ਰਾਸ਼ਨ ਕਾਰਡ ਕੱਟਣ ਦਾ ਵਿਰੋਧ
ਸਾਂਝਾ ਕਿਸਾਨ ਮਜ਼ਦੂਰ ਮੋਰਚਾ ਸਬੰਧਤ ਭਾਈ ਲਾਲੋ ਲੋਕ ਮੰਚ ਪੰਜਾਬ ਦੇ ਜਨਰਲ ਸਕੱਤਰ ਕਰਨ ਸਿੰਘ ਰਾਣਾ ਨੇ ਅੱਜ ਦੋਸ਼ ਲਾਇਆ ਕਿ ਕੇਂਦਰ ਅਤੇ ਸੂਬਾ ਸਰਕਾਰਾਂ ਲਗਾਤਾਰ ਮਜ਼ਦੂਰ ਅਤੇ ਲੋਕ ਵਿਰੋਧੀ ਫੈਸਲੇ ਲੈ ਕੇ ਲੱਖਾਂ ਪਰਿਵਾਰਾਂ ਨੂੰ ਸੰਕਟ ਵੱਲ ਧੱਕ ਰਹੇ ਹਨ। ਉਨ੍ਹਾਂ ਅੱਜ ਇੱਥੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਚਿੰਤਾ ਪ੍ਰਗਟ ਕੀਤੀ ਕਿ ਪੰਜਾਬ ਵਿੱਚ 11 ਲੱਖ ਤੋਂ ਵੱਧ ਪਰਿਵਾਰਾਂ ਦੇ ਰਾਸ਼ਨ ਕਾਰਡ ਕੱਟਣ ਦਾ ਹੁਕਮ ਕੇਂਦਰ ਸਰਕਾਰ ਵੱਲੋਂ ਕੀਤਾ ਗਿਆ। ਪਹਿਲਾਂ ਪੰਜਾਬ ਸਰਕਾਰ ਨੇ ਭਰੋਸਾ ਦਿੱਤਾ ਸੀ ਕਿ ਇੱਕ ਵੀ ਰਾਸ਼ਨ ਕਾਰਡ ਨਹੀਂ ਕੱਟਿਆ ਜਾਵੇਗਾ ਪਰ ਹੁਣ ਪੰਜਾਬ ਸਰਕਾਰ ਨੇ 11 ਲੱਖ ਪਰਿਵਾਰਾਂ ਦੇ ਰਾਸ਼ਨ ਦਾ ਹੱਕ ਖੋਣ ਦਾ ਫੈਸਲਾ ਕੀਤਾ ਹੈ ਜੋ ਕਿ ਬਹੁਤ ਹੀ ਮੰਦਭਾਗਾ ਹੈ। ਉਨ੍ਹਾਂ ਕਿਹਾ ਕਿ ਕਿਸੇ ਵੀ ਹੱਕਦਾਰ ਲੋੜ ਬੰਦ ਦਾ ਰਾਸ਼ਨ ਕਾਟ ਕੱਟਣ ਦਾ ਤਿੱਖਾ ਵਿਰੋਧ ਕੀਤਾ ਜਾਵੇਗਾ। ਉਨ੍ਹਾਂ ਹੈਰਾਨੀ ਪ੍ਰਗਟਾਈ ਕਿ ਜਿਹੜਾ ਬਹਾਨਾ ਬਣਾ ਕੇ 11 ਲੱਖ ਰਾਸ਼ਨ ਕਾਰਡ ਕੱਟੇ ਗਏ ਹਨ ਉਸ ਪਮਾਨੇ ਮੁਤਾਬਕ ਤਾਂ ਹੋਰ ਵੀ ਕਟੌਤੀ ਹੋਵੇਗੀ। ਰਾਣਾ ਨੇ ਕਿਹਾ ਕਿ ਕੇਂਦਰ ਸਰਕਾਰ ਲਗਾਤਾਰ ਮਨਰੇਗਾ ਬਜਟ ਵਿੱਚ ਕਟੌਤੀ ਕਰ ਰਹੀ ਹੈ। ਇਸੇ ਤਰ੍ਹਾਂ ਪੰਜਾਬ ਸਰਕਾਰ ਵੀ ਕਾਨੂੰਨ ਅਨੁਸਾਰ ਮਨਰੇਗਾ ਦਾ ਕੰਮ ਅਤੇ ਅਦਾਇਗੀ ਕਰਨ ਵਿੱਚ ਬੁਰੀ ਤਰ੍ਹਾਂ ਫੇਲ੍ਹ ਹੋਈ। ਉਨ੍ਹਾਂ ਮਜ਼ਦੂਰ ਮੰਗਾਂ ਨੂੰ ਲੈ ਕੇ ਸੰਘਰਸ਼ ਸ਼ੁਰੂ ਕਰਨ ਦੀ ਚਿਤਾਵਨੀ ਦਿੱਤੀ। ਇਸ ਮੌਕੇ ਜ਼ਿਲ੍ਹਾ ਸਕੱਤਰ ਬੀਬੀ ਚਰਨਜੀਤ ਕੌਰ ਅਤੇ ਜੋਗਾ ਸਿੰਘ ਸੈਣੀ ਵੀ ਹਾਜ਼ਰ ਸਨ।