ਧਿਆਨ ਸਿੰਘ ਭਗਤ
ਕਪੂਰਥਲਾ, 30 ਨਵੰਬਰ
ਪੰਜਾਬ ਦੇ ਤਕਨੀਕੀ ਸਿੱਖਿਆ, ਬਾਗਬਾਨੀ ਤੇ ਜਲ ਸੰਭਾਲ ਮੰਤਰੀ ਰਾਣਾ ਗੁਰਜੀਤ ਸਿੰਘ ਨੇ ਕਪੂਰਥਲਾ ਜ਼ਿਲ੍ਹੇ ਵਿਚ ਮੰਡੀ ਬੋਰਡ ਵੱਲੋਂ ਬਣਾਈਆਂ ਸੜਕਾਂ ਦੀ ਗੁਣਵੱਤਾ ਸਬੰਧੀ ਜਾਂਚ ਦੇ ਹੁਕਮ ਦਿੱਤੇ ਹਨ। ਉਨ੍ਹਾਂ ਡਿਪਟੀ ਕਮਿਸ਼ਨਰ ਕਪੂਰਥਲਾ ਦੀਪਤੀ ਉੱਪਲ ਨੂੰ ਕਿਹਾ ਹੈ ਕਿ ਉਹ ਮੰਡੀ ਬੋਰਡ ਵੱਲੋਂ ਬਣਾਈਆਂ ਸੜਕਾਂ ਦੀ ਗੁਣਵੱਤਾ ਸਬੰਧੀ ਜਾਂਚ ਕਮੇਟੀ ਗਠਿਤ ਕਰਨ ਅਤੇ ਵਿਸਥਾਰਿਤ ਰਿਪੋਰਟ ਹਫ਼ਤੇ ਅੰਦਰ ਸੌਂਪਣ। ਅੱਜ ਇੱਥੇ ਆਈ ਕੇ ਗੁਜਰਾਲ ਤਕਨੀਕੀ ਯੂਨੀਵਰਸਿਟੀ ਵਿੱਚ ਜ਼ਿਲ੍ਹੇ ਅੰਦਰ ਚੱਲ ਰਹੇ ਵਿਕਾਸ ਕੰਮਾਂ ਤੇ ਲੋਕ ਭਲਾਈ ਦੀਆਂ ਸਕੀਮਾਂ ਨੂੰ ਹੇਠਲੇ ਪੱਧਰ ’ਤੇ ਲਾਗੂ ਕਰਨ ਸਬੰਧੀ ਗਤੀਵਿਧੀਆਂ ਦਾ ਜਾਇਜ਼ਾ ਲੈਣ ਸਬੰਧੀ ਉਹ ਡਿਪਟੀ ਕਮਿਸ਼ਨਰ, ਵਧੀਕ ਡਿਪਟੀ ਕਮਿਸ਼ਨਰਾਂ ਤੇ ਸਮੂਹ ਵਿਭਾਗਾਂ ਦੇ ਉੱਚ ਅਧਿਕਾਰੀਆਂ ਨਾਲ ਮੀਟਿੰਗ ਕਰ ਰਹੇ ਸਨ। ਇਸ ਤੋਂ ਇਲਾਵਾ ਉਨ੍ਹਾਂ ਨਗਰ ਨਿਗਮ ਕਪੂਰਥਲਾ ਵਲੋਂ 10,000 ਐੱਲਈਡੀ ਲਾਈਟਾਂ ਲਾਉਣ ਦੇ ਕੰਮ ਨੂੰ ਵੀ ਤੇਜ਼ੀ ਨਾਲ ਪੂਰਾ ਕਰਨ ਦੇ ਹੁਕਮ ਦਿੱਤੇ। ਗੁਰੂ ਨਾਨਕ ਸਟੇਡੀਅਮ ਕਪੂਰਥਲਾ ਵਿੱਚ ਚੱਲ ਰਹੇ ਵਿਕਾਸ ਕੰਮਾਂ ਵਿਚ ਦੇਰੀ ਦਾ ਗੰਭੀਰ ਨੋਟਿਸ ਲੈਂਦਿਆਂ ਮੰਤਰੀ ਨੇ ਕਿਹਾ ਕਿ ਸਬੰਧਤ ਠੇਕੇਦਾਰ ਨੂੰ ਬਲੈਕ ਲਿਸਟ ਕੀਤਾ ਜਾਵੇ।
ਨੌਜਵਾਨਾਂ ਨੂੰ ਨੌਕਰੀ ਦੇ ਪੱਤਰ ਸੌਂਪੇ
ਰਾਣਾ ਗੁਰਜੀਤ ਸਿੰਘ ਨੇ ਕਿਹਾ ਹੈ ਕਿ ਪੰਜਾਬ ਸਰਕਾਰ ਵੱਲੋਂ ਤਕਨੀਕੀ ਖੇਤਰ ਅੰਦਰ ਗੁਣਵੱਤਾ ਭਰਪੂਰ ਸਿੱਖਿਆ ਨੂੰ ਯਕੀਨੀ ਬਣਾਉਣ ਦੇ ਮਕਸਦ ਨਾਲ ਜਲਦ ਹੀ ‘ਰੈਗੂਲੇਸ਼ਨ ਅਥਾਰਿਟੀ’ ਕਾਇਮ ਕੀਤੀ ਜਾਵੇਗੀ। ਅੱਜ ਇੱਥੇ ਇੰਦਰ ਕੁਮਾਰ ਗੁਜਰਾਲ ਪੰਜਾਬ ਤਕਨੀਕੀ ਯੂਨੀਵਰਸਿਟੀ ਵਿੱਚ ਮੈਗਾ ਜਾਬ ਮੇਲੇ ਦੌਰਾਨ ਨੌਜਵਾਨਾਂ ਨੂੰ ਸੰਬੋਧਨ ਕਰਦਿਆਂ ਕੈਬਨਿਟ ਮੰਤਰੀ ਨੇ ਕਿਹਾ ਕਿ ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਵਲੋਂ ਸਾਲ 2018 ਵਿਚ ਮੈਗਾ ਰੁਜ਼ਗਾਰ ਮੇਲਿਆਂ ਦੀ ਸ਼ੁਰੂਆਤ ਕੀਤੀ ਗਈ ਸੀ, ਜਿਸ ਦਾ ਹੁਣ ਤੱਕ ਲੱਖਾਂ ਨੌਜਵਾਨਾਂ ਨੇ ਲਾਭ ਲਿਆ ਹੈ। ਇਸ ਮੌਕੇ ਕੰਪਨੀਆਂ ਵੱਲੋਂ 432 ਵਿਦਿਆਰਤੀਆਂ ਦੀ ਨੌਕਰੀ ਲਈ ਚੋਣ ਹੋਈ, ਜਿਨ੍ਹਾਂ ਨੂੰ ਮੰਤਰੀ ਨੇ ਪੱਤਰ ਸੌਂਪੇ।