ਨਿੱਜੀ ਪੱਤਰ ਪ੍ਰੇਰਕ
ਕਪੂਰਥਲਾ, 28 ਅਕਤੂਬਰ
ਨਵੀਂ ਅਧਿਆਪਕ ਭਰਤੀ ਕੇਂਦਰੀ ਤਨਖ਼ਾਹ ਪੈਟਰਨ ਅਧੀਨ ਕਰਨ ’ਤੇ ਸੂਬਾ ਸਰਕਾਰ ਖ਼ਿਲਾਫ਼ ਡੀਟੀਐੱਫ ਅਧਿਆਪਕਾਂ ਨੇ ਮੋਰਚਾ ਖੋਲ੍ਹਿਆ ਹੈ। ਡੀਟੀਐੱਫ ਵੱਲੋਂ ਵੱਖ-ਵੱਖ ਬਲਾਕਾਂ ਵਿੱਚ ਬਲਾਕ ਸਿੱਖਿਆ ਅਫ਼ਸਰਾਂ ਰਾਹੀਂ ਇਸ ਫ਼ੈਸਲੇ ਵਿਰੁੱਧ ਪੰਜਾਬ ਦੇ ਮੁੱਖ ਮੰਤਰੀ ਦੇ ਨਾਂ ਮੰਗ ਪੱਤਰ ਦਿੱਤੇ ਗਏ ਹਨ। ਬਲਾਕ ਕਪੂਰਥਲਾ-3 ਵਿੱਚ ਬਲਾਕ ਪ੍ਰਧਾਨ ਵਿਕਰਮ ਕੁਮਾਰ ਤੇ ਬਲਾਕ ਪ੍ਰਧਾਨ ਰਾਜਬੀਰ ਸਿੰਘ ਦੀ ਅਗਵਾਈ ਵਿੱਚ ਬੀਪੀਈਓ ਨੂੰ ਮੰਗ ਪੱਤਰ ਦਿੱਤਾ ਗਿਆ। ਬਲਾਕ ਕਪੂਰਥਲਾ-2 ਵਿੱਚ ਬਲਾਕ ਪ੍ਰਧਾਨ ਅਨਿਲ ਸ਼ਰਮਾ ਤੇ ਸਕੱਤਰ ਅਮਨਪ੍ਰੀਤ ਸਿੰਘ ਦੀ ਅਗਵਾਈ ਵਿੱਚ ਬੀਪੀਈਓ ਕੁਲਵੰਤ ਕੌਰ ਨੂੰ ਮੰਗ ਪੱਤਰ ਦਿੱਤਾ ਗਿਆ। ਜਥੇਬੰਦੀ ਦੇ ਸੂਬਾਈ ਜਨਰਲ ਸਕੱਤਰ ਸਰਵਣ ਸਿੰਘ ਔਜਲਾ ਨੇ ਕਿਹਾ ਕਿ ਸਰਕਾਰ ਨਵੇਂ ਤਨਖ਼ਾਹ ਸਕੇਲ ਕੇਂਦਰੀ ਪੈਟਰਨ ’ਤੇ ਲਾਗੂ ਕਰ ਕੇ ਨਵੀਂ ਭਰਤੀ ਹੋਣ ਵਾਲੇ ਮੁਲਾਜ਼ਮਾਂ ਦਾ ਸ਼ੋਸ਼ਣ ਕਰ ਰਹੀ ਹੈ।
ਭੁਲੱਥ ਵਿੱਚ ਆਹਲੂਵਾਲੀਆ ਕਮੇਟੀ ਦੀਆਂ ਸਿਫ਼ਾਰਸ਼ਾਂ ਖ਼ਿਲਾਫ਼ ਬਲਾਕ ਪ੍ਰਧਾਨ ਰੋਸ਼ਨ ਲਾਲ ਦੀ ਅਗਵਾਈ ਵਿੱਚ ਧਰਨਾ ਦਿੱਤਾ ਤੇ ਪੰਜਾਬ ਸਰਕਾਰ ਦਾ ਪੁਤਲਾ ਫੂਕਿਆ ਗਿਆ। ਡੀ ਟੀ ਐਫ ਵੱਲੋਂ ਬਲਾਕ ਸੁਲਤਾਨਪੁਰ ਲੋਧੀ ਵਿੱਚ ਵੀ ਜਥੇਬੰਦੀ ਦੇ ਆਗੂ ਹਰਪ੍ਰੀਤ ਪਾਲ ਸਿੰਘ ਦੀ ਅਗਵਾਈ ਵਿੱਚ ਕੇਂਦਰੀ ਤਨਖਾਹ ਪੈਟਰਨ ਦੇ ਵਿਰੋਧ ਵਿੱਚ ਮੰਗ ਪੱਤਰ ਦਿੱਤਾ ਗਿਆ।
ਨੋਟੀਫਿਕੇਸ਼ਨ ਦੀਆਂ ਕਾਪੀਆਂ ਸਾੜੀਆਂ
ਟਾਂਡਾ (ਸੁਰਿੰਦਰ ਸਿੰਘ ਗੁਰਾਇਆ): ਸੂਬਾ ਸਰਕਾਰ ਵੱਲੋਂ ਕੇਂਦਰੀ ਪੈਟਰਨ ਦੇ ਸਕੇਲ ਲਾਗੂ ਕੀਤੇ ਜਾਣ ਦਾ ਐਲੀਮੈਂਟਰੀ ਟੀਚਰਜ਼ ਯੂਨੀਅਨ ਪੰਜਾਬ ਦੀ ਇਕਾਈ ਹੁਸ਼ਿਆਰਪੁਰ ਨੇ ਵਿਰੋਧ ਕਰਦਿਆਂ ਨੋਟੀਫਿਕੇਸ਼ਨ ਦੀਆਂ ਕਾਪੀਆਂ ਸਾੜ ਕੇ ਰੋਸ ਪ੍ਰਦਰਸ਼ਨ ਕੀਤਾ। ਯੂਨੀਅਨ ਦੇ ਸੂਬਾਈ ਆਗੂ ਪਰਮਜੀਤ ਸਿੰਘ ਬੁੱਢੀਪਿੰਡ ਅਤੇ ਰਜਿੰਦਰ ਸਿੰਘ ਦੀ ਅਗਵਾਈ ਵਿਚ ਹੋਏ ਰੋਸ ਪ੍ਰਦਰਸ਼ਨ ਦੌਰਾਨ ਯੂਨੀਅਨ ਦੇ ਜ਼ਿਲ੍ਹਾ ਆਗੂ ਰਮੇਸ਼ ਹੁਸ਼ਿਆਰਪੁਰੀ ਤੇ ਬਲਾਕ ਪ੍ਰਧਾਨ ਬਲਜੀਤ ਸਿੰਘ ਨੇ ਸੂਬਾ ਸਰਕਾਰ ਦੀਆਂ ਮੁਲਾਜ਼ਮ ਮਾਰੂ ਨੀਤੀਆਂ ਦਾ ਵਿਰੋਧ ਕਰਦਿਆਂ ਕਿਹਾ ਕਿ ਸੂਬਾ ਸਰਕਾਰ ਮੁਲਾਜ਼ਮਾਂ ਨਾਲ ਧੱਕਾ ਕਰ ਕੇ ਇਸ ਪੇਅ ਸਕੇਲ ਨੂੰ ਲਾਗੂ ਕਰਨ ਜਾ ਰਹੀ ਹੈ, ਜਿਸ ਨੂੰ ਅਧਿਆਪਕ ਵਰਗ ਕਦੇ ਵੀ ਬਰਦਾਸ਼ਤ ਨਹੀਂ ਕਰੇਗਾ। ਆਗੂਆਂ ਨੇ ਕਿਹਾ ਕਿ ਜੇ ਸਰਕਾਰ ਨੇ ਇਸ ਪੇਅ ਸਕੇਲ ਨੂੰ ਲਾਗੂ ਕਰਨ ਦਾ ਫੁਰਮਾਨ ਵਾਪਸ ਨਾ ਲਿਆ ਤਾਂ ਯੂਨੀਅਨ ਵੱਲੋਂ ਸਮੁੱਚੇ ਪੰਜਾਬ ਅੰਦਰ ਸੰਘਰਸ਼ ਦਾ ਬਿਗਲ ਵਜਾਇਆ ਜਾਵੇਗਾ।