ਜ਼ਿਲ੍ਹਾ ਪਰਿਸ਼ਦ ਤੇ ਪੰਚਾਇਤ ਸਮਿਤੀ ਮੈਂਬਰਾਂ ਨੂੰ ਸਹੁੰ ਚੁਕਾਈ
ਸਥਾਨਕ ਸੰਸਥਾਵਾਂ ਪਿੰਡਾਂ ਦੇ ਸਰਵਪੱਖੀ ਵਿਕਾਸ ਦਾ ਧੁਰਾ ਕਰਾਰ; ਲੋਕਾਂ ਦੇ ਚੁਣੇ ਨੁਮਾਇੰਦੇ ਤਨਦੇਹੀ ਨਾਲ ਫਰਜ਼ ਨਿਭਾਉਣ: ਰਵਜੋਤ ਸਿੰਘ
ਦਸੰਬਰ 2025 ਵਿੱਚ ਹੋਈਆਂ ਜ਼ਿਲ੍ਹਾ ਪਰਿਸ਼ਦ ਅਤੇ ਪੰਚਾਇਤ ਸਮਿਤੀ ਚੋਣਾਂ ਦੌਰਾਨ ਚੁਣੇ ਗਏ ਮੈਂਬਰਾਂ ਦਾ ਜ਼ਿਲ੍ਹਾ ਪੱਧਰੀ ਸਹੁੰ ਚੁੱਕ ਸਮਾਗਮ ਸਥਾਨਕ ਸਿਟੀ ਸੈਂਟਰ ’ਚ ਹੋਇਆ। ਸਮਾਗਮ ਦੇ ਮੁੱਖ ਮਹਿਮਾਨ ਕੈਬਨਿਟ ਮੰਤਰੀ ਡਾ. ਰਵਜੋਤ ਸਿੰਘ ਨੇ ਜ਼ਿਲ੍ਹੇ ਦੇ ਨਵੇਂ ਚੁਣੇ ਗਏ ਜ਼ਿਲ੍ਹਾ ਪਰਿਸ਼ਦ ਅਤੇ ਪੰਚਾਇਤ ਸਮਿਤੀ ਮੈਂਬਰਾਂ ਨੂੰ ਅਹੁਦੇ ਦੀ ਸਹੁੰ ਚੁਕਾਈ। ਡਾ. ਰਵਜੋਤ ਸਿੰਘ ਨੇ ਕਿਹਾ ਕਿ ਜ਼ਿਲ੍ਹਾ ਪਰਿਸ਼ਦ ਤੇ ਪੰਚਾਇਤ ਸਮਿਤੀਆਂ ਲੋਕਤੰਤਰ ਦੀ ਮਜ਼ਬੂਤ ਨੀਂਹ ਹਨ ਤੇ ਇਹ ਸੰਸਥਾਵਾਂ ਪਿੰਡਾਂ ਦੇ ਸਰਵਪੱਖੀ ਵਿਕਾਸ ਦਾ ਅਸਲ ਧੁਰਾ ਹਨ। ਉਨ੍ਹਾਂ ਨਵੇਂ ਚੁਣੇ ਗਏ ਮੈਂਬਰਾਂ ਨੂੰ ਪਾਰਦਰਸ਼ਤਾ, ਇਮਾਨਦਾਰੀ ਅਤੇ ਜਵਾਬਦੇਹੀ ਨੂੰ ਆਪਣੀ ਕਾਰਜਸ਼ੈਲੀ ਦਾ ਆਧਾਰ ਬਣਾਉਣ ਦਾ ਸੱਦਾ ਦਿੱਤਾ। ਉਨ੍ਹਾਂ ਕਿਹਾ ਕਿ ਬੁਨਿਆਦੀ ਢਾਂਚੇ ਦਾ ਵਿਕਾਸ, ਸਿੱਖਿਆ, ਸਿਹਤ, ਸੈਨੀਟੇਸ਼ਨ, ਨਸ਼ਾ ਮੁਕਤ ਵਾਤਾਵਰਨ ਅਤੇ ਪਿੰਡਾਂ ਵਿੱਚ ਰੁਜ਼ਗਾਰ ਪੈਦਾ ਕਰਨਾ ਉਨ੍ਹਾਂ ਦੀ ਤਰਜੀਹ ਹੋਣੀ ਚਾਹੀਦੀ ਹੈ। ਵਿਧਾਇਕ ਬ੍ਰਹਮ ਸ਼ੰਕਰ ਜਿੰਪਾ, ਵਿਧਾਇਕ ਜਸਵੀਰ ਸਿੰਘ ਰਾਜਾ ਗਿੱਲ ਅਤੇ ਨੇ ਕਿਹਾ ਕਿ ਜ਼ਿਲ੍ਹਾ ਪਰਿਸ਼ਦ ਤੇ ਪੰਚਾਇਤ ਸਮਿਤੀਆਂ ਪਿੰਡਾਂ ਦੀ ਆਵਾਜ਼ ਹਨ ਤੇ ਅਸਲ ਵਿਕਾਸ ਇਨ੍ਹਾਂ ਸੰਸਥਾਵਾਂ ਰਾਹੀਂ ਹੀ ਸੰਭਵ ਹੈ। ਉਨ੍ਹਾਂ ਨੇ ਮੈਂਬਰਾਂ ਨੂੰ ਵਧਾਈ ਦਿੱਤੀ ਅਤੇ ਉਨ੍ਹਾਂ ਨੂੰ ਜਨਤਕ ਹਿੱਤਾਂ ਨੂੰ ਤਰਜੀਹ ਦੇਣ ਦੀ ਅਪੀਲ ਕੀਤੀ। ਵਿਧਾਇਕ ਕਰਮਬੀਰ ਸਿੰਘ ਘੁੰਮਣ ਤੇ ਵਿਧਾਇਕ ਡਾ. ਇਸ਼ਾਂਕ ਕੁਮਾਰ ਨੇ ਕਿਹਾ ਕਿ ਇਹ ਸਿਰਫ਼ ਸਹੁੰ ਚੁੱਕ ਸਮਾਗਮ ਨਹੀਂ ਹੈ, ਸਗੋਂ ਲੋਕਾਂ ਦੀ ਸੇਵਾ ਅਤੇ ਵਿਕਾਸ ਪ੍ਰਤੀ ਵਚਨਬੱਧਤਾ ਹੈ।
ਅੰਮ੍ਰਿਤਸਰ (ਨਿੱਜੀ ਪੱਤਰ ਪ੍ਰੇਰਕ): ਜ਼ਿਲ੍ਹਾ ਅੰਮ੍ਰਿਤਸਰ ਦੇ ਨਵੇਂ ਚੁਣੇ ਗਏ 24 ਜ਼ਿਲ੍ਹਾ ਪਰਿਸ਼ਦ ਮੈਂਬਰਾਂ ਅਤੇ 195 ਬਲਾਕ ਸਮਿਤੀ ਮੈਂਬਰਾਂ ਨੂੰ ਅੱਜ ਸਥਾਨਕ ਸਰਕਾਰੀ ਸਰੂਪ ਰਾਣੀ ਕਾਲਜ ਵਿਖੇ ਪੰਚਾਇਤ ਵਿਭਾਗ ਵੱਲੋਂ ਵਿਸ਼ੇਸ਼ ਸਮਾਗਮ ਵਧੀਕ ਡੀ ਸੀ
(ਵਿਕਾਸ) ਪਰਮਜੀਤ ਕੌਰ ਨੇ ਅਹੁਦੇ ਦੀ ਸਹੁੰ ਚੁਕਾਈ। ਵਿਧਾਇਕ ਦਲਬੀਰ ਸਿੰਘ ਟੌਂਗ ਤੇ ਜ਼ਿਲ੍ਹਾ ਯੋਜਨਾ ਕਮੇਟੀ ਅੰਮ੍ਰਿਤਸਰ ਦੇ ਚੇਅਰਮੈਨ ਗੁਰਪ੍ਰਤਾਪ ਸਿੰਘ ਸੰਧੂ ਨੇ ਮੈਂਬਰਾਂ ਨੂੰ ਸਮਰਪਿਤ ਭਾਵਨਾ ਨਾਲ ਕੰਮ ਕਰਨ ਲਈ ਪ੍ਰੇਰਿਆ।
