ਹਤਿੰਦਰ ਮਹਿਤਾ
ਜਲੰਧਰ, 1 ਜੂਨ
ਇੱਥੇ ਅੱਜ ਸੰਯੁਕਤ ਕਿਸਾਨ ਮੋਰਚੇ ਦੇ ਸੱਦੇ ਤੇ ਵੱਖ-ਵੱਖ ਜਥੇਬੰਦੀਆਂ ਵੱਲੋਂ ਪਹਿਲਵਾਨਾਂ ਦੇ ਹੱਕ ਵਿੱਚ ਤੇ ਬ੍ਰਿਜ ਭੂਸ਼ਨ ਦੇ ਵਿਰੋਧ ਵਿੱਚ ਰੋਸ ਮਾਰਚ ਕਰਕੇ ਡੀਸੀ ਜਲੰਧਰ ਨੂੰ ਮੰਗ ਪੱਤਰ ਦਿੱਤਾ। ਇਸ ਸਮੇਂ ਕਿਰਤੀ ਕਿਸਾਨ ਯੂਨੀਅਨ ਦੇ ਸੂਬਾ ਆਗੂ ਸੰਤੋਖ ਸਿੰਘ ਸੰਧੂ ਨੇ ਮੰਗ ਕੀਤੀ ਕਿ ਬ੍ਰਿਜ ਭੂਸ਼ਨ ਨੂੰ ਅਹੁਦੇ ਤੋਂ ਬਰਖ਼ਾਸਤ ਕਰਕੇ ਗ੍ਰਿਫ਼ਤਾਰ ਕੀਤਾ ਜਾਵੇ । ਉਨ੍ਹਾਂ ਕਿਹਾ 5 ਜੂਨ ਨੂੰ ਬ੍ਰਿਜ਼ ਭੂਸ਼ਨ ਦੇ ਵਿਰੋਧ ਵਿੱਚ ਪੰਜਾਬ ਦੇ ਹਰ ਇੱਕ ਪਿੰਡ ਵਿੱਚ ਪੁਤਲਾ ਫੂਕ ਪ੍ਰਦਰਸ਼ਨ ਕੀਤਾ ਜਾਵੇਗਾ।
ਅੰਮ੍ਰਿਤਸਰ (ਜਗਤਾਰ ਸਿੰਘ ਲਾਂਬਾ): ਸਥਾਨਕ ਜ਼ਿਲ੍ਹੇ ਦੀਆਂ ਕਿਸਾਨ ਜਥੇਬੰਦੀਆਂ ਨੇ ਡਿਪਟੀ ਕਮਿਸ਼ਨਰ ਦੇ ਦਫਤਰ ਦੇ ਅੱਗੇ ਮੁਜ਼ਾਹਰਾ ਕੀਤਾ। ਇਸ ਦੌਰਾਨ ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਨੇ ਜ਼ਿਲ੍ਹਾ ਪ੍ਰਧਾਨ ਕਸ਼ਮੀਰ ਸਿੰਘ ਦੀ ਅਗਵਾਈ ਵਿੱਚ ਡੀਸੀ ਦਫਤਰ ਧਰਨਾ ਦਿੱਤਾ ਮਗਰੋਂ ਸੀਐੱਮ ਦੇ ਫ਼ੀਲਡ ਅਫਸਰ ਅਰੁਣ ਕੁਮਾਰ ਨੂੰ ਮੰਗ ਪੱਤਰ ਦਿੱਤਾ।
ਗੜ੍ਹਸ਼ੰਕਰ (ਜੰਗ ਬਹਾਦਰ ਸਿੰਘ ਸੇਖੋਂ/ਜੋਗਿੰਦਰ ਕੁੱਲੇਵਾਲ): ਸੰਯੁਕਤ ਕਿਸਾਨ ਮੋਰਚੇ ਦੇ ਸੱਦੇ ਤਹਿਤ ਗੜ੍ਹਸ਼ੰਕਰ ਦੀਆਂ ਸ਼ੰਘਰਸ਼ਸ਼ੀਲ ਜਥੇਬੰਦੀਆਂ ਕਿਰਤੀ ਕਿਸਾਨ ਯੂਨੀਅਨ, ਕੁੱਲ ਹਿੰਦ ਕਿਸਾਨ ਸਭਾ, ਜਮਹੂਰੀ ਕਿਸਾਨ ਸਭਾ, ਡੈਮੋਕਰੈਟਿਕ ਮੁਲਾਜ਼ਮ ਫੈਡਰੇਸ਼ਨ ,ਡੈਮੋਕਰੈਟਿਕ ਪੈਨਸ਼ਨਰਜ਼ ਫਰੰਟ ,ਜੀਵਨ ਜਾਗ੍ਰਿਤੀ ਮੰਚ, ਜਨਵਾਦੀ ਇਸਤਰੀ ਸਭਾ, ਪੰਜਾਬ ਸੁਬਾਰਟੀਨੇਟ ਸਰਵਿਸਿਜ਼ ਫੈਡਰੇਸਨ, ਤਰਕਸ਼ੀਲ ਸੁਸਾਇਟੀ ਅਤੇ ਮਜ਼ਦੂਰ ਯੂਨੀਅਨਾਂ ਦੇ ਆਗੂਆਂ ਅਤੇ ਵਰਕਰਾਂ ਵੱਲੋਂ ਰੋਸ ਮਾਰਚ ਕੱਢ ਕੇ ਕੇਂਦਰ ਸਰਕਾਰ ਦਾ ਪੁਤਲਾ ਫੂਕਿਆ ਗਿਆ।
ਫਿਲੌਰ (ਸਰਬਜੀਤ ਗਿੱਲ): ਸੰਯੁਕਤ ਕਿਸਾਨ ਮੋਰਚਾ ਅਤੇ ਜਨਤਕ ਜਥੇਬੰਦੀਆਂ ਦੇ ਸਾਂਝੇ ਮੋਰਚੇ (ਜੇਪੀਐੱਮਓ) ਵੱਲੋਂ ਅੱਜ ਮੋਦੀ ਸਰਕਾਰ ਦਾ ਪੁਤਲਾ ਫੂਕ ਕੇ ਰੋਹ ਦਾ ਪ੍ਰਗਟਾਵਾ ਕੀਤਾ ਗਿਆ। ਅੱਜ ਦਿੱਲੀ ਮੋਰਚੇ ਦੇ ਸ਼ਹੀਦਾਂ ਦੀ ਯਾਦਗਰ ਤੋਂ ਜਥੇਬੰਦੀਆਂ ਦੇ ਕਾਰਕੁਨਾਂ ਦਾ ਕਾਫਲਾ ਮੋਦੀ ਸਰਕਾਰ ਖ਼ਿਲਾਫ਼ ਨਾਅਰੇਬਾਜ਼ੀ ਕਰਦਾ ਹੋਇਆ ਸਥਾਨਕ ਪੰਡਤ ਸ਼ਰਧਾ ਰਾਮ ਫਿਲੌਰੀ ਚੌਕ ਪੁੱਜਾ, ਜਿਥੇ ਮੋਦੀ ਸਰਕਾਰ ਦਾ ਪੁਤਲਾ ਫੂਕਿਆ ਗਿਆ। ਹੁਸ਼ਿਆਰਪੁਰ (ਹਰਪ੍ਰੀਤ ਕੌਰ): ਅੱਜ ਇੱਥੇ ਵੱਖ-ਵੱਖ ਜਥੇਬੰਦੀਆਂ ਵੱਲੋਂ ਸਾਂਝੇ ਤੌਰ ‘ਤੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਤੇ ਬ੍ਰਿਜ ਭੂਸ਼ਣ ਦੇ ਪੁਤਲੇ ਫ਼ੂਕ ਕੇ ਮੁਜ਼ਾਹਰਾ ਕੀਤਾ ਗਿਆ। ਇਸ ਤੋਂ ਪਹਿਲਾਂ ਮੁਜ਼ਾਹਰਾਕਾਰੀਆਂ ਨੇ ਸ਼ਹੀਦ ਧੰਨਾ ਸਿੰਘ ਪਾਰਕ ‘ਚ ਇਕੱਠ ਕੀਤਾ ਜਿੱਥੋਂ ਮਨਿੀ ਸਕੱਤਰੇਤ ਤੱਕ ਮਾਰਚ ਕਰਕੇ ਡੀਸੀ ਕੋਮਲ ਮਿੱਤਲ ਨੂੰ ਮੰਗ ਪੱਤਰ ਦਿੱਤਾ ਗਿਆ। ਆਗੂਆਂ ਨੇ ਬ੍ਰਿਜ ਭੂਸ਼ਣ ਨੂੰ ਤੁਰੰਤ ਗ੍ਰਿਫ਼ਤਾਰ ਕਰਨ ਦੀ ਮੰਗ ਕੀਤੀ। ਇਕੱਠ ਵਿਚ ਕਿਰਤੀ ਕਿਸਾਨ ਯੂਨੀਅਨ ਦੇ ਪ੍ਰਧਾਨ ਜਗਤਾਰ ਸਿੰਘ ਭਿੰਡਰ, ਸਤਨਾਮ ਸਿੰਘ ਮੁਖਲਿਆਣਾ, ਅਜ਼ਾਦ ਕਿਸਾਨ ਕਮੇਟੀ ਦੇ ਹਰਬੰਸ ਸਿੰਘ ਸੰਘਾ ਮੌਜੂਦ ਸਨ।
ਅਟਾਰੀ (ਦਿਲਬਾਗ ਸਿੰਘ ਅਟਾਰੀ): ਇੱਥੇ ਅੱਜ ਜਮਹੂਰੀ ਕਿਸਾਨ ਸਭਾ ਪੰਜਾਬ ਅਤੇ ਬਾਰਡਰ ਏਰੀਆ ਸੰਘਰਸ਼ ਕਮੇਟੀ ਦੇ ਕਾਰਕੁਨਾ ਨੇ ਭਾਰਤੀ ਕੁਸ਼ਤੀ ਫੈਡਰੇਸ਼ਨ ਦੇ ਪ੍ਰਧਾਨ ਬ੍ਰਿਜ ਭੂਸ਼ਣ ਸ਼ਰਨ ਸਿੰਘ ਦਾ ਪੁਤਲਾ ਸਾੜਿਆ। ਸਬ ਤਹਿਸੀਲ ਅਟਾਰੀ ਵਿੱਚ ਬਾਬਾ ਅਰਜਨ ਸਿਘ ਹੁਸ਼ਿਆਰ ਨਗਰ, ਮੁਖਤਾਰ ਸਿੰਘ ਮੁਹਾਵਾ ਅਤੇ ਨਿਰਮਲ ਸਿੰਘ ਮੋਦੇ ਦੀ ਅਗਵਾਈ ਹੇਠ ਰੋਸ ਪ੍ਰਦਰਸ਼ਨ ਕੀਤਾ ਗਿਆ। ਪੁਤਲਾ ਸਾੜਨ ਉਪਰੰਤ ਜਥੇਬੰਦੀਆਂ ਦੇ ਆਗੂਆਂ ਨੇ ਨਾਇਬ ਤਹਿਸੀਲਦਾਰ ਨੂੰ ਮੰਗ-ਪੱਤਰ ਦਿੱਤਾ ਗਿਆ।
ਪਠਾਨਕੋਟ (ਐੱਨਪੀ ਧਵਨ): ਇੱਥੇ ਅੱਜ ਕਿਸਾਨ ਤੇ ਮਜ਼ਦੂਰ ਜਥੇਬੰਦੀਆਂ ਵੱਲੋਂ ਕੇਂਦਰ ਸਰਕਾਰ ਦਾ ਪੁਤਲਾ ਸਾੜਿਆ ਗਿਆ। ਇਸ ਮੌਕੇ ਰੋਸ ਪ੍ਰਦਰਸ਼ਨ ਕਰਦੇ ਹੋਏ ਕਿਸਾਨਾਂ ਨੇ ਵਧੀਕ ਡਿਪਟੀ ਕਮਿਸ਼ਨਰ ਨੂੰ ਦਿੱਤੇ ਮੰਗ ਪੱਤਰ ਰਾਹੀਂ ਮੰਗ ਕੀਤੀ ਕਿ ਬ੍ਰਿਜ ਭੂਸ਼ਣ ਸ਼ਰਨ ਸਿੰਘ ਨੂੰ ਗ੍ਰਿਫ਼ਤਾਰ ਕੀਤਾ ਜਾਵੇ। ਇਸ ਪ੍ਰਦਰਸ਼ਨ ਦੀ ਪ੍ਰਧਾਨਗੀ ਜਮਹੂਰੀ ਕਿਸਾਨ ਸਭਾ ਦੇ ਆਗੂ ਬਲਦੇਵ ਰਾਜ ਭੋਆ, ਕੁੱਲ ਹਿੰਦ ਕਿਸਾਨ ਸਭਾ (ਪੂਨੇਵਾਲ) ਦੇ ਆਗੂ ਪ੍ਰੇਮ ਸਿੰਘ, ਕਿਰਤੀ ਕਿਸਾਨ ਯੂਨੀਅਨ ਦੇ ਆਗੂ ਪਰਮਜੀਤ ਸਿੰਘ ਅਤੇ ਕੁੱਲ ਹਿੰਦ ਕਿਸਾਨ ਸਭਾ (ਅਜੇ ਭਵਨ) ਦੇ ਆਗੂ ਬਾਲ ਕਿਸ਼ਨ ਸੈਣੀ ਨੇ ਕੀਤੀ। ਉਨ੍ਹਾਂ ਐਲਾਨ ਕੀਤਾ ਕਿ 5 ਜੂਨ ਨੂੰ ਵੀ ਸ਼ਹਿਰਾਂ-ਕਸਬਿਆਂ ਅਤੇ ਪਿੰਡ-ਪਿੰਡ ਕੇਂਦਰ ਸਰਕਾਰ ਦੇ ਸਰਕਾਰ ਦੇ ਪੁਤਲੇ ਫੂਕੇ ਜਾਣਗੇ।
ਬਟਾਲਾ (ਹਰਜੀਤ ਸਿੰਘ ਪਰਮਾਰ): ਇੱਥੇ ਅੱਜ ਸੰਯੁਕਤ ਕਿਸਾਨ ਮੋਰਚਾ, ਟਰੇਡ ਯੂਨੀਅਨਾਂ ਅਤੇ ਮੁਲਾਜ਼ਮਾਂ ਜਥੇਬੰਦੀਆਂ ਦੇ ਸੱਦੇ ‘ਤੇ ਐੱਸਡੀਐੱਮ ਬਟਾਲਾ ਸ਼ਾਇਰੀ ਭੰਡਾਰੀ ਨੂੰ ਭਾਰਤੀ ਮਹਿਲਾ ਪਹਿਲਵਾਨਾਂ ਨੂੰ ਜੰਤਰ-ਮੰਤਰ ‘ਤੇ ਆਪਣਾ ਵਿਰੋਧ ਪ੍ਰਦਰਸ਼ਨ ਜਾਰੀ ਰੱਖਣ ਅਤੇ ਕੁਸ਼ਤੀ ਸੰਘ ਦੇ ਪ੍ਰਧਾਨ ਅਤੇ ਬ੍ਰਿਜ ਭੂਸ਼ਣ ਸ਼ਰਨ ਸਿੰਘ ਦੀ ਗ੍ਰਿਫਤਾਰੀ ਅਤੇ ਤੇਜ਼ੀ ਨਾਲ ਕਾਨੂੰਨੀ ਕਾਰਵਾਈ ਕਰਨ ਲਈ ਰਾਸ਼ਟਰਪਤੀ ਦੇ ਨਾਂ ਮੰਗ ਪੱਤਰ ਦਿੱਤਾ ਗਿਆ। ਇਸ ਮੌਕੇ ਬ੍ਰਿਜ ਭੂਸ਼ਣ ਦਾ ਪੁਤਲਾ ਵੀ ਫੂਕਿਆ ਗਿਆ।
ਦੀਨਾਨਗਰ (ਸਰਬਜੀਤ ਸਿੰਘ): ਸੰਯੁਕਤ ਕਿਸਾਨ ਮੋਰਚਾ ਪੰਜਾਬ ਦੇ ਸੱਦੇ ‘ਤੇ ਅੱਜ ਪ੍ਰਧਾਨ ਮੰਤਰੀ ਦਾ ਪੁਤਲਾ ਫੂਕ ਕੇ ਪਿੱਟ ਸਿਆਪਾ ਕੀਤਾ। ਉਨ੍ਹਾਂ ਐਸਡੀਐਮ ਦਫ਼ਤਰ ਦੇ ਬਾਹਰ ਪੁਤਲਾ ਰੱਖ ਕੇ ਪ੍ਰਧਾਨ ਮੰਤਰੀ ਅਤੇ ਸੰਸਦ ਮੈਂਬਰ ਬ੍ਰਿਜ ਭੂਸ਼ਣ ਸ਼ਰਨ ਸਿੰਘ ਖ਼ਿਲਾਫ਼ ਨਾਅਰੇਬਾਜ਼ੀ ਕੀਤੀ ਅਤੇ ਮੰਗ ਪੱਤਰ ਰਾਸ਼ਟਰਪਤੀ ਨੂੰ ਪੁੱਜਦਾ ਕਰਨ ਲਈ ਐੱਸਡੀਐੱਮ ਦੀਨਾਨਗਰ ਨੂੰ ਸੌਂਪਿਆ।
