ਹੜ੍ਹ ਪੀੜਤਾਂ ਦੀ ਮਦਦ ਲਈ ਕੋਈ ਕਸਰ ਨਹੀਂ ਛੱਡੀ ਜਾਵੇਗੀ: ਮਲਹੋਤਰਾ
ਕੇਂਦਰੀ ਰਾਜ ਮੰਤਰੀ ਵੱਲੋਂ ਕਪੂਰਥਲਾ ਦੇ ਹੜ੍ਹ ਪ੍ਰਭਾਵਿਤ ਇਲਾਕਿਆਂ ਦਾ ਦੌਰਾ
ਕੇਂਦਰੀ ਰਾਜ ਮੰਤਰੀ ਹਰਸ਼ ਮਲਹੋਤਰਾ ਨੇ ਕਿਹਾ ਕਿ ਮੋਦੀ ਸਰਕਾਰ ਹੜ੍ਹ ਪ੍ਰਭਾਵਿਤ ਲੋਕਾਂ ਨੂੰ ਇਸ ਸਥਿਤੀ ’ਚੋਂ ਕੱਢਣ ਲਈ ਪੂਰੀ ਤਰ੍ਹਾਂ ਯਤਨਸ਼ੀਲ ਹੈ ਤੇ ਇਸ ਲਈ ਕੋਈ ਕਸਰ ਬਾਕੀ ਨਹੀਂ ਛੱਡੀ ਜਾਵੇਗੀ।
ਇਹ ਪ੍ਰਗਟਾਵਾ ਉਨ੍ਹਾਂ ਜਿਲ੍ਹਾ ਕਪੂਰਥਲਾ ਦੇ ਪਿੰਡ ਤੱਕੀਆ ਤੇ ਸ਼ੇਖੂਪੁਰ ’ਚ ਗੱਲਬਾਤ ਦੌਰਾਨ ਕੀਤਾ ਤੇ ਹੜ੍ਹ ਪ੍ਰਭਾਵਿਤ ਇਲਾਕਿਆਂ ਦਾ ਦੌਰਾ ਕੀਤਾ।
ਉਨ੍ਹਾਂ ਕਿਹਾ ਕਿ ਸਰਕਾਰ ਪਾਸ 12 ਹਜ਼ਾਰ ਕਰੋੜ ਰੁਪਏ ਤੋਂ ਇਲਾਵਾ 1600 ਕਰੋੜ ਰੁਪਏ ਦੀ ਵਿੱਤੀ ਸਹਾਇਤਾ ਦਿੱਤੀ ਹੈ, ਜਿਸ ਨਾਲ ਲੋਕਾਂ ਨੂੰ ਕਾਫ਼ੀ ਰਾਹਤ ਮਿਲ ਸਕੇਗੀ।
ਉਨ੍ਹਾਂ ਇਨ੍ਹਾਂ ਖੇਤਰਾਂ ’ਚ ਸੜਕੀ ਵਿਭਾਗ ਦੇ ਅਧਿਕਾਰੀਆਂ ਨਾਲ ਦੌਰਾ ਕੀਤਾ ਤੇ ਨੈਸ਼ਨਲ ਹਾਈਵੇਜ਼ ਨਾਲ ਸਬੰਧਿਤ ਸੜਕਾ ਨੂੰ ਤੁਰੰਤ ਚੱਲਣ ਯੋਗ ਬਣਾਉਣ ਦੀ ਲੋੜ ’ਤੇ ਜੋਰ ਦਿੱਤਾ। ਉਨ੍ਹਾਂ ਕਿਹਾ ਕਿ ਪੰਜਾਬ ਦੀ ਆਪ ਸਰਕਾਰ ਕਪੂਰਥਲਾ ਜ਼ਿਲ੍ਹੇ ਦੇ ਲੋਕਾਂ ਦੀਆਂ ਮੁਸ਼ਕਿਲਾ ਹੱਲ ਕਰਨ ਤੇ ਆਪਣੇ ਵਾਅਦੇ ਪੂਰੇ ਕਰਨ ’ਚ ਅਸਫ਼ਲ ਰਹੀ ਹੈ। ਉਨ੍ਹਾਂ ਪ੍ਰਸ਼ਾਸਨ ਅਧਿਕਾਰੀਆਂ ਨਾਲ ਮੀਟਿੰਗ ਕਰਕੇ ਇਸ ਸਬੰਧੀ ਸਥਿਤੀ ਦਾ ਜਾਇਜ਼ਾ ਵੀ ਲਿਆ। ਇਸ ਮੌਕੇ ਉਨ੍ਹਾਂ ਨਾਲ ਜ਼ਿਲ੍ਹਾ ਪ੍ਰਧਾਨ ਰਣਜੀਤ ਸਿੰਘ ਖੋਜੇਵਾਲ ਸ਼ਾਮਲ ਸਨ। ਇਸ ਮੌਕੇ ਜ਼ਿਲ੍ਹਾ ਪ੍ਰਸ਼ਾਸਨ ਨਾਲ ਮੀਟਿੰਗ ਕੀਤੀ ਜਿਨ੍ਹਾਂ ’ਚ ਏ ਡੀ ਐੱਮ, ਐੱਸ ਡੀਐੱਮ ਤੇ ਸਿਹਤ, ਪਸ਼ੂ ਪਾਲਣ ਤੇ ਸਿੱਖਿਆ ਵਿਭਾਗ ਦੇ ਅਧਿਕਾਰੀ ਹਾਜ਼ਰ ਸਨ।
ਇਸ ਮੌਕੇ ਜ਼ਿਲ੍ਹਾ ਭਾਜਪਾ ਪ੍ਰਧਾਨ ਰਣਜੀਤ ਸਿੰਘ ਖੋਜੇਵਾਲ ਨੇ ਦੱਸਿਆ ਕਿ 17 ਸਤੰਬਰ ਤੋਂ ਲੈ ਕੇ 2 ਅਕਤੂਬਰ ਤੱਕ ਨਰਿੰਦਰ ਮੋਦੀ ਦੇ ਜਨਮ ਦਿਨ ਦੇ ਸਬੰਧ ’ਚ ਹਰ ਰੋਜ਼ ਵੱਖ ਵੱਖ ਪਿੰਡਾਂ ’ਚ ਸੇਵਾ ਕੈਂਪ ਲਗਾਏ ਜਾ ਰਹੇ ਹਨ। ਉਨ੍ਹਾਂ ਦੱਸਿਆ ਕਿ ਹੁਣ ਜਲਦੀ ਟਰੈਕਟਰ ਮੁਹਿੰਮ ਸ਼ੁਰੂ ਕੀਤੀ ਜਾਵੇਗੀ। ਟਰੈਕਟਰ ਮੰਗਵਾ ਕੇ ਪਿੰਡਾਂ ’ਚੋਂ ਲੋਕਾਂ ਦੇ ਖੇਤਾਂ ਨੂੰ ਪੱਧਰਾ ਕਰਵਾਉਣ ਦਾ ਕੰਮ ਸ਼ੁਰੂ ਕੀਤਾ ਜਾਵੇਗਾ। ਉਨ੍ਹਾਂ ਦੀ ਟੀਮ ਵਲੋਂ ਮੰਤਰੀ ਦਾ ਪੁੱਜਣ ’ਤੇ ਸੁਆਗਤ ਕੀਤਾ ਗਿਆ।
ਇਸ ਮੌਕੇ ਵਿੱਕੀ ਗੁਜਰਾਲ, ਸੰਨੀ ਬੈਂਸ, ਰਾਜੇਸ਼ ਸ਼ਰਮਾ, ਪ੍ਰਦੀਪ ਕੌਸ਼ਲ, ਡਾ. ਅਮਰਨਾਥ, ਆਸ਼ੂਤੋਸ਼ ਸ਼ਰਮਾ, ਐੱਸ ਡੀ ਐੱਮ ਅਕਲਾ, ਤਹਿਸੀਲਦਾਰ ਪਰਮਿੰਦਰ ਸਿੰਘ, ਐਕਸੀਅਨ ਪ੍ਰੇਮ ਕਮਲ, ਡੀ ਐੱਸ ਪੀ ਹਰਗੁਰਦੇਵ ਸਿੰਘ, ਐੱਸ ਐੱਚ ਓ ਸਰਬਜੀਤ ਸਿੰਘ ਵੀ ਸ਼ਾਮਿਲ ਸਨ।