ਕਪੂਰਥਲਾ (ਜਸਬੀਰ ਸਿੰਘ ਚਾਨਾ): ਜ਼ਿਲ੍ਹਾ ਪ੍ਰਸ਼ਾਸਨ ਵਲੋਂ ਵਿਰਸਾ ਵਿਹਾਰ ਵਿੱਚ ਪੰਚਾਇਤ ਸਮਿਤੀ ਦੇ 88 ਤੇ ਜ਼ਿਲ੍ਹਾ ਪਰਿਸ਼ਦ ਦੇ 10 ਨਵੇਂ ਚੁਣੇ ਗਏ ਮੈਂਬਰਾਂ ਲਈ ਵਿਸ਼ੇਸ਼ ਜ਼ਿਲ੍ਹਾ ਪੱਧਰੀ ਸਹੁੰ ਚੁੱਕ ਸਮਾਗਮ ਕਰਵਾਇਆ ਗਿਆ। ਏ ਡੀ ਸੀ (ਪੇਂਡੂ ਵਿਕਾਸ) ਵਰਿੰਦਰਪਾਲ ਸਿੰਘ ਬਾਜਵਾ ਨਨੁਮਾਇੰਦਿਆਂ ਨੂੰ ਅਹੁਦੇ ਪ੍ਰਤੀ ਸੱਚੀ ਸ਼ਰਧਾ ਭਾਰਤ ਦੇ ਸੰਵਿਧਾਨ ਤੇ ਕਾਨੂੰਨ ਮੁਤਾਬਿਕ ਨਿਆਂ ਕਰਨ ਦੀ ਸਹੁੰ ਚੁਕਾਈ। ਸ੍ਰੀ ਬਾਜਵਾ ਨੇ ਕਿਹਾ ਕਿ ਜ਼ਿਲ੍ਹਾ ਪਰਿਸ਼ਦ ਤੇ ਬਲਾਕ ਸਮਿਤੀ ਦੇ ਮੈਂਬਰ ਲੋਕਤੰਤਰ ਪ੍ਰਣਾਲੀ ’ਚ ਅਹਿਮ ਭੂਮਿਕਾ ਨਿਭਾਉਂਦੇ ਹਨ।
ਤਰਨ ਤਾਰਨ (ਪੱਤਰ ਪ੍ਰੇਰਕ): ਜ਼ਿਲ੍ਹਾ ਪਰਿਸ਼ਦ ਅਤੇ ਪੰਚਾਇਤ ਸਮਿਤੀ ਚੋਣਾਂ ਦੇ ਜੇਤੂ ਉਮੀਦਵਾਰਾਂ ਨੂੰ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਡੀ ਸੀ ਰਾਹੁਲ ਦੀ ਅਗਵਾਈ ਹੇਠ ਸਥਾਨਕ ਇੰਨਡੋਰ ਸਟੇਡੀਅਮ ਹਾਲ ’ਚ ਅਹੁਦੇ ਦਾ ਹਲਫ਼ ਦਿਵਾਇਆ ਕੈਬਨਿਟ ਮੰਤਰੀ ਲਾਲਜੀਤ ਸਿੰਘ ਭੁੱਲਰ ਵੱਲੋਂ ਨਵੇਂ ਚੁਣੇ ਗਏ ਜ਼ਿਲ੍ਹਾ ਪ੍ਰੀਸ਼ਦ ਅਤੇ ਪੰਚਾਇਤ ਸਮਿਤੀ ਮੈਂਬਰਾਂ ਨੂੰ ਸਹੁੰ ਚੁਕਾਈ ਅਤੇ ਮੁਬਾਰਕਬਾਦ ਦਿੱਤੀ।
ਬਟਾਲਾ (ਨਿੱਜੀ ਪੱਤਰ ਪ੍ਰੇਰਕ): ਸ਼ਿਵ ਕੁਮਾਰ ਬਟਾਲਵੀ ਆਡੀਟੋਰੀਅਮ ਬਟਾਲਾ ’ਚ ਅੱਜ ਜ਼ਿਲ੍ਹੇ ਦੇ 25 ਜ਼ਿਲ੍ਹਾ ਪਰਿਸ਼ਦ ਮੈਂਬਰਾਂ ਤੇ ਬਲਾਕ ਸਮਿਤੀਆਂ ਦੇ ਚੁਣੇ ਹੋਏ 203 ਮੈਂਬਰਾਂ ਨੂੰ ਸਹੁੰ ਚੁਕਾਈ ਗਈ। ਵਿਧਾਇਕ ਸ਼ੈਰੀ ਕਲਸੀ ਅਤੇ ਵਿਧਾਇਕ ਗੁਰਦੀਪ ਸਿੰਘ ਰੰਧਾਵਾ ਨੇ ਸੰਬੋਧਨ ਕਰਦਿਆਂ ਦੱਸਿਆ ਕਿ ਪੇਂਡੂ ਖੇਤਰਾਂ ਦੇ ਵਿਕਾਸ ਲਈ ਮੋਹਰੀ ਭੂਮਿਕਾ ਨਿਭਾਉਣ ’ਚ ਇਸ ਇਕਾਈ ਦਾ ਵੱਡਾ ਯੋਗਦਾਨ ਰਹਿੰਦਾ ਹੈ।
ਮੈਂਬਰਾਂ ਨੂੰ ਲੋਕ ਸੇਵਾ ਦੀ ਭਾਵਨਾ ਨਾਲ ਕੰਮ ਕਰਨ ਲਈ ਪ੍ਰੇਰਿਆ
ਜਲੰਧਰ (ਗੁਰਨੇਕ ਸਿੰਘ ਵਿਰਦੀ): ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਅੱਜ ਇਥੇ ਰੈੱਡ ਕਰਾਸ ਭਵਨ ਵਿੱਚ ਕਰਵਾਏ ਗਏ ਜ਼ਿਲ੍ਹਾ ਪੱਧਰੀ ਸਮਾਗਮ ਦੌਰਾਨ ਜ਼ਿਲ੍ਹਾ ਪਰਿਸ਼ਦ ਅਤੇ ਪੰਚਾਇਤ ਸਮਿਤੀ ਦੇ ਨਵੇਂ ਚੁਣੇ ਗਏ ਮੈਂਬਰਾਂ ਨੂੰ ਅਹੁਦੇ ਦੀ ਸਹੁੰ ਚੁਕਾਈ ਗਈ। ਵਧੀਕ ਡਿਪਟੀ ਕਮਿਸ਼ਨਰ (ਪੇਂਡੂ ਵਿਕਾਸ) ਦਿਵਿਆ ਪੀ ਨੇ ਜ਼ਿਲ੍ਹਾ ਪ੍ਰੀਸ਼ਦ ਅਤੇ ਪੰਚਾਇਤ ਸੰਮਤੀਆਂ ਦੇ ਮੈਂਬਰਾਂ ਨੂੰ ਸਹੁੰ ਚੁਕਾਈ ਅਤੇ ਉਨ੍ਹਾਂ ਲੋਕ ਸੇਵਾ ਦੀ ਭਾਵਨਾ ਨਾਲ ਕੰਮ ਕਰਨ ਲਈ ਪ੍ਰੇਰਿਤ ਕੀਤਾ। ਇਸ ਮੌਕੇ ਸਹਾਇਕ ਕਮਿਸ਼ਨਰ (ਯੂ ਟੀ) ਮੁਕਿਲਨ ਆਰ, ਜ਼ਿਲ੍ਹਾ ਵਿਕਾਸ ਤੇ ਪੰਚਾਇਤ ਅਫ਼ਸਰ ਗੁਰਦਰਸ਼ਨ ਕੌਂਡਲ ਅਤੇ ਡਿਪਟੀ ਸੀ ਈ ਓ ਜ਼ਿਲ੍ਹਾ ਪ੍ਰੀਸ਼ਦ ਸੁਖਬੀਰ ਕੌਰ ਵੀ ਮੌਜੂਦ ਸਨ। ਇਸ ਤੋਂ ਪਹਿਲਾਂ ਜ਼ਿਲ੍ਹਾ ਵਿਕਾਸ ਤੇ ਪੰਚਾਇਤ ਅਫ਼ਸਰ ਗੁਰਦਰਸ਼ਨ ਕੌਂਡਲ ਨੇ ਪਿੰਡਾਂ ਦੇ ਵਿਕਾਸ ਵਿੱਚ ਪੰਚਾਇਤੀ ਰਾਜ ਸੰਸਥਾਵਾਂ ਦੀ ਮਹੱਤਤਾ ’ਤੇ ਚਾਨਣਾ ਪਾਇਆ।

