Power Cuts in Punjab: ਅਣਐਲਾਨੇ ਕੱਟਾਂ ਦਾ ਵਿਰੋਧ
ਅਕਾਲੀ ਦਲ ਨੇ ਪਾਵਰਕੌਮ ਦਫ਼ਤਰ ਅੱਗੇ ਧਰਨੇ ਦਿੱਤੇ, ਨਾਅਰੇਬਾਜ਼ੀ ਕੀਤੀ
ਪੰਜਾਬ ਵਿੱਚ ਅਣਐਲਾਨੇ ਅਤੇ ਲੰਮੇ ਬਿਜਲੀ ਕੱਟਾਂ ਨੇ ਆਮ ਲੋਕਾਂ, ਕਿਸਾਨਾਂ, ਵਪਾਰੀਆਂ ਅਤੇ ਉਦਯੋਗਪਤੀਆਂ ਦਾ ਜਿਊਣਾ ਦੁੱਭਰ ਕਰ ਦਿੱਤਾ ਹੈ, ਜਿਸ ਦੇ ਵਿਰੋਧ ਵਿੱਚ ਸ਼੍ਰੋਮਣੀਅਕਾਲੀ ਦਲ ਵੱਲੋਂ ਅੱਜ ਸੂਬਾ ਸਰਕਾਰ ਖ਼ਿਲਾਫ਼ ਮੋਰਚਾ ਖੋਲ੍ਹਦਿਆਂ ਪਾਵਰਕੌਮ ਦੇ ਦਫ਼ਤਰਾਂ ਅੱਗੇ ਰੋਸ ਧਰਨੇ ਦਿੱਤੇ ਗਏ। ਇਸ ਦੌਰਾਨ ਹੁਸ਼ਿਆਰਪੁਰ, ਗੜ੍ਹਸ਼ੰਕਰ, ਜਲੰਧਰ, ਧਾਰੀਵਾਲ ਅਤੇ ਫਗਵਾੜਾ ਸਮੇਤ ਵੱਖ-ਵੱਖ ਜ਼ਿਲ੍ਹਿਆਂ ਵਿੱਚ ਹਜ਼ਾਰਾਂ ਦੀ ਗਿਣਤੀ ਵਿੱਚ ਅਕਾਲੀ ਆਗੂਆਂ, ਵਰਕਰਾਂ, ਕਿਸਾਨਾਂ ਅਤੇ ਮਹਿਲਾਵਾਂ ਨੇ ਸ਼ਮੂਲੀਅਤ ਕਰ ਕੇ ‘ਆਪ’ ਸਰਕਾਰ ਦੇ ਝੂਠੇ ਦਾਅਵਿਆਂ ਦੀ ਫੂਕ ਕੱਢ ਦਿੱਤੀ।
ਹੁਸ਼ਿਆਰਪੁਰ ਵਿੱਚ ਸਰਕਲ ਦਫ਼ਤਰ ਟਾਂਡਾ ਰੋਡ ਵਿੱਚ ਲਾਏ ਵਿਸ਼ਾਲ ਧਰਨੇ ਦੀ ਅਗਵਾਈ ਕਰਦਿਆਂ ਹਲਕਾ ਇੰਚਾਰਜ ਅਤੇ ਜ਼ਿਲ੍ਹਾ ਪ੍ਰਧਾਨ ਸੰਜੀਵ ਤਲਵਾੜ ਨੇ ਕਿਹਾ ਕਿ ਪੰਜਾਬ ਸਰਕਾਰ ਦੇ ਨਿਰਵਿਘਨ ਬਿਜਲੀ ਸਪਲਾਈ ਦੇ ਦਾਅਵੇ ਜ਼ਮੀਨੀ ਹਕੀਕਤ ਤੋਂ ਕੋਹਾਂ ਦੂਰ ਹਨ। ਉਨ੍ਹਾਂ ਕਿਹਾ ਕਿ ਲੰਮੇ ਕੱਟਾਂ ਕਾਰਨ ਘਰਾਂ ਦਾ ਰੋਜ਼ਾਨਾ ਜੀਵਨ, ਖੇਤੀਬਾੜੀ ਅਤੇ ਛੋਟੇ ਕਾਰੋਬਾਰ ਬੁਰੀ ਤਰ੍ਹਾਂ ਪ੍ਰਭਾਵਿਤ ਹੋ ਰਹੇ ਹਨ। ਇਸ ਮੌਕੇ ਸੂਬਾ ਮੀਤ ਪ੍ਰਧਾਨ ਜਤਿੰਦਰ ਸਿੰਘ ਲਾਲੀ ਬਾਜਵਾ, ਬਿਕਰਮਜੀਤ ਸਿੰਘ ਕਲਸੀ ਅਤੇ ਪ੍ਰੇਮ ਸਿੰਘ ਨੇ ਕਿਹਾ ਕਿ ਜਨਤਾ ਨੂੰ ਸਿਆਸੀ ਬਿਆਨਬਾਜ਼ੀ ਦੀ ਨਹੀਂ ਸਗੋਂ ਜ਼ਮੀਨੀ ਪੱਧਰ ’ਤੇ ਠੋਸ ਹੱਲਾਂ ਦੀ ਲੋੜ ਹੈ। ਨੀਤੀ ਤਲਵਾੜ ਨੇ ਵੀ ਬਿਜਲੀ ਕਾਰਨ ਬੱਚਿਆਂ ਦੀ ਪੜ੍ਹਾਈ ਵਿੱਚ ਆ ਰਹੀਆਂ ਦਿੱਕਤਾਂ ਦਾ ਮੁੱਦਾ ਜ਼ੋਰਦਾਰ ਤਰੀਕੇ ਨਾਲ ਚੁੱਕਿਆ।
ਗੜ੍ਹਸ਼ੰਕਰ (ਜੰਗ ਬਹਾਦਰ ਸਿੰਘ ਸੇਖੋਂ): ਬਿਜਲੀ ਦੇ ਅਣਐਲਾਨੇ ਕੱਟਾਂ ਦੇ ਵਿਰੋਧ ਵਿੱਚ ਅੱਜ ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਅਤੇ ਸਾਬਕਾ ਵਿਧਾਇਕ ਗੜ੍ਹਸ਼ੰਕਰ ਸੁਰਿੰਦਰ ਸਿੰਘ ਭੁੱਲੇਵਾਲ ਰਾਠਾਂ ਦੀ ਅਗਵਾਈ ਹੇਠ ਪਾਵਰਕੌਮ ਦੇ ਸਥਾਨਕ ਦਫ਼ਤਰ ਅੱਗੇ ਅਕਾਲੀ ਵਰਕਰਾਂ ਵੱਲੋਂ ਧਰਨਾ ਦਿੱਤਾ ਗਿਆ। ਲਗਪਗ ਤਿੰਨ ਘੰਟੇ ਚੱਲੇ ਇਸ ਰੋਸ ਪ੍ਰਦਰਸ਼ਨ ਦੌਰਾਨ ਅਕਾਲੀ ਦਰ ਦੇ ਬੁਲਾਰਿਆਂ ਨੇ ਪੰਜਾਬ ਸਰਕਾਰ ਖ਼ਿਲਾਫ਼ ਜ਼ੋਰਦਾਰ ਤਕਰੀਰਾਂ ਕੀਤੀਆਂ। ਇਸ ਮੌਕੇ ਆਗੂਆਂ ਨੇ ਚਿਤਾਵਨੀ ਦਿੱਤੀ ਕਿ ਜੇ ਬਿਜਲੀ ਕੱਟਾਂ ਦਾ ਸਿਲਸਿਲਾ ਬੰਦ ਨਾ ਹੋਇਆ ਤਾਂ ਸੰਘਰਸ਼ ਤੇਜ਼ ਕੀਤਾ ਜਾਵੇਗਾ। ਇਸ ਮੌਕੇ ਬੂਟਾ ਸਿੰਘ ਅਲੀਪੁਰ, ਹਰਜੀਤ ਸਿੰਘ ਭਾਤਪੁਰ, ਜੋਗਾ ਸਿੰਘ, ਰਜਿੰਦਰ ਸਿੰਘ ਸਿੰਘ ਸ਼ੂਕਾ, ਤਰਲੋਕ ਸਿੰਘ ਨਾਗਪਾਲ, ਗਿਆਨ ਸਿੰਘ ਸਮੁੰਦੜਾ, ਰਛਪਾਲ ਸਿੰਘ ਆਦਿ ਨੇ ਵੀ ਸੰਬੋਧਨ ਕੀਤਾ।
ਫਗਵਾੜਾ (ਜਸਬੀਰ ਸਿੰਘ ਚਾਨਾ): ਪੰਜਾਬ ਦੇ ਸ਼ਹਿਰੀ ਤੇ ਪੇਂਡੂ ਖੇਤਰਾਂ ’ਚ ਅਣਐਲਾਨੇ ਬਿਜਲੀ ਕੱਟਾਂ ਦੇ ਵਿਰੋਧ ’ਚ ਸ਼੍ਰੋਮਣੀ ਅਕਾਲੀ ਦਲ (ਬਾਦਲ) ਦੇ ਆਗੂਆਂ ਤੇ ਵਰਕਰਾਂ ਵੱਲੋਂ ਬੰਗਾ ਰੋਡ ਸਥਿਤ ਬਿਜਲੀ ਦਫ਼ਤਰ ਦੇ ਬਾਹਰ ਧਰਨਾ ਦਿੱਤਾ ਗਿਆ। ਧਰਨੇ ਦੀ ਅਗਵਾਈ ਅਕਾਲੀ ਦਲ (ਬ) ਦੇ ਫਗਵਾੜਾ ਸ਼ਹਿਰੀ ਪ੍ਰਧਾਨ ਰਣਜੀਤ ਸਿੰਘ ਖੁਰਾਣਾ ਤੇ ਦਿਹਾਤੀ ਪ੍ਰਧਾਨ ਰਾਜਿੰਦਰ ਸਿੰਘ ਚੰਦੀ ਨੇ ਕੀਤੀ। ਇਸ ਮੌਕੇ ਖੁਰਾਣਾ ਨੇ ਦੋਸ਼ ਲਾਇਆ ਕਿ ‘ਆਪ’ ਸਰਕਾਰ ਖਪਤਕਾਰਾਂ ਤੇ ਕਿਸਾਨਾਂ ਨੂੰ ਨਿਰਵਿਘਨ ਬਿਜਲੀ ਸਪਲਾਈ ਦੇਣ ’ਚ ਅਸਫ਼ਲ ਰਹੀ ਹੈ। ਉਨ੍ਹਾਂ ਕਿਹਾ ਕਿ ਸ਼ਹਿਰੀ ਖੇਤਰਾਂ ’ਚ ਚਾਰ ਤੋਂ ਪੰਜ ਘੰਟੇ ਦੇ ਅਣਐਲਾਨੇ ਬਿਜਲੀ ਕੱਟ ਲੱਗ ਰਹੇ ਹਨ, ਜਦਕਿ ਪੇਂਡੂ ਖੇਤਰਾਂ ’ਚ ਕਿਸਾਨਾਂ ਨੂੰ ਖੇਤੀਬਾੜੀ ਲਈ ਲੋੜੀਂਦੀ ਅੱਠ ਘੰਟੇ ਦੀ ਬਿਜਲੀ ਸਪਲਾਈ ਨਹੀਂ ਮਿਲ ਰਹੀ।