BSP Slams Punjab Govt: ਅੰਬੇਡਕਰ ਦਾ ਬੁੱਤ ਤੋੜਨ ਵਾਲਿਆਂ ਖ਼ਿਲਾਫ਼ ਕਾਰਵਾਈ ਨਹੀਂ ਹੋਈ: ਕਰੀਮਪੁਰੀ
ਬਸਪਾ ਦੀ ਧੂਰੀ ਵਿੱਚ ਰੈਲੀ 14 ਨੂੰ
ਬਹੁਜਨ ਸਮਾਜ ਪਾਰਟੀ ਦੇ ਸੂਬਾ ਪ੍ਰਧਾਨ ਅਵਤਾਰ ਸਿੰਘ ਕਰੀਮਪੁਰੀ ਨੇ ਕਿਹਾ ਕਿ ਸੂਬੇ ਵਿੱਚ ਸੰਵਿਧਾਨ ਦੇ ਰਚੇਤਾ ਡਾ. ਭੀਮ ਰਾਓ ਅੰਬੇਡਕਰ ਦੇ ਨੌਂ ਵਾਰ ਬੁੱਤ ਤੋੜੇ ਗਏ ਹਨ, ਜਿਸ ਦੇ ਬਾਵਜੂਦ ਮੁੱਖ ਮੰਤਰੀ ਨੇ ਇਸ ਸਬੰਧੀ ਕੋਈ ਕਾਰਵਾਈ ਨਹੀਂ ਕੀਤੀ। ਇਸ ਕਾਰਨ ਦਲਿਤ ਸਮਾਜ ਵਿੱਚ ਭਾਰੀ ਰੋਸ ਹੈ। ਉਨ੍ਹਾਂ ਕਿਹਾ ਕਿ ਸੂਬੇ ਵਿੱਚ ਸ਼ੁਰੂ ਕੀਤੀ ਪੰਜਾਬ ਸੰਭਾਲੋ ਮੁਹਿੰਮ ਨੂੰ ਲੋਕਾਂ ਦਾ ਭਰਵਾਂ ਹੁੰਗਾਰਾ ਮਿਲ ਰਿਹਾ ਹੈ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਹਲਕੇ ਧੂਰੀ ਵਿੱਚ 14 ਅਪਰੈਲ ਨੂੰ ਰੈਲੀ ਕਰਕੇ ਸੂਬਾ ਸਰਕਾਰ ਕੋਲੋਂ ਚਾਰ ਸਾਲਾਂ ਦਾ ਹਿਸਾਬ ਮੰਗਿਆ ਜਾਵੇਗਾ। ਇਸ ਮੌਕੇ ਵਿਧਾਨ ਸਭਾ ਹਲਕਾ ਆਦਮਪੁਰ ਤੋਂ ‘ਆਪ’ ਦੇ ਕੋਆਰਡੀਨੇਟਰ ਬੂਟਾ ਸਿੰਘ ਪਤਾਰਾ ਨੇ ਬਸਪਾ ਵਿੱਚ ਸ਼ਾਮਲ ਹੋਣ ਦਾ ਐਲਾਨ ਕੀਤਾ ਹੈ।
ਅੰਬੇਡਕਰ ਦੇ ਫਲੈਕਸ ਪਾੜਨ ਵਾਲੇ ਬ਼ਖਸ਼ੇ ਨਹੀਂ ਜਾਣਗੇ: ਡੀ ਐੱਸ ਪੀ
ਨਕੋਦਰ (ਪੱਤਰ ਪ੍ਰੇਰਕ): ਨਕੋਦਰ ਵਿਚ ਬਾਬਾ ਸਾਹਿਬ ਅੰਬੇਡਕਰ ਦੇ ਜਨਮ ਦਿਵਸ ਦੀਆਂ ਵਧਾਈਆਂ ਸਬੰਧੀ ਫਲੈਕਸ ਬੋਰਡ ਪਾੜੇ ਜਾਣ ਮਗਰੋਂ ਪੁਲੀਸ ਨੇ ਸਖ਼ਤ ਚਿਤਾਵਨੀ ਦਿੱਤੀ ਹੈ। ਘਟਨਾ ਦਾ ਪਤਾ ਲੱਗਦਿਆ ਹੀ ਨਕੋਦਰ ਪੁਲੀਸ ਹਰਕਤ ਵਿਚ ਆ ਗਈ ਹੈ। ਡੀ ਐੱਸ ਪੀ ਨਕੋਦਰ ਉਂਕਾਰ ਸਿੰਘ ਬਰਾੜ ਨੇ ਕਿਹਾ ਕਿ ਪੁਰਾਣੀ ਦਾਣਾ ਮੰਡੀ ਦੇ ਨਜ਼ਦੀਕ ਦੇ ਬਾਬਾ ਸਾਹਿਬ ਅੰਬੇਡਕਰ ਦੇ ਫਲੈਕਸ ਬੋਰਡ ਪਾੜੇ ਗਏ ਹਨ। ਉਨ੍ਹਾਂ ਕਿਹਾ ਕਿ ਮੁੱਢਲੀ ਜਾਂਚ ਤੋਂ ਪਤਾ ਲੱਗਾ ਕਿ ਇਹ ਕੰਮ ਕਿਸੇ ਸ਼ਰਾਰਤੀ ਅਨਸਰ ਵੱਲੋਂ ਕੀਤਾ ਗਿਆ ਹੈ। ਸੀ ਸੀ ਟੀ ਵੀ ਕੈਮਰਿਆਂ ਦੀ ਮਦਦ ਲਈ ਜਾ ਰਹੀ ਹੈ। ਬਾਬਾ ਸਾਹਿਬ ਦਾ ਅਪਮਾਨ ਕਰਨ ਵਾਲਿਆਂ ਨੂੰ ਬਖ਼ਸ਼ਿਆ ਨਹੀਂ ਜਾਵੇਗਾ।

