹਾਂ ਦੀ ਹੌਸਲਾ-ਅਫ਼ਜਾਈ ਨਹੀਂ ਕੀਤੀ। ਉਨ੍ਹਾਂ ਸਪੱਸ਼ਟ ਕੀਤਾ ਕਿ ਜੇਕਰ ਸਰਕਾਰ ਨੇ ਉਨ੍ਹਾਂ ਦੀਆਂ ਮੰਗਾਂ ਵੱਲ ਤੁਰੰਤ ਧਿਆਨ ਨਾ ਦਿੱਤਾ ਤਾਂ ਸੰਘਰਸ਼ ਨੂੰ ਹੋਰ ਤੇਜ਼ ਕੀਤਾ ਜਾਵੇਗਾ। ਉਨ੍ਹਾਂ ਦੱਸਿਆ ਕਿ ਐੱਨ.ਐੱਚ.ਐੱਮ ਐਂਪਲਾਈਜ਼ ਐਸੋਸੀਏਸ਼ਨ ਪੰਜਾਬ ਵਲੋਂ ਸਾਂਝੇ ਤੌਰ ’ਤੇ 30 ਨਵੰਬਰ ਨੂੰ ਖਰੜ ਵਿੱਚ ਰੈਲੀ ਤੇ ਰੋਸ ਮਾਰਚ ਕੀਤਾ ਜਾ ਰਿਹਾ ਹੈ।
ਕਰਮਚਾਰੀਆਂ ਨੇ ਸ਼ਲਾਘਾ ਪੱਤਰਾਂ ਦੀਆਂ ਕਾਪੀਆਂ ਫੂਕੀਆਂ
ਪਠਾਨਕੋਟ (ਐੱਨਪੀ ਧਵਨ): ਐੱਨਐੱਚਐੱਮ ਮੁਲਾਜ਼ਮਾਂ ਵੱਲੋਂ ਪੰਜਾਬ ਸਰਕਾਰ ਖ਼ਿਲਾਫ਼ ਹੜਤਾਲ 12ਵੇਂ ਦਿਨ ਵੀ ਜਾਰੀ ਰਹੀ। ਇਸ ਦੌਰਾਨ ਯੂਨੀਅਨ ਵੱਲੋਂ ਕਰੋਨਾ ਦੀ ਡਿਊਟੀ ਦੌਰਾਨ ਕੀਤੇ ਗਏ ਸ਼ਲਾਘਾਯੋਗ ਕੰਮ ਲਈ ਸਰਕਾਰ ਵੱਲੋਂ ਮਿਲੇ ਸ਼ਲਾਘਾ ਪੱਤਰਾਂ ਦੀਆਂ ਕਾਪੀਆਂ ਨੂੰ ਫੂਕ ਕੇ ਸਰਕਾਰ ਦਾ ਪਿੱਟ ਸਿਆਪਾ ਕੀਤਾ ਗਿਆ। ਇਸ ਸਮੇਂ ਜ਼ਿਲ੍ਹਾ ਪ੍ਰਧਾਨ ਪੰਕਜ ਕੁਮਾਰ, ਡਾ. ਰਾਜਨ ਚੌਧਰੀ, ਡਾ. ਅਤੁਲ, ਡਾ. ਦੀਪਕ, ਹਰਜਿੰਦਰ ਸਿੰਘ ਗੋਰਾਇਆ ਆਦਿ ਹਾਜ਼ਰ ਸਨ।