ਮੁਕੇਰੀਆਂ (ਜਗਜੀਤ ਸਿੰਘ): ਕੁੱਲ ਹਿੰਦ ਕਿਸਾਨ ਸਭਾ ਅਤੇ ਖੇਤ ਮਜ਼ਦੂਰ ਯੂਨੀਅਨ ਵੱਲੋਂ ਪਿੰਡ ਚੱਕ ਭਾਈਆਂ ਵਿਖੇ ਕੇਂਦਰ ਸਰਕਾਰ ਦੇ ਖ਼ਿਲਾਫ਼ ਰੋਸ ਪ੍ਰਦਰਸ਼ਨ ਕਰਦਿਆਂ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦਾ ਪੁਤਲਾ ਫੂਕਿਆ ਗਿਆ।
ਗੁਰਦਾਸਪੁਰ (ਜਤਿੰਦਰ ਬੈਂਸ): ਸੰਯੁਕਤ ਕਿਸਾਨ ਮੋਰਚੇ ਦੇ ਸੱਦੇ ਉੱਤੇ ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਵੱਲੋਂ ਯੂਨੀਅਨ ਦੇ ਜ਼ਿਲ੍ਹਾ ਪ੍ਰਧਾਨ ਲਖਵਿੰਦਰ ਸਿੰਘ ਮੰਜਿਆਂਵਾਲੀ ਦੀ ਅਗਵਾਈ ਹੇਠ ਡਿਪਟੀ ਕਮਿਸ਼ਨਰ ਦਫ਼ਤਰ ਬਾਹਰ ਧਰਨਾ ਦਿੱਤਾ ਗਿਆ। ਧਰਨੇ ਨੂੰ ਦਲਜੀਤ ਸਿੰਘ, ਗੁਰਬਚਨ ਸਿੰਘ ਅਤੇ ਦਵਿੰਦਰ ਕੌਰ ਨੇ ਸੰਬੋਧਨ ਕੀਤਾ।

ਨਵਾਂਸ਼ਹਿਰ (ਲਾਜਵੰਤ ਸਿੰਘ): ਇੱਥੇ ਅੱਜ ਜਨਤਕ ਜਥੇਬੰਦੀਆਂ ਵੱਲੋਂ ਭਾਰਤੀ ਕੁਸ਼ਤੀ ਸੰਘ ਦੇ ਸਾਬਕਾ ਪ੍ਰਧਾਨ ਅਤੇ ਭਾਜਪਾ ਦੇ ਐੱਮਪੀ ਬ੍ਰਿਜ ਭੂਸ਼ਣ ਸ਼ਰਨ ਸਿੰਘ ਦੀ ਗ੍ਰਿਫਤਾਰੀ ਦੀ ਮੰਗ ਨੂੰ ਲੈ ਕੇ ਰੈਲੀ ਅਤੇ ਅਰਥੀ ਫੂਕ ਮੁਜ਼ਾਹਰਾ ਕੀਤਾ ਗਿਆ। ਅਰਥੀ ਫੂਕ ਮੁਜ਼ਾਹਰੇ ਤੋਂ ਪਹਿਲਾਂ ਸਥਾਨਕ ਬੱਸ ਅੱਡੇ ‘ਤੇ ਰੈਲੀ ਕੀਤੀ ਗਈ। ਆਗੂਆਂ ਨੇ ਕਿਹਾ ਕਿ 5 ਜੂਨ ਨੂੰ ਪਿੰਡਾਂ ਵਿੱਚ ਬ੍ਰਿਜ ਭੂਸ਼ਣ ਸ਼ਰਨ ਸਿੰਘ ਦੇ ਪੁਤਲੇ ਫੂਕੇ ਜਾਣਗੇ।
