ਨਿੱਜੀ ਪੱਤਰ ਪ੍ਰੇਰਕ
ਜਲੰਧਰ, 30 ਸਤੰਬਰ
ਡਿਪਟੀ ਕਮਿਸ਼ਨਰ ਜਸਪ੍ਰੀਤ ਸਿੰਘ ਵੱਲੋਂ ਸਮੂਹ ਉਪ ਮੰਡਲ ਮੈਜਿਸਟਰੇਟਾਂ ਤੇ ਤਹਿਸੀਲਦਾਰਾਂ ਨੂੰ ਬੀਤੇ ਦਿਨੀ ਭਾਰੀ ਬਾਰਸ਼ ਕਾਰਨ ਫ਼ਸਲਾਂ ਦੇ ਹੋਏ ਖ਼ਰਾਬੇ ਦੀ ਗਿਰਦਾਵਰੀ ਕਰਾਉਣ ਦੀਆਂ ਹਦਾਇਤਾਂ ਜਾਰੀ ਕੀਤੀਆਂ ਗਈਆਂ ਹਨ। ਡਿਪਟੀ ਕਮਿਸ਼ਨਰ ਨੇ ਅਧਿਕਾਰੀਆਂ ਨੂੰ ਕਿਹਾ ਹੈ ਕਿ ਜ਼ਿਲ੍ਹੇ ਵਿੱਚ ਪਿਛਲੇ ਦਿਨਾਂ ਦੌਰਾਨ ਹੋਈ ਭਾਰੀ ਬਾਰਸ਼ ਕਾਰਨ ਜੇ ਫ਼ਸਲਾਂ ਦਾ ਕੋਈ ਨੁਕਸਾਨ ਹੋਇਆ ਹੈ ਤਾਂ ਉਸ ਸਬੰਧੀ 1 ਤੋਂ 31 ਅਕਤੂਬਰ ਤੱਕ ਗਿਰਦਾਵਰੀ ਕਰਨ ਉਪਰੰਤ ਤੁਰੰਤ ਰਿਪੋਰਟ ਡੀਸੀ ਦਫ਼ਤਰ ਨੂੰ ਭੇਜੀ ਜਾਵੇ।
ਇਸ ਦੌਰਾਨ ਡਿਪਟੀ ਕਮਿਸ਼ਨਰ ਜਸਪ੍ਰੀਤ ਸਿੰਘ ਨੇ ਕਿਹਾ ਕਿ ਜ਼ਿਲ੍ਹੇ ਦੀਆਂ ਮੰਡੀਆਂ ਵਿੱਚ ਵਿਕਰੀ ਲਈ ਆਪਣੀ ਝੋਨੇ ਦੀ ਫ਼ਸਲ ਲੈ ਕੇ ਆਉਣ ਵਾਲੇ ਕਿਸਾਨਾਂ ਨੂੰ ਕੋਈ ਮੁਸ਼ਕਲ ਪੇਸ਼ ਨਹੀਂ ਆਉਣ ਦਿੱਤੀ ਜਾਵੇਗੀ ਅਤੇ ਸਮੁੱਚੀ ਖ਼ਰੀਦ ਪ੍ਰਕਿਰਿਆ ਨੂੰ ਨਿਰਵਿਘਨ ਤੇ ਸੁਚੱਜੇ ਢੰਗ ਨਾਲ ਨੇਪਰੇ ਚਾੜ੍ਹਿਆ ਜਾਵੇਗਾ।
ਝੋਨੇ ਦੇ ਖ਼ਰੀਦ ਪ੍ਰਬੰਧਾਂ ਦਾ ਜਾਇਜ਼ਾ ਲੈਣ ਲਈ ਅਨਾਜ ਮੰਡੀ ਪ੍ਰਤਾਪਪੁਰਾ ਦਾ ਦੌਰਾ ਕਰਦਿਆਂ ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ ਪਹਿਲੀ ਅਕਤੂਬਰ ਤੋਂ ਸੂਬੇ ਭਰ ਵਿੱਚ ਝੋਨੇ ਦੀ ਫ਼ਸਲ ਦੀ ਖ਼ਰੀਦ ਸ਼ੁਰੂ ਕੀਤੀ ਜਾ ਰਹੀ ਹੈ। ਇਸ ਸਬੰਧੀ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਜਲੰਧਰ ਦੀਆਂ ਸਮੂਹ ਮੰਡੀਆਂ ਅਤੇ ਖ਼ਰੀਦ ਕੇਂਦਰਾਂ ਵਿੱਚ ਲੋੜੀਂਦੇ ਪ੍ਰਬੰਧ ਮੁਕੰਮਲ ਕੀਤੇ ਜਾ ਚੁੱਕੇ ਹਨ। ਉਨ੍ਹਾਂ ਦੱਸਿਆ ਕਿ ਸਮੁੱਚੀ ਖ਼ਰੀਦ ਪ੍ਰਕਿਰਿਆ ਨੂੰ ਸੁਚਾਰੂ ਢੰਗ ਨਾਲ ਚਲਾਉਣ ਲਈ ਜ਼ਿਲ੍ਹੇ ਵਿੱਚ 78 ਰੈਗੂਲਰ ਮੰਡੀਆਂ ਤੋਂ ਇਲਾਵਾ 28 ਆਰਜ਼ੀ ਮੰਡੀਆਂ ਸਥਾਪਤ ਕੀਤੀਆਂ ਗਈਆਂ ਹਨ।
ਜਸਪ੍ਰੀਤ ਸਿੰਘ ਨੇ ਦੱਸਿਆ ਕਿ ਜ਼ਿਲ੍ਹੇ ਦੀਆਂ ਮੰਡੀਆਂ ਵਿੱਚ ਇਸ ਵਾਰ ਕਰੀਬ 11 ਲੱਖ ਮੀਟ੍ਰਿਕ ਟਨ ਝੋਨੇ ਦੀ ਆਮਦ ਹੋਣ ਦੀ ਸੰਭਾਵਨਾ ਹੈ।