ਐੱਸ ਸੀ/ਐੱਸ ਟੀ ਐਕਟ ਕੇਸਾਂ ਲਈ ਨੋਡਲ ਅਧਿਕਾਰੀ ਨਿਯੁਕਤ: ਗੜ੍ਹੀ
ਪੰਜਾਬ ਰਾਜ ਅਨੁਸੂਚਿਤ ਜਾਤੀਆਂ ਕਮਿਸ਼ਨ ਦੇ ਚੇਅਰਮੈਨ ਜਸਵੀਰ ਸਿੰਘ ਗੜ੍ਹੀ ਨੇ ਅੱਜ ਹਲਕਾ ਗੜ੍ਹਸ਼ੰਕਰ ਦੇ ਵੱਖ-ਵੱਖ ਇਲਾਕਿਆਂ ਦਾ ਦੌਰਾ ਕਰਕੇ ਅਨੁਸੂਚਿਤ ਜਾਤੀ ਵਰਗ ਨਾਲ ਜੁੜੇ ਮੁੱਦਿਆਂ ਅਤੇ ਸਰਕਾਰੀ ਯੋਜਨਾਵਾਂ ਦਾ ਜ਼ਮੀਨੀ ਪੱਧਰ ’ਤੇ ਜਾਇਜ਼ਾ ਲਿਆ। ਇਸ ਮੌਕੇ ਉਨ੍ਹਾਂ ਦੱਸਿਆ ਕਿ ਕਮਿਸ਼ਨ ਦੇ ਲਗਾਤਾਰ ਯਤਨਾਂ ਸਦਕਾ ਪੰਜਾਬ ਦੇ ਸਾਰੇ ਜ਼ਿਲ੍ਹਿਆਂ ਵਿਚ ਐੱਸ ਸੀ/ਐੱਸ ਟੀ ਐਕਟ ਤਹਿਤ ਦਰਜ ਮਾਮਲਿਆਂ ਦੇ ਜਲਦ ਨਿਪਟਾਰੇ ਲਈ ਐੱਸ ਪੀ ਪੱਧਰ ਦੇ ਨੋਡਲ ਅਧਿਕਾਰੀ ਨਿਯੁਕਤ ਕੀਤੇ ਗਏ ਹਨ ਜਦਕਿ ਰਾਜ ਪੱਧਰ ’ਤੇ ਡੀ ਆਈ ਜੀ ਪੱਧਰ ਦੇ ਅਧਿਕਾਰੀਆਂ ਨੂੰ ਜ਼ਿੰਮੇਵਾਰੀ ਸੌਂਪੀ ਗਈ ਹੈ।
ਇਸ ਮੌਕੇ ਉਨ੍ਹਾਂ ਨੇ ਡਿਪਟੀ ਸਪੀਕਰ ਜੈ ਕ੍ਰਿਸ਼ਨ ਸਿੰਘ ਰੌੜੀ ਨਾਲ ਮੁਲਾਕਾਤ ਕਰਕੇ ਹਲਕੇ ਵਿਚ ਅਨੁਸੂਚਿਤ ਜਾਤੀ ਵਰਗ ਦੇ ਵਿਕਾਸ, ਸਿੱਖਿਆ ਰੋਜ਼ਗਾਰ ਅਤੇ ਸਮਾਜਿਕ ਨਿਆਂ ਨਾਲ ਸਬੰਧਤ ਵਿਸ਼ਿਆਂ ’ਤੇ ਵਿਸਥਾਰ ਨਾਲ ਚਰਚਾ ਕੀਤੀ। ਜਸਵੀਰ ਸਿੰਘ ਗੜ੍ਹੀ ਨੇ ਪਿੰਡ ਗੜ੍ਹੀ ਮੱਟੋ ਸਥਿਤ ਨੈਸ਼ਨਲ ਪਬਲਿਕ ਸਕੂਲ ਵਿੱਚ ਵਿਦਿਆਰਥੀਆਂ ਨੂੰ ਪੋਸਟ ਮੈਟ੍ਰਿਕ ਸਕਾਲਰਸ਼ਿਪ ਯੋਜਨਾ ਦੀ ਵਿਸਥਾਰਤ ਜਾਣਕਾਰੀ ਦਿੱਤੀ ਅਤੇ ਉਨ੍ਹਾਂ ਨੂੰ ਸਮੇਂ ਸਿਰ ਆਨਲਾਈਨ ਬਿਨੈ ਕਰਨ ਅਤੇ ਸਾਰੇ ਦਸਤਾਵੇਜ਼ ਪੂਰੇ ਰੱਖਣ ਲਈ ਪ੍ਰੇਰਿਤ ਕੀਤਾ। ਚੇਅਰਮੈਨ ਜਸਵੀਰ ਸਿੰਘ ਗੜ੍ਹੀ ਨੇ ਦੱਸਿਆ ਕਿ ਕਮਿਸ਼ਨ ਦੇ ਲਗਾਤਾਰ ਯਤਨਾਂ ਸਦਕਾ ਪੰਜਾਬ ਦੇ ਸਾਰੇ ਜ਼ਿਲ੍ਹਿਆਂ ਵਿਚ ਐੱਸ ਸੀ/ਐੱਸ ਟੀ ਐਕਟ ਤਹਿਤ ਦਰਜ ਮਾਮਲਿਆਂ ਦੇ ਜਲਦ ਨਿਪਟਾਰੇ ਲਈ ਐਸ.