ਪਾਲ ਸਿੰਘ ਨੌਲੀ
ਜਲੰਧਰ, 12 ਅਗਸਤ
ਡਿਪਟੀ ਕਮਿਸ਼ਨਰ ਘਨਸ਼ਿਆਮ ਥੋਰੀ ਨੇ ਸਿਹਤ ਅਤੇ ਸਿੱਖਿਆ ਵਿਭਾਗ ਦੇ ਅਧਿਕਾਰੀਆਂ ਨੂੰ ਕਿਹਾ ਕਿ ਅਗਸਤ ਮਹੀਨੇ ਦੇ ਅੰਤ ਤੱਕ ਜ਼ਿਲ੍ਹੇ ਦੇ ਸਮੁੱਚੇ ਸਰਕਾਰੀ ਅਤੇ ਪ੍ਰਾਈਵੇਟ ਵਿੱਦਿਅਕ ਅਦਾਰਿਆਂ ਵਿੱਚ ਸਮੁੱਚੇ ਟੀਚਿੰਗ ਅਤੇ ਨਾਨ ਟੀਚਿੰਗ ਸਟਾਫ ਦਾ ਮੁਕੰਮਲ ਕੋਵਿਡ ਟੀਕਾਕਰਨ ਯਕੀਨੀ ਬਣਾਇਆ ਜਾਵੇ। ਉਨ੍ਹਾਂ ਕਿਹਾ ਕਿ ਅਜਿਹੇ ਕਿਸੇ ਵੀ ਸਟਾਫ਼ ਮੈਂਬਰ ਨੂੰ ਸਕੂਲਾਂ ਵਿੱਚ ਡਿਊਟੀ ’ਤੇ ਹਾਜ਼ਰ ਹੋਣ ਦੀ ਇਜਾਜ਼ਤ ਨਹੀਂ ਦਿੱਤੀ ਜਾਣੀ ਚਾਹੀਦੀ, ਜਿਨ੍ਹਾਂ ਦੀ ਵੈਕਸੀਨੇਸ਼ਨ ਨਾ ਹੋਈ ਹੋਵੇ।
ਸਿਹਤ ਅਤੇ ਸਿੱਖਿਆ ਵਿਭਾਗ ਦੇ ਅਧਿਕਾਰੀਆਂ ਦੀ ਸਾਂਝੀ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਡਿਪਟੀ ਕਮਿਸ਼ਨਰ ਨੇ ਹਦਾਇਤ ਕੀਤੀ ਕਿ ਸਕੂਲਾਂ ਅਤੇ ਕਾਲਜਾਂ ਵਿੱਚ ਵਿਸ਼ੇਸ਼ ਕੋਵਿਡ ਵੈਕਸੀਨ ਟੀਕਾਕਰਨ ਮੁਹਿੰਮ ਚਲਾ ਕੇ ਇਹ ਯਕੀਨੀ ਬਣਾਇਆ ਜਾਵੇ ਕਿ ਕੋਈ ਵੀ ਕੋਵਿਡ ਵੈਕਸੀਨ ਦਾ ਟੀਕਾ ਲਗਾਉਣ ਤੋਂ ਵਾਂਝਾ ਨਾ ਰਹਿ ਜਾਵੇ।
ਸਕੂਲ ਪ੍ਰਬੰਧਕਾਂ ਵੱਲੋਂ ਮਾਪਿਆਂ ਤੋਂ ਸਰਟੀਫ਼ਿਕੇਟ ਮੰਗਣ ’ਤੇ ਮੁਜ਼ਾਹਰਾ
ਹੁਸ਼ਿਆਰਪੁਰ (ਪੱਤਰ ਪ੍ਰੇਰਕ): ਪੰਜਾਬ ਸਰਕਾਰ ਵੱਲੋਂ ਸਰਕਾਰੀ ਸਕੂਲਾਂ ਦੇ ਵਿਦਿਆਰਥੀਆਂ ਕੋਲੋਂ ਵਾਰ-ਵਾਰ ਜਾਤੀ, ਰਿਹਾਇਸ਼ੀ, ਡੋਮੀਸਾਈਲ, ਆਮਦਨ ਸਰਟੀਫ਼ਿਕੇਟ ਆਦਿ ਮੰਗਣ ਕਾਰਨ ਮਾਪਿਆਂ ਦੀ ਸੇਵਾ ਕੇਂਦਰਾਂ ’ਚ ਹੁੰਦੀ ਖੱਜਲ ਖੁਆਰੀ ਖਿਲਾਫ਼ ਲੇਬਰ ਪਾਰਟੀ ਦੇ ਪ੍ਰਧਾਨ ਜੈ ਗੋਪਾਲ ਧੀਮਾਨ ਦੀ ਅਗਵਾਈ ਹੇਠ ਲੋਕਾਂ ਨੇ ਸਰਕਾਰ ਖਿਲਾਫ਼ ਰੋਸ ਜ਼ਾਹਰ ਕੀਤਾ। ਸ੍ਰੀ ਧੀਮਾਨ ਨੇ ਦੱਸਿਆ ਕਿ ਇਹ ਸਾਰਾ ਮਾਮਲਾ ਜ਼ਿਲ੍ਹਾ ਸਿੱਖਿਆ ਅਧਿਕਾਰੀ (ਸ) ਤੇ ਜ਼ਿਲ੍ਹਾ ਸਿਖਿਆ ਅਧਿਕਾਰੀ (ਅ) ਦੇ ਧਿਆਨ ਹੇਠ ਲਿਆਂਦਾ ਗਿਆ ਹੈ। ਉਨ੍ਹਾਂ ਅਧਿਕਾਰੀਆਂ ਵੱਲੋਂ ਮੌਕੇ ’ਤੇ ਹੀ ਸਕੂਲ ਮੁਖੀਆਂ ਨੂੰ ਲੋੜੀਂਦੀਆਂ ਹਦਾਇਤਾਂ ਜਾਰੀ ਕੀਤੀਆਂ ਗਈਆਂ ਹਨ।