ਨਿੱਜੀ ਪੱਤਰ ਪ੍ਰੇਰਕ
ਜਲੰਧਰ, 28 ਨਵੰਬਰ
ਦੁਨੀਆਂ ਦੇ ਕਈ ਦੇਸ਼ਾਂ ਵਿੱਚ ਕਰੋਨਾਵਾਇਰਸ ਦੇ ਨਵੇਂ ਰੂਪ ‘ਓਮੀਕਰੋਨ’ ਦੇ ਫੈਲਣ ਕਾਰਨ ਡਰ ਪੈਦਾ ਹੋ ਰਿਹਾ ਹੈ। ਇੱਥੋਂ ਦੇ ਡਿਪਟੀ ਕਮਿਸ਼ਨਰ ਘਨਸ਼ਿਆਮ ਥੋਰੀ ਨੇ ਕਿਹਾ ਹੈ ਕਿ ਲੋਕਾਂ ਨੂੰ ਇਸ ਨਵੇਂ ਰੂਪ ਤੋਂ ਘਬਰਾਉਣ ਦੀ ਲੋੜ ਨਹੀਂ ਪਰ ਇਸ ਪ੍ਰਤੀ ਪੂਰੀ ਚੌਕਸੀ ਵਰਤੀ ਜਾਵੇ। ਜ਼ਿਲ੍ਹਾ ਵਾਸੀਆਂ ਨੂੰ ਕੋਵਿਡ-19 ਵੈਕਸੀਨ ਦੀਆਂ ਦੋਵਾਂ ਖੁਰਾਕਾਂ ਮੁਕੰਮਲ ਕਰਨ ਦਾ ਸੱਦਾ ਦਿੰਦਿਆਂ ਉਨ੍ਹਾਂ ਕਿਹਾ ਜਿਨ੍ਹਾਂ ਲਾਭਪਾਤਰੀਆਂ ਨੇ ਕੇਵਲ ਕੋਵਿਡ ਵੈਕਸੀਨ ਦਾ ਪਹਿਲਾ ਟੀਕਾ ਲਗਵਾਇਆ ਹੈ, ਉਹ ਜਿੰਨੀ ਜਲਦੀ ਸੰਭਵ ਹੋ ਸਕੇ ਦੂਜਾ ਟੀਕਾ ਲਗਵਾਉਣ ਜੋ ਕਿ ਕਰੋਨਾਵਾਇਰਸ ਦੇ ਟਾਕਰੇ ਵਿੱਚ ਬਹੁਤ ਲਾਹੇਵੰਦ ਸਾਬਤ ਹੋਵੇਗਾ। ਜ਼ਿਲ੍ਹੇ ਭਰ ਵਿੱਚ ਕੋਵਿਡ ਵੈਕਸੀਨ ਮੁਹਿੰਮ ਪੂਰੀ ਤੇਜ਼ੀ ਨਾਲ ਚੱਲ ਰਹੀ ਹੈ। ਉਨ੍ਹਾਂ ਕਿਹਾ ਕਿ 90 ਫੀਸਦੀ ਲਾਭਪਾਤਰੀਆਂ ਨੇ ਪਹਿਲੀ ਤੇ 50 ਫੀਸਦੀ ਲਾਭਪਾਤਰੀਆਂ ਨੇ ਕੋਵਿਡ ਦੀ ਦੂਜੀ ਖ਼ੁਰਾਕ ਲਗਵਾ ਲਈ ਹੈ। ਉਨ੍ਹਾਂ ਦੱਸਿਆ ਕਿ ਜ਼ਿਲ੍ਹੇ ਵਿੱਚ 22,78,273 ਕੋਵਿਡ ਦੀਆਂ ਖੁਰਾਕਾਂ ਲਾਈਆਂ ਜਾ ਚੁੱਕੀਆਂ ਹਨ। ਡੀਸੀ ਨੇ ਕਿਹਾ ਕਿ ਇੰਡੀਅਨ ਕੌਂਸਲ ਆਫ਼ ਮੈਡੀਕਲ ਰਿਸਰਚ ਵੱਲੋਂ ਪਹਿਲਾਂ ਹੀ ਇਹ ਸਪੱਸ਼ਟ ਕੀਤਾ ਗਿਆ ਹੈ ਕਿ ਕਰੋਨਾ ਦੇ ਨਵੇਂ ਰੂਪ ਓਮੀਕਰੋਨ ਤੋਂ ਡਰਨ ਦੀ ਲੋੜ ਨਹੀਂ ਹੈ। ਉਨ੍ਹਾਂ ਕਿਹਾ ਕਿ ਲੋਕ ਕੋਵਿਡ- 19 ਦੀ ਵੈਕਸੀਨ ਦੀ ਦੂਜੀ ਖ਼ੁਰਾਕ ਜ਼ਰੂਰ ਲਗਵਾਉਣ। ਸਿਹਤ ਵਿਭਾਗ ਅਨੁਸਾਰ ਅੱਜ ਕੋਵਿਡ- 19 ਤੋਂ ਪੀੜਤ ਤਿੰਨ ਹੋਰ ਮਰੀਜ਼ਾਂ ਦੀ ਨਿਸ਼ਾਨਦੇਹੀ ਹੋਈ। ਜ਼ਿਲ੍ਹੇ ਵਿੱਚ ਹੁਣ ਤੱਕ ਕਰੋਨਾ ਕਾਰਨ 1498 ਮੌਤਾਂ ਹੋ ਚੁੱਕੀਆਂ ਹਨ ਜਦਕਿ 63,483 ਲੋਕ ਕਰੋਨਾ ਲਾਗ ਤੋਂ ਪੀੜਤ ਹੋ ਚੁੱਕੇ ਹਨ।