ਸੁਰਿੰਦਰ ਸਿੰਘ ਗੁਰਾਇਆ
ਟਾਂਡਾ, 7 ਮਈ
ਐੱਨਐੱਚਐੱਮ ਐਂਪਲਾਈਜ਼ ਯੂਨੀਅਨ ਨਾਲ ਜੁੜੇ ਇਥੋਂ ਦੇ ਸਰਕਾਰੀ ਹਸਪਤਾਲ ਦੇ ਸਟਾਫ ਮੈਂਬਰਾਂ ਨੇ ਆਪਣੀਆਂ ਮੰਗਾਂ ਨੂੰ ਲੈ ਕੇ ਸ਼ੁਰੂ ਕੀਤੀ ਅਣਮਿੱਥੇ ਸਮੇਂ ਦੀ ਹੜਤਾਲ ਅੱਜ ਚੌਥੇ ਦਿਨ ਵੀ ਜਾਰੀ ਰੱਖੀ। ਜਿਸ ਕਾਰਨ ਸਰਕਾਰੀ ਹਸਪਤਾਲ ਦੀਆਂ ਸਿਹਤ ਸੇਵਾਵਾਂ ’ਤੇ ਅਸਰ ਪਿਆ। ਟਾਂਡਾ ਵਿੱਚ ਸੇਵਾਵਾਂ ਦੇ ਰਹੇ ਇਨ੍ਹਾਂ ਕਰਮਚਾਰੀਆਂ ਦੀ ਹੜਤਾਲ ਕਾਰਨ ਅੱਜ ਪਿੰਡਾਂ ਵਿੱਚ ਹੋਣ ਵਾਲੀ ਕੋਵਿਡ ਟੈਸਟਿੰਗ ਅਤੇ ਟੀਕਾਕਰਨ ਦੀ ਮੁਹਿੰਮ ਅਤੇ ਹੋਰ ਸੇਵਾਵਾਂ ’ਤੇ ਅਸਰ ਪਿਆ। ਹਸਪਤਾਲ ਵਿੱਚ ਧਰਨੇ ’ਤੇ ਬੈਠੇ ਕਰਮਚਾਰੀਆਂ ਨੇ ਸੂਬਾ ਸਰਕਾਰ ਖਿਲਾਫ ਨਾਅਰੇਬਾਜ਼ੀ ਕਰਦੇ ਹੋਏ ਸਰਕਾਰ ਵੱਲੋਂ ਬੀਤੇ ਦਿਨ ਹੋਈ ਸਿਹਤ ਮੰਤਰੀ ਨਾਲ ਮੀਟਿੰਗ ਦੌਰਾਨ ਦਿੱਤੇ ਗਏ 15 ਫ਼ੀਸਦੀ ਤਨਖਾਹ ਦੇ ਵਾਧੇ ਨੂੰ ਮਾਮੂਲੀ ਦੱਸਦਿਆਂ ਸਰਕਾਰੀ ਹੁਕਮਾਂ ਦੀਆਂ ਕਾਪੀਆਂ ਸਾੜੀਆਂ। ਇਸ ਮੌਕੇ ਆਪਣੀਆਂ ਮੰਗਾਂ ਦੇ ਹੱਕ ਵਿੱਚ ਆਵਾਜ਼ ਬੁਲੰਦ ਕਰਦਿਆਂ ਡਾਕਟਰਾਂ ਨੇ ਕਿਹਾ ਕਿ ਉਨ੍ਹਾਂ ਦਾ ਸੰਘਰਸ਼ ਰੈਗੂਲਰ ਕਰਨ ਅਤੇ ਰੈਗੂਲਰ ਕਰਮਚਾਰੀਆਂ ਦੀ ਤਰ੍ਹਾਂ ਪੇਅ-ਸਕੇਲ ਹਾਸਲ ਹੋਣ ਤੱਕ ਜਾਰੀ ਰਹੇਗਾ।
ਹੁਸ਼ਿਆਰਪੁਰ (ਹਰਪ੍ਰੀਤ ਕੌਰ): ਰਾਸ਼ਟਰੀ ਸਿਹਤ ਮਿਸ਼ਨ ਅਧੀਨ ਕੰਮ ਕਰਦੇ ਬਲਾਕ ਚੱਕੋਵਾਲ ਦੇ ਸਮੂਹ ਮੁਲਾਜ਼ਮਾਂ ਦੀ ਮੰਗਾਂ ਸਬੰਧੀ ਹੜਤਾਲ ਅੱਜ ਚੌਥੇ ਦਿਨ ਵੀ ਜਾਰੀ ਰਹੀ। ਹੜਤਾਲ ਵਿਚ ਸਟਾਫ਼, ਪੈਰਾ ਮੈਡੀਕਲ ਤੇ ਦਫ਼ਤਰੀ ਸਟਾਫ਼, ਫ਼ਾਰਮੇਸੀ ਅਫ਼ਸਰ, ਸੀਐੱਚਓਜ਼, ਬਲਾਕ ਅਕਾਊਂਟੈਂਟ, ਬਲਾਕ ਅੰਕੜਾ ਸਹਾਇਕ, ਡਾਟਾ ਐਂਟਰੀ ਓਪਰੇਟਰ ਆਦਿ ਕਰਮਚਾਰੀ ਸ਼ਾਮਲ ਹੋਏ। ਹੜਤਾਲ ਕਾਰਨ ਚੱਕੋਵਾਲ ਵਿੱਚ ਸਿਹਤ ਸੇਵਾਵਾਂ ਪੂਰੀ ਤਰ੍ਹਾਂ ਠੱਪ ਰਹੀਆਂ। ਇਸ ਦੌਰਾਨ ਮੁਲਾਜ਼ਮਾਂ ਨੇ ਪੰਜਾਬ ਸਰਕਾਰ ਦੁਆਰਾ ਜਾਰੀ ਕੀਤੇ 9 ਫ਼ੀਸਦੀ ਵਾਧੇ ਦੇ ਨੋਟੀਫ਼ਿਕੇਸ਼ਨ ਦੀਆਂ ਕਾਪੀਆਂ ਸਾੜੀਆਂ ਅਤ ਆਪਣੀਆਂ ਸੇਵਾਵਾਂ ਨੂੰ ਰੈਗੂਲਰ ਕਰਨ ਦੀ ਮੰਗ ਕੀਤੀ। ਮੁਲਾਜ਼ਮਾਂ ਨੇ ਸੀਨੀਅਰ ਮੈਡੀਕਲ ਅਫ਼ਸਰ ਚੱਕੋਵਾਲ ਡਾ. ਬਲਦੇਵ ਸਿੰਘ ਨੂੰ ਮੰਗ ਪੱਤਰ ਵੀ ਦਿੱਤਾ।