ਹਤਿੰਦਰ ਮਹਿਤਾ
ਆਦਮਪੁਰ ਦੋਆਬਾ (ਜਲੰਧਰ), 17 ਅਕਤੂਬਰ
ਪੰਚਾਇਤੀ ਰਾਜ ਸੰਸਥਾਵਾਂ ਵਿੱਚ ਮਹਿਲਾਵਾਂ ਦੇ ਸਸ਼ਕਤੀਕਰਨ ਲਈ ਪੰਜਾਬ ਦੇ ਪੇਂਡੂ ਵਿਕਾਸ ਤੇ ਪੰਚਾਇਤ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਨੇ ਅੱਜ ਐਲਾਨ ਕੀਤਾ ਕਿ ਮਗਨਰੇਗਾ ਸਕੀਮ ਤਹਿਤ ਪਿੰਡਾਂ ਵਿੱਚ ਮਹਿਲਾ ਮੇਟਾਂ ਦੀ ਹੀ ਨਿਯੁਕਤੀ ਕੀਤੀ ਜਾਵੇਗੀ।
ਜਲੰਧਰ ਦੇ ਡੀ.ਏ.ਵੀ. ਇੰਸਟੀਚਿਊਟ ਆਫ ਇੰਜਨੀਅਰ ਐਂਡ ਟੈਕਨਾਲੋਜੀ ਵਿੱਚ ਪੰਚਾਇਤੀ ਰਾਜ ਸੰਸਥਾਵਾਂ ਵਿੱਚ ਮਹਿਲਾ ਸਰਪੰਚਾਂ ਤੇ ਪੰਚਾਂ ਦੀ ਮਜ਼ਬੂਤ ਭਾਗੀਦਾਰੀ ਵਿਸ਼ੇ ’ਤੇ ਕਰਵਾਏ ਨਾਰੀ ਸਸ਼ਕਤੀਕਰਨ ਸੈਮੀਨਾਰ ਨੂੰ ਸੰਬੋਧਨ ਕਰਦਿਆਂ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਵੱਲੋਂ ਮਹਿਲਾ ਸਸ਼ਕਤੀਕਰਨ ਲਈ ਕਈ ਉਪਰਾਲੇ ਕੀਤੇ ਜਾ ਰਹੇ ਹਨ, ਜਿਸ ਤਹਿਤ ਪੰਚਾਇਤ ਸਕੱਤਰਾਂ ਦੀ ਆਉਣ ਵਾਲੀ ਭਰਤੀ ਵਿੱਚ 50 ਫੀਸਦੀ ਸੀਟਾਂ ਔਰਤਾਂ ਲਈ ਰਾਖਵੀਆਂ ਰੱਖੀਆਂ ਜਾਣਗੀਆਂ। ਇਸ ਮੌਕੇ ਚੰਗੀ ਕਾਰਗੁਜ਼ਾਰੀ ਵਾਲੀਆਂ ਸਰਪੰਚਾਂ ਦੇ ਪਿੰਡਾਂ ਨੂੰ ਦੁੱਗਣੀ ਗ੍ਰਾਂਟ ਦੇਣ ਦਾ ਐਲਾਨ ਕਰਦਿਆਂ ਮੰਤਰੀ ਨੇ ਕਿਹਾ ਕਿ ਜਿਨ੍ਹਾਂ ਪਿੰਡਾਂ ਦੀਆਂ ਮਹਿਲਾ ਸਰਪੰਚਾਂ ਵੱਲੋਂ ਆਪਣੇ ਪਿੰਡਾਂ ਦਾ ਵਿਕਾਸ ਕਰਵਾਉਣ ਵਿੱਚ ਵਧੀਆ ਪ੍ਰਰਦਸ਼ਨ ਕੀਤਾ ਜਾਵੇਗਾ, ਉਨ੍ਹਾਂ ਦੀਆਂ ਪੰਚਾਇਤਾਂ ਨੂੰ ਦੁੱਗਣੀ ਗ੍ਰਾਂਟ ਪ੍ਰਦਾਨ ਕੀਤੀ ਜਾਵੇਗੀ। ਪੰਜਾਬ ਦੀ ਪੁਰਾਣੀ ਸ਼ਾਨ ਬਹਾਲ ਕਰਨ ਲਈ ਔਰਤਾਂ ਨੂੰ ਹਰ ਖੇਤਰ ’ਚ ਸਰਗਰਮ ਭੂਮਿਕਾ ਨਿਭਾਉਣ ਦਾ ਸੱਦਾ ਦਿੰਦਿਆਂ ਉਨ੍ਹਾਂ ਕਿਹਾ ਕਿ ਮਹਿਲਾ ਪੰਚਾਂ-ਸਰਪੰਚਾਂ ਨੂੰ ਘਰ ਦੇ ਮਰਦ ਮੈਂਬਰਾਂ ਦੀ ਬਜਾਏ ਖੁਦ ਅਗਵਾਈ ਕਰਦਿਆਂ ਪਿੰਡਾਂ ਦੀ ਕਮਾਨ ਸੰਭਾਲਣੀ ਚਾਹੀਦੀ ਹੈ। ਪੰਚਾਇਤ ਮੰਤਰੀ ਨੇ ਕਿਹਾ ਕਿ ਜੇਕਰ ਔਰਤਾਂ ਖਾਸ ਕਰ ਮਹਿਲਾ ਸਰਪੰਚ-ਪੰਚ ਤਹੱਈਆ ਕਰ ਲੈਣ ਤਾਂ ਨਸ਼ਾ, ਭਰੂਣ ਹੱਤਿਆ ਸਮੇਤ ਹੋਰ ਕਈ ਸਮਾਜਿਕ ਕੁਰੀਤੀਆਂ ਨੂੰ ਜੜ੍ਹੋਂ ਖਤਮ ਕੀਤਾ ਜਾ ਸਕਦਾ ਹੈ। ਜ਼ਿਲ੍ਹਾ ਜਲੰਧਰ ਤੇ ਕਪੂਰਥਲਾ ਦੀਆਂ ਮਹਿਲਾ ਸਰਪੰਚ, ਪੰਚ, ਬਲਾਕ ਸਮਿਤੀ ਅਤੇ ਜ਼ਿਲ੍ਹਾ ਪ੍ਰੀਸ਼ਦ ਮੈਂਬਰਾਂ ਵੱਲੋਂ ਪੇਂਡੂ ਵਿਕਾਸ ਤੇ ਪੰਚਾਇਤ ਮੰਤਰੀ ਦਾ ਪੰਚਾਇਤੀ ਰਾਜ ਸੰਸਥਾਵਾਂ ਤੇ ਮਹਿਲਾ ਪ੍ਰਤੀਨਿਧੀਆਂ ਦੇ ਸਸ਼ਕਤੀਕਰਨ ਅਤੇ ਪੰਚਾਇਤੀ ਜ਼ਮੀਨਾਂ ਤੋਂ ਨਾਜਾਇਜ਼ ਕਬਜ਼ੇ ਛੁਡਾਉਣ ਲਈ ਕੀਤੀ ਪਹਿਲਕਦਮੀ ਲਈ ‘ਵਿਕਾਸ ਪੁਰਸ਼’ ਦੇ ਐਵਾਰਡ ਨਾਲ ਸਨਮਾਨ ਕੀਤਾ ਗਿਆ। 26,000 ਏਕੜ ਹੋਰ ਜ਼ਮੀਨ ਦੀ ਪਛਾਣ ਕੀਤੀ ਗਈ ਹੈ, ਜੋ ਆਉਣ ਵਾਲੇ ਦਿਨਾਂ ਵਿੱਚ ਛੁਡਵਾ ਕੇ ਪੰਚਾਇਤਾਂ ਦੇ ਹਵਾਲੇ ਕੀਤੀ ਜਾਵੇਗੀ। ਵਿਧਾਇਕ ਇੰਦਰਜੀਤ ਕੌਰ ਮਾਨ, ਵਿਧਾਇਕ ਬਲਕਾਰ ਸਿੰਘ, ਪੇਂਡੂ ਵਿਕਾਸ ਤੇ ਪੰਚਾਇਤ ਵਿਭਾਗ ਦੇ ਡਾਇਰੈਕਟਰ ਗੁਰਪ੍ਰੀਤ ਸਿੰਘ ਖਹਿਰਾ, ਡਿਪਟੀ ਕਮਿਸ਼ਨਰ ਜਸਪ੍ਰੀਤ ਸਿੰਘ ਅਤੇ ‘ਆਪ’ ਆਗੂ ਰਾਜਵਿੰਦਰ ਕੌਰ ਨੇ ਜ਼ਿਲ੍ਹਾ ਜਲੰਧਰ ਤੇ ਕਪੂਰਥਲਾ ਦੇ ਪਿੰਡਾਂ ਦੇ 55 ਸਵੈ ਸਹਾਇਤਾਂ ਸਮੂਹਾਂ ਨੂੰ 12.25 ਲੱਖ ਰੁਪਏ ਦੇ ਰਿਵਾਲਵਿੰਗ ਫੰਡ ਦੇ ਚੈੱਕ ਪ੍ਰਦਾਨ ਕੀਤੇ ਗਏ।