DT
PT
About The Punjabi Tribune Code Of Ethics Download App Advertise with us Classifieds
search-icon-img
search-icon-img
Advertisement

ਮਨੁੱਖੀ ਅਧਿਕਾਰਾਂ ਦੀ ਰਾਖੀ ਲਈ ਅਧਿਕਾਰੀ ਸਰਗਰਮ ਹੋਣ: ਗੋਇਲ

ਰਾਸ਼ਟਰੀ ਮਨੁੱਖੀ ਅਧਿਕਾਰ ਕਮਿਸ਼ਨ ਦੇ ਸਪੈਸ਼ਲ ਮੋਨੀਟਰ ਵੱਲੋਂ ਸਿਵਲ ਹਸਪਤਾਲ ਤੇ ਕੇਂਦਰੀ ਜੇਲ੍ਹ ਦਾ ਦੌਰਾ
  • fb
  • twitter
  • whatsapp
  • whatsapp
featured-img featured-img
ਕਪੂਰਥਲਾ ਰਾਸ਼ਟਰੀ ਮਨੁੱਖੀ ਅਧਿਕਾਰ ਕਮਿਸ਼ਨ ਦੇ ਸਪੈਸ਼ਲ ਮੋਨੀਟਰ ਬਾਲ ਕ੍ਰਿਸ਼ਨ ਗੋਇਲ ਸਿਵਲ ਹਸਪਾਤਲ ਕਪੂਰਥਲਾ ਦਾ ਦੌਰਾ ਕਰਦੇ ਹੋਏ।
Advertisement
ਰਾਸ਼ਟਰੀ ਮਨੁੱਖੀ ਅਧਿਕਾਰ ਕਮਿਸ਼ਨ ਦੇ ਸਪੈਸ਼ਲ ਮੋਨੀਟਰ ਬਾਲ ਕ੍ਰਿਸ਼ਨ ਗੋਇਲ ਨੇ ਅਧਿਕਾਰੀਆਂ ਨੂੰ ਜ਼ਿਲ੍ਹੇ ’ਚ ਮਨੁੱਖੀ ਅਧਿਕਾਰਾਂ ਸਬੰਧੀ ਜਾਗਰੂਕਤਾ ਲਈ ਸਰਗਰਮ ਭੂਮਿਕਾ ਨਿਭਾਉਣ ਦਾ ਸੱਦਾ ਦਿੱਤਾ ਹੈ।

ਅੱਜ ਇੱਥੇ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿੱਚ ਡਿਪਟੀ ਕਮਿਸ਼ਨਰ ਅਮਿਤ ਕੁਮਾਰ ਪੰਚਾਲ, ਐੱਸ.ਐੱਸ.ਪੀ. ਗੌਰਵ ਤੂਰਾ, ਨਗਰ ਨਿਗਮ ਕਮਿਸ਼ਨਰ ਅਨੁਪਮ ਕਲੇਰ ਤੇ ਹੋਰਨਾਂ ਵਿਭਾਗਾਂ ਦੇ ਅਧਿਕਾਰੀਆਂ ਨਾਲ ਮੀਟਿੰਗ ਦੌਰਾਨ ਉਨ੍ਹਾਂ ਕਿਹਾ ਕਿ ਰਾਸ਼ਟਰੀ ਮਨੁੱਖੀ ਅਧਿਕਾਰ ਕਮਿਸ਼ਨ ਵੱਲੋਂ ਵੱਖ ਵੱਖ ਜ਼ਿਲ੍ਹਿਆਂ ’ਚ ਜਾ ਕੇ ਮਨੁੱਖੀ ਅਧਿਕਾਰਾਂ ਦੀ ਰਾਖੀ ਬਾਰੇ ਜਾਣੂ ਕਰਵਾਇਆ ਜਾ ਰਿਹਾ ਹੈ। ਇਸ ਸਬੰਧੀ ਅਧਿਕਾਰੀਆਂ ਨੂੰ ਸਿਖਲਾਈ ਵੀ ਦਿੱਤੀ ਜਾ ਰਹੀ ਹੈ। ਇਸ ਤੋਂ ਇਲਾਵਾ ਲੋਕਾਂ ਨੂੰ ਕਮਿਸ਼ਨ ਕੋਲ ਸ਼ਿਕਾਇਤ ਦਰਜ ਕਰਵਾਉਣ ਦੀ ਵਿਧੀ ਬਾਰੇ ਵੀ ਦੱਸਿਆ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਕਮਿਸ਼ਨ ਕੋਲ ਸ਼ਿਕਾਇਤ ਲਈ ਨਾ ਹੀ ਕੋਈ ਫ਼ੀਸ ਹੈ ਤੇ ਨਾ ਹੀ ਕੋਈ ਵਕੀਲ ਦੀ ਲੋੜ ਹੈ।

