ਜੰਗ ਬਹਾਦਰ ਸੇਖੋਂ/ਜੋਗਿੰਦਰ ਕੁੱਲੇਵਾਲ
ਗੜਸ਼ੰਕਰ, 29 ਮਈ
ਮਹਿਲਾ ਪਹਿਲਵਾਨਾਂ ਵੱਲੋਂ ਜਿਨਸੀ ਸ਼ੋਸ਼ਣ ਖਿਲਾਫ਼ ਕੀਤੇ ਜਾ ਰਹੇ ਸ਼ੰਘਰਸ਼ ਨੂੰ ਕੇਂਦਰ ਸਰਕਾਰ ਵੱਲੋਂ ਸਰਕਾਰੀ ਦਹਿਸ਼ਤ ਰਾਹੀਂ ਕੁਚਲ ਦੇਣ ਦੇ ਮਨਸੂਬਿਆਂ ਅਤੇ ਜਿਨਸੀ ਦੋਸ਼ਾਂ ਵਿੱਚ ਘਿਰੇ ਕੁਸ਼ਤੀ ਸੰਘ ਦੇ ਮੁਖੀ ਬ੍ਰਿਜ ਭੂਸ਼ਣ ਵਿਰੁੱਧ ਕਾਰਵਾਈ ਨਾ ਕਰਨ ਦੇ ਰੋਸ ਵੱਜੋਂ ਕੇਂਦਰ ਸਰਕਾਰ ਵਿਰੁੱਧ ਅੱਜ ਵੱਖ-ਵੱਖ ਜਥੇਬੰਦੀਆਂ ਦੇ ਆਗੂਆਂ ਮਾਸਟਰ ਮੁਕੇਸ਼ ਕੁਮਾਰ ਹਰਮੇਸ਼ ਢੇਸੀ, ਦਰਸ਼ਣ ਸਿੰਘ ਮੱਟੂ, ਜੋਗਿੰਦਰ ਸਿੰਘ,ਪ੍ਰੋ ਸੰਧੂ ਵਰਿਆਣਵੀ,ਬਲਵੀਰ ਖਾਨਪੁਰੀ ਅਤੇ ਬੀਬੀ ਸ਼ੁਭਾਸ਼ ਮੱਟੂ ਦੀ ਅਗਵਾਈ ਹੇਠ ਇੱਥੇ ਬੰਗਾ ਚੌਕ ਨੇੜੇ ਸਥਿਤ ਗਾਂਧੀ ਪਾਰਕ ਵਿੱਚ ਰੈਲੀ ਕਰਕੇ ਸ਼ਹਿਰ ਵਿੱਚ ਰੋਸ ਮਾਰਚ ਕੱਢਿਆ। ਇਸ ਮੌਕੇ ਨੰਗਲ ