ਸਿਹਤ ਵਿਭਾਗ ਦੇ ਕੌਮੀ ਸਿਹਤ ਮਿਸ਼ਨ (ਐੱਨ ਐੱਚ ਐੱਮ) ਮੁਲਾਜ਼ਮਾਂ ਨੇ ਅੱਜ ਮੁਕੰਮਲ ਹੜਤਾਲ ਕਰ ਕੇ ਆਪਣੀਆਂ ਲੰਬਿਤ ਮੰਗਾਂ ਦੇ ਹੱਕ ਵਿੱਚ ਇੱਥੇ ਸਿਵਲ ਹਸਪਤਾਲ ਕੰਪਲੈਕਸ ਵਿੱਚ ਧਰਨਾ ਦਿੱਤਾ। ਇਸ ਧਰਨੇ ਵਿੱਚ ਜ਼ਿਲ੍ਹੇ ਭਰ ਤੋਂ ਵੱਡੀ ਗਿਣਤੀ ਵਿੱਚ ਪਹੁੰਚੇ ਮੁਲਾਜ਼ਮਾਂ ਨੇ ਸਰਕਾਰ ਖ਼ਿਲਾਫ਼ ਨਾਅਰੇਬਾਜ਼ੀ ਕੀਤੀ। ਆਗੂਆਂ ਨੇ ਬਾਅਦ ਵਿੱਚ ਸਿਵਲ ਸਰਜਨ ਡਾ. ਸੁਨੀਤਾ ਨੂੰ ਮੁੱਖ ਮੰਤਰੀ ਦੇ ਨਾਂ ਮੰਗ ਪੱਤਰ ਸੌਂਪਿਆ।
ਇਸ ਮੌਕੇ ਧਰਨੇ ਨੂੰ ਸੰਬੋਧਨ ਕਰਦਿਆਂ ਜ਼ਿਲ੍ਹਾ ਪਠਾਨਕੋਟ ਦੇ ਆਗੂ ਡਾ. ਵਿਮੁਕਤ ਸ਼ਰਮਾ ਨੇ ਕਿਹਾ ਕਿ ਇਹ ਧਰਨਾ ਉਨ੍ਹਾਂ ਦੀਆਂ ਪਿਛਲੇ ਲੰਬੇ ਸਮੇਂ ਤੋਂ ਚੱਲੀਆਂ ਆ ਰਹੀਆਂ ਮੰਗਾਂ ਨੂੰ ਲੈ ਕੇ ਲਾਇਆ ਗਿਆ ਹੈ। ਉਨ੍ਹਾਂ ਦੱਸਿਆ ਕਿ ਸਿਹਤ ਵਿਭਾਗ ਵਿੱਚ ਉਹ ਪਿਛਲੇ ਕਈ ਸਾਲਾਂ ਤੋਂ ਬਹੁਤ ਹੀ ਮੁਸ਼ਕਲ ਹਾਲਾਤ ਵਿੱਚ ਕੰਮ ਰਹੇ ਹਨ। ਮੁਲਾਜ਼ਮਾਂ ਨੂੰ ਪੇਂਡੂ ਖੇਤਰਾਂ ਵਿੱਚ ਕੰਮ ਕਰਦਿਆਂ ਕਈ ਵੱਡੀਆਂ ਚੁਣੌਤੀਆਂ ਦਾ ਸਾਹਮਣਾ ਕਰਨਾ ਪੈਂਦਾ ਹੈ, ਜਿਸ ਬਾਰੇ ਪੰਜਾਬ ਸਰਕਾਰ ਅਤੇ ਸਿਹਤ ਵਿਭਾਗ ਦੇ ਉੱਚ ਅਧਿਕਾਰੀ ਚੰਗੀ ਤਰ੍ਹਾਂ ਜਾਣੂ ਹੋਣ ਦੇ ਬਾਵਜੂਦ ਉਨ੍ਹਾਂ ਦੀਆਂ ਹੱਕੀ ਮੰਗਾਂ ਨੂੰ ਅਣਦੇਖਾ ਕਰ ਰਹੇ ਹਨ।
ਇਸ ਦੌਰਾਨ ਪੰਕਜ ਕੁਮਾਰ ਨੇ ਕਿਹਾ ਕਿ ਆਮ ਆਦਮੀ ਪਾਰਟੀ ਨੇ ਸੱਤਾ ਵਿੱਚ ਆਉਣ ਤੋਂ ਪਹਿਲਾਂ ਐੱਨ ਐੱਚ ਐੱਮ ਦੇ ਸਾਰੇ ਕੱਚੇ ਮੁਲਾਜ਼ਮਾਂ ਨੂੰ ਪਹਿਲ ਦੇ ਅਧਾਰ ’ਤੇ ਪੱਕਾ ਕਰਨ ਦਾ ਵਾਅਦਾ ਕੀਤਾ ਸੀ, ਪਰ ਅਜੇ ਤੱਕ ਕੋਈ ਮੰਗ ਪੂਰੀ ਨਹੀਂ ਕੀਤੀ ਗਈ। ਮੁਲਾਜ਼ਮਾਂ ਨੇ ‘ਬਰਾਬਰ ਕੰਮ, ਬਰਾਬਰ ਤਨਖਾਹ’ ਦੇ ਨਿਯਮ ਨੂੰ ਲਾਗੂ ਕਰਨ ਦੀ ਮੰਗ ਵੀ ਦੁਹਰਾਈ। ਇਸ ਮੌਕੇ ਡਾ. ਵਿਨੈ ਕੁਮਾਰ, ਅਰਜਨ ਸਿੰਘ, ਜਤਿਨ ਕੁਮਾਰ, ਸ਼ਿਵ ਕੁਮਾਰ, ਹੇਮੰਤ ਸ਼ਰਮਾ, ਡਾ. ਧਰਮਵੀਰ ਸ਼ਰਮਾ, ਡਾ. ਗੌਰਵ ਆਦਿ ਹਾਜ਼ਰ ਸਨ।

