ਸਮਾਰਟ ਸਿਟੀ ਪ੍ਰਾਜੈਕਟਾਂ ’ਚ ਤੇਜ਼ੀ ਲਿਆਉਣ ਦੇ ਹੁਕਮ
ਜਸਬੀਰ ਸਿੰਘ ਚਾਨਾ
ਕਪੂਰਥਲਾ, 2 ਜੁਲਾਈ
ਡੀਸੀ ਅਮਿਤ ਕੁਮਾਰ ਪੰਚਾਲ ਵੱਲੋਂ ਸੁਲਤਾਨਪੁਰ ਲੋਧੀ ਵਿੱਚ ਸਮਾਰਟ ਸਿਟੀ ਪ੍ਰਾਜੈਕਟ ਤਹਿਤ ਕਰਵਾਏ ਜਾ ਰਹੇ ਵਿਕਾਸ ਕਾਰਜਾਂ ਦਾ ਜਾਇਜ਼ਾ ਲਿਆ ਗਿਆ। ਉਨ੍ਹਾਂ ਅਧਿਕਾਰੀਆਂ ਨੂੰ ਨਿਰਦੇਸ਼ ਦਿੱਤੇ ਕਿ ਵਿਕਾਸ ਕਾਰਜਾਂ ਨੂੰ ਜੰਗੀ ਪੱਧਰ ’ਤੇ ਗੁਣਵੱਤਾ ਬਰਕਰਾਰ ਰੱਖਦਿਆਂ ਮੁਕੰਮਲ ਕੀਤਾ ਜਾਵੇ।
ਡੀਸੀ ਵੱਲੋਂ ਇੱਥੇ ਸੁਲਤਾਨਪੁਰ ਲੋਧੀ ਦੇ ਸਰਕਟ ਹਾਊਸ ਵਿੱਚ ਨਗਰ ਸੁਧਾਰ ਟਰੱਸਟ ਕਪੂਰਥਲਾ ਦੇ ਚੇਅਰਮੈਨ ਤੇ ਹਲਕਾ ਇੰਚਾਰਜ ਸੱਜਣ ਸਿੰਘ ਚੀਮਾ, ਵਧੀਕ ਡਿਪਟੀ ਕਮਿਸ਼ਨਰ (ਜ) ਨਵਨੀਤ ਕੌਰ ਬੱਲ ਦੀ ਮੌਜੂਦਗੀ ’ਚ ਸੁਲਤਾਨਪੁਰ ਲੋਧੀ ਦੇ ਸਮਾਰਟ ਸਿਟੀ ਪ੍ਰਾਜੈਕਟ ਅਧੀਨ ਕਰਵਾਏ ਜਾ ਰਹੇ ਵਿਕਾਸ ਕਾਰਜਾਂ ਦੇ ਕੰਮਾਂ ਦੀ ਸਮੀਖਿਆ ਕੀਤੀ ਗਈ। ਉਨ੍ਹਾਂ ਕਿਹਾ ਕਿ ਲੋਕਾਂ ਦੀ ਸੜਕਾਂ ਨੂੰ ਪੱਕਾ ਕੀਤੇ ਜਾਣ ਦੀ ਮੰਗ ਜਲਦੀ ਪੂਰਾ ਕਰਨ ਦੇ ਸਦਕਾ ਜੰਗੀ ਪੱਧਰ ’ਤੇ ਨਵੀਆਂ ਸੜਕਾਂ ਦਾ ਨਿਰਮਾਣ ਕਰਵਾਇਆ ਜਾ ਰਿਹਾ ਹੈ ਤੇ ਕਿਹਾ ਕਿ ਆਉਣ ਵਾਲੇ ਦਿਨਾਂ ’ਚ ਜਿੱਥੇ ਕੀਤੇ ਵੀ ਪੱਕੀ ਸੜਕ ਦਾ ਕੰਮ ਅਧੂਰਾ ਪਿਆ ਹੈ, ਜਿਨ੍ਹਾਂ ਲਈ ਸਬੰਧਤ ਅਧਿਕਾਰੀਆਂ ਨੂੰ ਜਲਦ ਪੂਰਾ ਕਰਨ ਦੇ ਸਖਤ ਹੁਕਮ ਵੀ ਦਿੱਤੇ ਗਏ ਹਨ। ਉਨ੍ਹਾਂ ਕਿਹਾ ਕਿ ਅਧਿਕਾਰੀਆਂ ਨੂੰ ਸਮਾਰਟ ਸਿਟੀ ਪ੍ਰਾਜੈਕਟ ਦੇ ਕੰਮਾਂ ਦੀ ਗੁਣਵੱਤਾ ਯਕੀਨੀ ਬਣਾਉਣ ਦੇ ਨਾਲ-ਨਾਲ ਸਮਾਂਬੱਧ ਢੰਗ ਨਾਲ ਪੂਰਾ ਕਰਨ ਲਈ ਵੀ ਆਦੇਸ਼ ਦਿੱਤੇ ਗਏ ਹਨ ਤਾਂ ਜੋ ਲੋਕਾਂ ਨੂੰ ਲੋੜੀਂਦੀਆਂ ਸਹੂਲਤਾਂ ਮੁਹੱਈਆਂ ਕਰਵਾਈਆਂ ਜਾ ਸਕਣ।