ਨਿੱਜੀ ਪੱਤਰ ਪ੍ਰੇਰਕ
ਜਲੰਧਰ, 23 ਦਸੰਬਰ
ਡਿਪਟੀ ਕਮਿਸ਼ਨਰ ਘਨਸ਼ਿਆਮ ਥੋਰੀ ਨੇ ਧਾਰਾ 144 ਅਧੀਨ ਮਿਲੇ ਅਧਿਕਾਰਾਂ ਦੀ ਵਰਤੋਂ ਕਰਦੇ ਹੋਏ ਆਦੇਸ਼ ਜਾਰੀ ਕੀਤੇ ਹਨ ਕਿ ਸਿਵਾਏ ਸਮਰੱਥ ਅਧਿਕਾਰੀ ਦੀ ਪ੍ਰਵਾਨਗੀ ਤੋਂ ਬਿਨਾਂ ਕੋਈ ਵੀ ਵਿਅਕਤੀ ਕ੍ਰਿਸਮਸ, ਨਵਾਂ ਸਾਲ ਅਤੇ ਗੁਰਪੁਰਬ ਦੇ ਤਿਉਹਾਰਾਂ ਮੌਕੇ ਪਟਾਕੇ ਸਟੋਰ ਨਹੀਂ ਕਰ ਸਕੇਗਾ ਅਤੇ ਨਾ ਹੀ ਪ੍ਰਦਰਸ਼ਿਤ ਕਰ ਸਕੇਗਾ ਤੇ ਨਾ ਹੀ ਵੇਚੇਗਾ। ਕ੍ਰਿਸਮਸ ਅਤੇ ਨਵੇਂ ਸਾਲ ਦੀ ਪੂਰਵ ਸੰਧਿਆ ਮੌਕੇ ਰਾਤ 11.55 ਵਜੇ ਤੋਂ ਰਾਤ 12.30 ਵਜੇ ਤੱਕ ਪਟਾਕੇ ਚਲਾਉਣ ਦੀ ਆਗਿਆ ਹੋਵੇਗੀ। ਗੁਰਪੁਰਬ ਮੌਕੇ ਸਵੇਰੇ 4 ਵਜੇ ਤੋਂ ਸਵੇਰੇ 5 ਵਜੇ ਅਤੇ ਸ਼ਾਮ ਨੂੰ 9 ਵਜੇ ਤੋਂ ਰਾਤ 10 ਵਜੇ ਤੱਕ ਪਟਾਕੇ ਚਲਾਉਣ ਦੀ ਆਗਿਆ ਹੋਵੇਗੀ। ਸਬੰਧਤ ਐੱਸਐੱਚਓ ਆਪੋ-ਆਪਣੇ ਅਧਿਕਾਰ ਖੇਤਰ ਵਿੱਚ ਇਨ੍ਹਾਂ ਹੁਕਮਾਂ ਦੀ ਪਾਲਣਾ ਯਕੀਨੀ ਬਣਾਉਣਗੇ।
ਸਾਈਲੈਂਸ ਜ਼ੋਨ ਜਿਨ੍ਹਾਂ ਵਿੱਚ ਹਸਪਤਾਲ, ਵਿਦਿਅਕ ਅਦਾਰੇ ਦੇ ਨੇੜੇ ਪਟਾਕੇ ਚਲਾਉਣ ’ਤੇ ਮੁਕੰਮਲ ਪਾਬੰਦੀ ਹੋਵੇਗੀ। ਇਸ ਤੋਂ ਇਲਾਵਾ ਸੁੱਚੀ ਪਿੰਡ ਦੀ ਹੱਦਬੰਦੀ ਅਤੇ ਇੰਡੀਅਨ ਆਇਲ ਕਾਰਪੋਰੇਸ਼ਨ, ਭਾਰਤ ਪੈਟਰੋਲੀਅਮ ਕਾਰਪੋਰੇਸ਼ਨ ਲਿਮਟਿਡ ਤੇ ਹਿੰਦੋਸਤਾਨ ਪੈਟਰੋਲੀਅਮ ਕਾਰਪੋਰੇਸ਼ਨ ਲਿਮਟਿਡ ਦੇ ਤੇਲ ਟਰਮੀਨਲਾਂ ਦੇ 500 ਗਜ਼ ਦੇ ਘੇਰੇ ਅੰਦਰ ਪਟਾਕੇ ਚਲਾਉਣ ’ਤੇ ਪਾਬੰਦੀ ਹੋਵੇਗੀ। ਇਹ ਹੁਕਮ 10 ਜਨਵਰੀ ਤੱਕ ਲਾਗੂ ਰਹਿਣਗੇ।