ਉਨ੍ਹਾਂ ਕਿਹਾ ਕਿ ਝੋਨੇ ਦੀ ਕਟਾਈ ਦੇ ਸੀਜ਼ਨ ਦੌਰਾਨ ਬਿਜਲੀ ਦੀ ਨਾਕਾਫ਼ੀ ਸਪਲਾਈ ਨਾਲ ਸਿੰਚਾਈ ਪ੍ਰਬੰਧ ਪ੍ਰਭਾਵਿਤ ਹੋ ਸਕਦੇ ਹਨ। ਉਨ੍ਹਾਂ ਸਰਕਾਰ ਤੋਂ ਸ਼ਹਿਰੀ ਖੇਤਰਾਂ ’ਚ ਅਣ ਐਲਾਨੇ ਕੱਟ ਬੰਦ ਕਰਨ ਤੇ ਖੇਤੀਬਾੜੀ ਲਈ ਨਿਰਧਾਰਤ ਬਿਜਲੀ ਸਪਲਾਈ ਯਕੀਨੀ ਬਣਾਉਣ ਦੀ ਮੰਗ ਕੀਤੀ। ਉਨ੍ਹਾਂ 2025-26 ਸੀਜ਼ਨ ਲਈ ਗੰਨਾ ਕਾਸ਼ਤਕਾਰਾਂ ਦੇ 68.50 ਰੁਪਏ ਪ੍ਰਤੀ ਕੁਇੰਟਲ ਬਕਾਇਆ ਬੋਨਸ ਜਾਰੀ ਕਰਨ ਦੀ ਮੰਗ ਕੀਤੀ। ਉਨ੍ਹਾਂ ਦਾਅਵਾ ਕੀਤਾ ਕਿ ਗੋਲਡਨ ਸੰਧਰ ਸ਼ੂਗਰਜ਼ ਲਿਮਟਿਡ, ਫਗਵਾੜਾ ਵੱਲ 2021-22 ਸੀਜ਼ਨ ਨਾਲ ਸਬੰਧਤ ਕਰੀਬ 27-28 ਕਰੋੜ ਰੁਪਏ ਦੇ ਬਕਾਏ ਵੀ ਬਕਾਇਆ ਹਨ।
ਧਾਰੀਵਾਲ (ਸੁੱਚਾ ਸਿੰਘ ਪਸਨਾਵਾਲ): ਬਿਜਲੀ ਦੇ ਲੰਬੇ ਕੱਟਾਂ ਅਤੇ ਬਿਜਲੀ ਸਬੰਧੀ ਸਮੱਸਿਆਵਾਂ ਨੂੰ ਲੈ ਕੇ ਸ਼੍ਰੋਮਣੀ ਅਕਾਲੀ ਦਲ ਬਾਦਲ ਹਲਕਾ ਕਾਦੀਆਂ ਦੇ ਆਗੂਆਂ ਤੇ ਵਰਕਰਾਂ ਵੱਲੋਂ ਪਾਰਟੀ ਦੇ ਸੂਬਾ ਜਨਰਲ ਸਕੱਤਰ ਅਤੇ ਹਲਕਾ ਕਾਦੀਆਂ ਦੇ ਮੁੱਖ ਸੇਵਾਦਾਰ ਕਵਲਪ੍ਰੀਤ ਸਿੰਘ ਕਾਕੀ ਦੀ ਅਗਵਾਈ ਵਿੱਚ ਪਾਵਰਕੌਮ ਸਬ-ਡਿਵੀਜ਼ਨ ਦਫ਼ਤਰ ਧਾਰੀਵਾਲ ਦੇ ਬਾਹਰ ਧਰਨਾ ਦਿੱਤਾ ਅਤੇ ਮਾਨ ਸਰਕਾਰ ਅਤੇ ਪਾਵਰਕੌਮ ਖ਼ਿਲਾਫ਼ ਨਾਅਰੇਬਾਜ਼ੀ ਕਰਦਿਆਂ ਬਿਜਲੀ ਦੀ ਨਿਰਵਿਘਨ ਸਪਲਾਈ ਯਕੀਨੀ ਬਣਾਉਣ ਦੀ ਮੰਗ ਕੀਤੀ।