Advertisement

ਉਨ੍ਹਾਂ ਕਿਹਾ ਕਿ ਕਮਿਸ਼ਨ ਵਲੋਂ ਸੰਭਾਵੀ ਤੌਰ ’ਤੇ ਮਨੁੱਖੀ ਅਧਿਕਾਰਾਂ ਬਾਰੇ ਸੰਵੇਦਨਸ਼ੀਲ ਥਾਵਾਂ ਜਿਵੇਂ ਹਸਪਤਾਲ, ਜੇਲ੍ਹ, ਥਾਣੇ ਤੇ ਸਕੂਲਾਂ ਦੀ ਲਗਾਤਾਰ ਚੈਕਿੰਗ ਕੀਤੀ ਜਾ ਰਹੀ ਹੈ। ਉੁਨ੍ਹਾਂ ਕਿਰਤ ਵਿਭਾਗ ਦੇ ਅਧਿਕਾਰੀਆਂ ਨੂੰ ਫੈਕਟਰੀਆਂ ’ਚ ਬਾਲ ਮਜ਼ਦੂਰੀ ਰੋਕਣ ਲਈ ਹੋਰ ਸਰਗਰਮ ਹੋਣ ਦੇ ਹੁਕਮ ਦਿੱਤੇ। ਇਸ ਤੋਂ ਇਲਾਵਾ ਸਕੂਲਾਂ ’ਚ ਪੀਣ ਵਾਲੇ ਪਾਣੀ ਦੀ ਲਗਾਤਾਰ ਜਾਂਚ ਤੇ ਕੇਂਦਰੀ ਜੇਲ੍ਹ ’ਚ ਬੰਦ ਬੱਚਿਆਂ ਦੀ ਭਲਾਈ ਲਈ ਵਿਸ਼ੇਸ਼ ਕਦਮ ਚੁੱਕਣ ਦੀ ਲੋੜ ’ਤੇ ਜ਼ੋਰ ਦਿੱਤਾ।

ਇਸ ਤੋਂ ਪਹਿਲਾਂ ਉਨ੍ਹਾਂ ਸਿਵਲ ਹਸਪਤਾਲ ਕਪੂਰਥਲਾ ਦਾ ਦੌਰਾ ਕਰਕੇ ਸਿਹਤ ਸੇਵਾਵਾਂ ਦਾ ਜਾਇਜ਼ਾ ਲਿਆ। ਉਨ੍ਹਾਂ ਜ਼ੱਚਾ-ਬੱਚਾ ਕੇਂਦਰ, ਓਪੀਡੀ., ਫਾਰਮੈਸੀ ਵਿੱਚ ਮਰੀਜ਼ਾਂ ਨਾਲ ਗੱਲਬਾਤ ਕਰਕੇ ਸਿਹਤ ਸੇਵਾਵਾਂ ਬਾਰੇ ਜਾਣਕਾਰੀ ਪ੍ਰਾਪਤ ਕੀਤੀ। ਉਨ੍ਹਾਂ ਬਾਲ ਭਲਾਈ ਕੌਂਸਲ ਦੇ ਮੈਂਬਰਾਂ ਨੂੰ ਹੋਰ ਸਰਗਰਮ ਭੂਮਿਕਾ ਨਿਭਾਉਣ ਦਾ ਵੀ ਸੱਦਾ ਦਿੱਤਾ। ਇਸ ਤੋਂ ਇਲਾਵਾ ਉਨ੍ਹਾਂ ਕੇਂਦਰੀ ਜੇਲ੍ਹ ਦਾ ਵੀ ਦੌਰਾ ਕਰਕੇ ਬੰਦੀਆਂ ਦੇ ਮਨੁੱਖੀ ਅਧਿਕਾਰਾਂ ਲਈ ਚੁੱਕੇ ਗਏ ਕਦਮਾਂ ਦੀ ਸਮੀਖਿਆ ਕੀਤੀ। ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ (ਜ) ਨਵਨੀਤ ਕੌਰ ਬੱਲ, ਐਸ.ਪੀ ਗੁਰਪ੍ਰੀਤ ਸਿੰਘ, ਐਸ.ਡੀ.ਐਮਜ਼ ਤੇ ਹੋਰਨਾਂ ਵਿਭਾਗਾਂ ਦੇ ਮੁਖੀ ਹਾਜ਼ਰ ਸਨ।

Advertisement
×