ਪੱਤਰ ਪ੍ਰੇਰਕ
ਬਲਾਚੌਰ, 18 ਜੂਨ
ਦੇਸ਼ ਦੀ ਖੇਤੀ ਆਰਥਿਕਤਾ ਨੂੰ ਤਬਾਹ ਕਰਨ ਵਾਲੀ ਮੋਦੀ ਸਰਕਾਰ ਵੱਲੋਂ ਪਾਸ ਕੀਤੇ ਤਿੰਨ ਖੇਤੀ ਕਾਨੂੰਨਾਂ ਦੀ ਵਾਪਸੀ, ਬਿਜਲੀ ਸੋਧ ਬਿੱਲ-2020 ਵਿਰੁੱਧ, ਸੰਯੁਕਤ ਕਿਸਾਨ ਮੋਰਚੇ ਵਲੋਂ ਦੇਸ਼ ਭਰ ਵਿਚ ਗਵਰਨਰਾਂ ਦੇ ਦਫ਼ਤਰਾਂ ਅੱਗੇ ਵਿਸ਼ਾਲ ਧਰਨੇ ਮਾਰੇ ਜਾ ਰਹੇ ਹਨ। ਪੰਜਾਬ ਦੀਆਂ 32 ਕਿਸਾਨ ਜਥੇਬੰਦੀਆਂ ਦੀ ਅਗਵਾਈ ਵਿਚ ਹਜ਼ਾਰਾਂ ਦੀ ਗਿਣਤੀ ਵਿਚ ਕਿਸਾਨ ਪੰਜਾਬ ਗਵਰਨਰ ਦੇ ਦਫਤਰ ਅੱਗੇ ਧਰਨਾ ਦੇਣਗੇ। ਅੱਜ ਇਥੇ ਅਜੈ ਭਵਨ, ਵਿੱਚ ਕੁਲ-ਹਿੰਦ ਕਿਸਾਨ ਸਭਾ ਪੰਜਾਬ ਦੀ ਮੀਟਿੰਗ ਨੂੰ ਸੰਬੋਧਨ ਕਰਦਿਆਂ ਕਿਸਾਨ ਸਭਾ ਦੇ ਆਗੂਆਂ ਨੇ ਦੱਸਿਆ ਕਿ ਇਸ ਵਿਸ਼ਾਲ ਧਰਨੇ ਵਿਚ ਕੁਲ-ਹਿੰਦ ਕਿਸਾਨ ਸਭਾ ਵਲੋਂ ਇਕ ਹਜ਼ਾਰ ਤੋਂ ਵੱਧ ਕਿਸਾਨ ਸ਼ਾਮਲ ਹੋਣਗੇ। ਮੀਟਿੰਗ ਦੀ ਪ੍ਰਧਾਨਗੀ ਸਭਾ ਦੇ ਕੌਮੀ ਪ੍ਰਧਾਨ ਸਾਥੀ ਭੂਪਿੰਦਰ ਸਾਂਬਰ ਨੇ ਕੀਤੀ।
ਚੇਤਨਪੁਰਾ (ਪੱਤਰ ਪ੍ਰੇਰਕ): ਪਿੰਡ ਬੂਆ ਨੰਗਲੀ ’ਚ ਕਿਰਤੀ ਕਿਸਾਨ ਯੂਨੀਅਨ (ਪੰਜਾਬ) ਦੇ ਪ੍ਰਧਾਨ ਧਨਵੰਤ ਸਿੰਘ ਖਤਰਾਏ ਕਲਾਂ ਨੇ ਦੱਸਿਆ ਕਿ ਵੱਡੀ ਪੱਧਰ ’ਤੇ ਪਿੰਡਾਂ ਵਿੱਚੋਂ ਬੱਸਾਂ ਰਾਹੀਂ ਚੰਡੀਗੜ੍ਹ ਪਹੁੰਚ ਕੇ ਰਾਜ ਭਵਨ ਤੱਕ ਮਾਰਚ ਕਰਨ ਉਪਰੰਤ ਮੰਗ ਪੱਤਰ ਦਿੱਤੇ ਜਾਣਗੇ।