ਨਿੱਜੀ ਪੱਤਰ ਪ੍ਰੇਰਕ
ਜਲੰਧਰ, 19 ਮਈ
ਕੋਵਿਡ-19 ਦੇ ਇਲਾਜ ਵਿੱਚ ਵਰਤੀਆਂ ਜਾਣ ਵਾਲੀਆਂ ਦਵਾਈਆਂ ਦੀ ਕਾਲਾਬਾਜ਼ਾਰੀ ਕਰਨ ਵਾਲਿਆਂ ਖ਼ਿਲਾਫ਼ ਸਖ਼ਤ ਕਾਰਵਾਈ ਕਰਦਿਆਂ ਜ਼ਿਲ੍ਹਾ ਪ੍ਰਸ਼ਾਸਨ ਨੇ ਪੁਲੀਸ ਵਿਭਾਗ ਨੂੰ ਕਿਹਾ ਕਿ ਇਕ ਵਿਅਕਤੀ ਰੈਮਡੇਸਿਵਿਰ ਟੀਕੇ ਦੀ ਕਾਲਾਬਜ਼ਾਰੀ ਕਰਨ ਵਿੱਚ ਲਿਪਤ ਹੈ, ਉਸ ਖਿਲਾਫ਼ ਐੱਫਆਈਆਰ ਦਰਜ ਕੀਤੀ ਜਾਵੇ। ਇਸ ਸਬੰਧੀ ਜਾਣਕਾਰੀ ਦਿੰਦਿਆਂ ਡਿਪਟੀ ਕਮਿਸ਼ਨਰ ਘਨਸ਼ਿਆਮ ਥੋਰੀ ਨੇ ਕਿਹਾ ਕਿ ਮਿਸ. ਰੀਮਾ ਗੁਗਲਾਨੀ ਵੱਲੋਂ ਲਵ ਮਹਿਰਾ ਨਾਂ ਦੇ ਵਿਅਕਤੀ ਖ਼ਿਲਾਫ਼ ਇਸ ਟੀਕੇ ਨੂੰ ਜਮ੍ਹਾਂ ਕਰਨ ਸਬੰਧੀ ਸ਼ਿਕਾਇਤ ਪ੍ਰਾਪਤ ਹੋਈ ਸੀ। ਉਨ੍ਹਾਂ ਦੱਸਿਆ ਕਿ ਮੁੱਢਲੀ ਪੜਤਾਲ ਦੌਰਾਨ ਲਗਾਏ ਗਏ ਦੋਸ਼ ਸਹੀ ਪਾਏ ਗਏ ਸਨ। ਉਨ੍ਹਾਂ ਕਿਹਾ ਕਿ ਐਪੀਡੈਮਿਕ ਐਕਟ ਅਤੇ ਡਿਜਾਸਟਰ ਮੈਨੇਜਮੈਂਟ ਐਕਟ ਤਹਿਤ ਪੁਲੀਸ ਵਿਭਾਗ ਨੂੰ ਐੱਫਆਈਆਰ ਦਰਜ ਕਰਨ ਦੀ ਸਿਫ਼ਾਰਸ਼ ਕੀਤੀ ਗਈ ਹੈ।
ਡਿਪਟੀ ਕਮਿਸ਼ਨਰ ਨੇ ਦੁਹਰਾਇਆ ਕਿ ਕੋਵਿਡ-19 ਮਹਾਮਾਰੀ ਦੌਰਾਨ ਪ੍ਰਸ਼ਾਸਨ ਜ਼ਿਲ੍ਹਾ ਵਾਸੀਆਂ ਨੂੰ ਮਿਆਰੀ ਸਿਹਤ ਸੇਵਾਵਾਂ ਮੁਹੱਈਆ ਕਰਵਾਉਣ ਲਈ ਵਚਨਬੱਧ ਹੈ। ਉਨ੍ਹਾਂ ਜ਼ਿਲ੍ਹਾ ਵਾਸੀਆਂ ਨੂੰ ਇਹ ਵੀ ਅਪੀਲ ਕੀਤੀ ਕਿ ਕੋਵਿਡ ਦੇ ਇਲਾਜ ਵਿੱਚ ਵੱਧ ਪੈਸੇ ਵਸੂਲਣ ਅਤੇ ਕਿਸੇ ਵੀ ਹਸਪਤਾਲ ਵੱਲੋਂ ਕੀਤੀਆਂ ਜਾ ਰਹੀਆਂ ਊਣਤਾਈਆਂ ਸਬੰਧੀ ਜਾਣਕਾਰੀ ਜ਼ਿਲ੍ਹਾ ਪ੍ਰਸ਼ਾਸਨ ਦੇ ਧਿਆਨ ਵਿੱਚ ਵਟਸਐਪ ਨੰਬਰ- 98889-81881 ਅਤੇ 95017-99068 ਰਾਹੀਂ ਸਬੂਤਾਂ ਸਣੇ ਧਿਆਨ ਵਿੱਚ ਲਿਆਉਣ ਤਾਂ ਜੋ ਸੰਕਟ ਦੀ ਘੜੀ ਵਿੱਚ ਇਸ ਅਪਰਾਧ ਵਿੱਚ ਲਿਪਤ ਲੋਕਾਂ ਖ਼ਿਲਾਫ਼ ਸਖ਼ਤ ਕਾਰਵਾਈ ਅਮਲ ਵਿੱਚ ਲਿਆਂਦੀ ਜਾ ਸਕੇ। ਉਨ੍ਹਾਂ ਕਿਹਾ ਕਿ ਸ਼ਿਕਾਇਤਕਰਤਾ ਵੱਲੋਂ ਮੁਹੱਈਆ ਕਰਵਾਈ ਗਈ ਜਾਣਕਾਰੀ ਸਹੀ ਪਾਈ ਜਾਂਦੀ ਹੈ ਅਤੇ ਐੱਫਆਈਆਰ ਦਰਜ ਹੋ ਜਾਂਦੀ ਹੈ ਤਾਂ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਉਸ ਦਾ ਸਨਮਾਨ ਕੀਤਾ ਜਾਵੇਗਾ।