ਅਰਵਿੰਦ ਕੇਜਰੀਵਾਲ ਤੇ ਭਗਵੰਤ ਮਾਨ ਦੇ ਪੁਤਲੇ ਫੂਕੇ
ਜਲੰਧਰ (ਗੁਰਨੇਕ ਸਿੰਘ ਵਿਰਦੀ): ਬਿਜਲੀ ਦੀ ਸਪਲਾਈ ਵਿੱਚ ਕਟੌਤੀ ਹੋਣ ਦੇ ਵਿਰੁੱਧ ਸ਼੍ਰੋਮਣੀਅਕਾਲੀ ਦਲ ਜਲੰਧਰ ਸ਼ਹਿਰੀ ਦੇ ਆਗੂਆਂ ਨੇ ਸ਼ਕਤੀ ਸਦਰ ਵਿੱਚ ਰੋਸ ਪ੍ਰਦਰਸ਼ਨ ਕੀਤਾ ਅਤੇ ਮੁੱਖ ਮੰਤਰੀ ਭਗਵੰਤ ਮਾਨ ਅਤੇ ‘ਆਪ’ ਸੁਪਰੀਮੋ ਅਰਵਿੰਦ ਕੇਜਰੀਵਾਲ ਦੇ ਪੁਤਲੇ ਫੂਕੇ। ਇਸ ਮੌਕੇ ਅਕਾਲੀ ਦਲ ਦੇ ਆਗੂਆਂ ਨੇ ਚੀਫ ਇੰਜਨੀਅਰ ਸਰਬਜੀਤ ਸਿੰਘ ਨੂੰ ਮੰਗ ਪੱਤਰ ਵੀ ਦਿੱਤਾ। ਜਲੰਧਰ ਸ਼ਹਿਰੀ ਅਕਾਲੀ ਦਲ ਦੇ ਪ੍ਰਧਾਨ ਇਕਬਾਲ ਸਿੰਘ ਢੀਂਡਸਾ ਨੇ ਕਿਹਾ ਕਿ ਸੂਬੇ ਵਿੱਚ ਖ਼ਰਾਬ ਬਿਜਲੀ ਦੇ ਪ੍ਰਬੰਧਾਂ ਕਾਰਨ ਬਿਜਲੀ ਸੰਕਟ ਵਧਿਆ ਹੈ। ਉਨ੍ਹਾਂ ਕਿਹਾ ਕਿ ਸ਼ਹਿਰ ਅਤੇ ਪਿੰਡਾਂ ਵਿੱਚ ਬਿਜਲੀ ਦੇ ਲੱਗ ਰਹੇ ਲੰਬੇ ਘੱਟ ਕਾਰਨ ਵਪਾਰਿਕ ਅਦਾਰੇ ਅਤੇ ਜਨਜੀਵਨ ਪੂਰੀ ਤਰ੍ਹਾਂ ਠੱਪ ਹੋ ਗਿਆ ਹੈ। ਉਨ੍ਹਾਂ ਦੋਸ਼ ਲਾਇਆ ਕਿ ਸਰਕਾਰ 24 ਘੰਟੇ ਬਿਜਲੀ ਸਪਲਾਈ ਦੇ ਵਾਅਦੇ ਤੋਂ ਮੁਨਕਰ ਹੋ ਰਹੀ ਹੈ। ਇਸ ਮੌਕੇ ਮਨਿੰਦਰ ਪਾਲ ਸਿੰਘ ਗੁੰਬਰ, ਅੰਮ੍ਰਿਤਵੀਰ ਸਿੰਘ, ਐਡਵੋਕੇਟ ਵਿਨੋਦ ਕੌਲ, ਸੁਰਜੀਤ ਸਿੰਘ, ਸਾਹਿਬ ਸਿੰਘ ਢਿੱਲੋਂ, ਜਸਵਿੰਦਰ ਸਿੰਘ ਕੰਬੋਜ ਅਤੇ ਮਨੀਸ਼ ਗਿੱਲ ਮੌਜੂਦ ਸਨ।