ਤਰਨ ਤਾਰਨ (ਗੁਰਬਖ਼ਸ਼ਪੁਰੀ): ਸੰਯੁਕਤ ਕਿਸਾਨ ਮੋਰਚੇ ਨਾਲ ਸਬੰਧਿਤ ਕਿਸਾਨ ਜਥੇਬੰਦੀਆਂ ਵੱਲੋਂ ਅੱਜ ਇਥੇ ਰੈਲੀ ਕੀਤੀ ਅਤੇ ਸ਼ਹਿਰ ਵਿੱਚ ਰੋਸ ਮਾਰਚ ਕਰਕੇ ਐੱਸਡੀਐਮ ਨੂੰ ਮੰਗ ਪੱਤਰ ਦਿੱਤਾ| ਇਸੇ ਦੌਰਾਨ ਜਮਹੂਰੀ ਕਿਸਾਨ ਸਭਾ ਅਤੇ ਹੋਰਨਾਂ ਕਿਸਾਨ ਜਥੇਬੰਦੀਆਂ ਵੱਲੋਂ ਲੋਕ ਸਭਾ ਮੈਂਬਰ ਬ੍ਰਿਜ ਭੂਸ਼ਣ ਰਾਮ ਸ਼ਰਨ ਸਿੰਘ ਦਾ ਭਿੱਖੀਵਿੰਡ ਵਿੱਚ ਪੁਤਲਾ ਫੂਕਿਆ ਗਿਆ।
ਮਜੀਠਾ (ਲਖਨਪਾਲ ਸਿੰਘ): ਜਮਹੂਰੀ ਕਿਸਾਨ ਸਭਾ ਪੰਜਾਬ ਦੇ ਕਿਸਾਨਾਂ ਤੇ ਮਜ਼ਦੂਰਾਂ ਨੇ ਸਰਕਲ ਪ੍ਰਧਾਨ ਰਣਬੀਰ ਸਿੰਘ ਮਜੀਠਾ ਦੀ ਅਗਵਾਈ ਵਿੱਚ ਮਜੀਠਾ ਵਿੱਚ ਸੜਕੀ ਆਵਾਜਾਈ ਰੋਕ ਤੇ ਰੋਸ ਮੁਜ਼ਾਹਰਾ ਕਰਕੇ ਕੇਂਦਰ ਸਰਕਾਰ ਤੇ ਬ੍ਰਿਜ਼ ਭੂਸ਼ਣ ਦਾ ਪੂਤਲਾ ਫੂਕਿਆ।
ਐੱਸਡੀਐੱਮ ਰਾਹੀਂ ਪ੍ਰਧਾਨ ਮੰਤਰੀ ਨੂੰ ਦਿੱਤਾ ਮੰਗ ਪੱਤਰ
ਬਲਾਚੌਰ (ਗੁਰਦੇਵ ਸਿੰਘ ਗਹੂੰਣ): ਸੰਯੁਕਤ ਕਿਸਾਨ ਮਜ਼ਦੂਰ ਮੋਰਚੇ ਦੀ ਮੀਟਿੰਗ ਹਰਪਾਲ ਸਿੰਘ ਮੱਕੋਵਾਲ ਦੀ ਪ੍ਰਧਾਨਗੀ ਹੇਠ ਹੋਈ। ਮਗਰੋਂ ਮੋਰਚੇ ਦੇ ਜ਼ਿਲ੍ਹਾ ਕਨਵੀਨਰ ਰਾਣਾ ਕਰਨ ਸਿੰਘ ਦੀ ਅਗਵਾਈ ਵਿੱਚ ਮਹਿਲਾ ਪਹਿਲਵਾਨਾਂ ਨੂੰ ਇਨਸਾਫ ਦੇਣ ਸਬੰਧੀ ਐੱਸਡੀਐੱਮ ਬਲਾਚੌਰ ਰਾਹੀਂ ਪ੍ਰਧਾਨ ਮੰਤਰੀ ਨੂੰ ਮੰਗ ਪੱਤਰ ਦਿੱਤਾ ਗਿਆ। ਰਾਣਾ ਕਰਨ ਸਿੰਘ ਨੇ ਕਿਹਾ ਕਿ ਕਿਸਾਨ ਮਜ਼ਦੂਰ ਮੋਰਚਾ ਮੰਗ ਕਰਦਾ ਹੈ ਕਿ ਪੀੜਤ ਮਹਿਲਾ ਪਹਿਲਵਾਨਾਂ ਨੂੰ ਇਨਸਾਫ ਦਿੱਤਾ ਜਾਵੇ ਅਤੇ ਉਨ੍ਹਾਂ ਨੂੰ ਸੰਘਰਸ਼ ਕਰਨ ਲਈ ਥਾਂ ਦਿੱਤੀ ਜਾਵੇ।