ਪੀ. ਪੱਧਰ ਦੇ ਨੋਡਲ ਅਧਿਕਾਰੀ ਨਿਯੁਕਤ ਕੀਤੇ ਗਏ ਹਨ ਜਦਕਿ ਰਾਜ ਪੱਧਰ ’ਤੇ ਡੀ ਆਈ ਜੀ ਪੱਧਰ ਦੇ ਅਧਿਕਾਰੀ ਨੂੰ ਜ਼ਿੰਮੇਵਾਰੀ ਸੌਂਪੀ ਗਈ ਹੈ। ਉਨ੍ਹਾਂ ਕਿਹਾ ਕਿ ਕਮਿਸ਼ਨ ਦਾ ਉਦੇਸ਼ ਅਨੁਸੂਚਿਤ ਜਾਤੀ ਵਰਗ ਦੇ ਅਧਿਕਾਰਾਂ ਦੀ ਰੱਖਿਆ ਕਰਨਾ ਅਤੇ ਉਨ੍ਹਾਂ ਨੂੰ ਸਮੇਂ ਸਿਰ ਨਿਆਂ ਦਿਵਾਉਣਾ ਹੈ। ਉਨ੍ਹਾਂ ਦੱਸਿਆ ਕਿ ਕਮਿਸ਼ਨ ਵੱਲੋਂ ਪਿਛਲੇ 7 ਮਹੀਨੇ ਵਿਚ ਤਿੰਨ ਹਜ਼ਾਰ ਤੋਂ ਵੱਧ ਫਾਈਲਾਂ ਦਾ ਨਿਬੇੜਾ ਕੀਤਾ ਗਿਆ।
ਇਸ ਉਪਰੰਤ ਜਸਵੀਰ ਸਿੰਘ ਗੜ੍ਹੀ ਨੇ ਪਿੰਡ ਬੀਹੜਾ ਵਿਚ ਸਰਪੰਚਾਂ ਅਤੇ ਸਥਾਨਕ ਪ੍ਰਤੀਨਿਧੀਆਂ ਨਾਲ ਮੀਟਿੰਗ ਕਰਕੇ ਅਨੁਸੂਚਿਤ ਜਾਤੀ ਵਰਗ ਦੇ ਲੋਕਾਂ ਨੂੰ ਮਿਲ ਰਹੀਆਂ ਸਰਕਾਰੀ ਸਹੂਲਤਾਂ ਦੀ ਸਮੀਖਿਆ ਕੀਤੀ।
ਚੇਅਰਮੈਨ ਜਸਵੀਰ ਸਿੰਘ ਗੜ੍ਹੀ ਨੇ ਪਿੰਡ ਜੱਸੋਵਾਲ ਸਥਿਤ ਗੁਰਦੁਆਰਾ ਸ਼ਹੀਦਾਂ ਵਿਚ ਸ੍ਰੀ ਗੁਰੂ ਤੇਗ ਬਹਾਦਰ ਜੀ ਦੇ 350ਵੇਂ ਸ਼ਹੀਦੀ ਦਿਵਸ ਸਬੰਧੀ ਗੁਰਮਤਿ ਸਮਾਗਮ ਵਿਚ ਹਾਜ਼ਰੀ ਭਰੀ ਅਤੇ ਸੰਗਤ ਨੂੰ ਗੁਰੂ ਸਾਹਿਬ ਦੇ ਜੀਵਨ ਅਤੇ ਬਲੀਦਾਨ ਤੋਂ ਪ੍ਰੇਰਨਾ ਲੈਣ ਲਈ ਕਿਹਾ। ਇਸ ਉਪਰੰਤ ਉਨ੍ਹਾਂ ਨੇ ਪਿੰਡ ਗੱਜਰ ਮਹਿਦੂਦ ਸਥਿਤ ਡੇਰਾ ਸੰਤ ਰਾਜੂ ਦਾਸ ਜੀ ਵਿਚ 108 ਸੰਤ ਸਤਨਾਮ ਦਾਸ ਜੀ ਨਾਲ ਮੁਲਾਕਾਤ ਕਰਕੇ ਲੋਕਾਂ ਨਾਲ ਸਮਾਜਿਕ ਸਦਭਾਵਨਾ ਅਤੇ ਏਕਤਾ ਦੀ ਅਪੀਲ ਕੀਤੀ।
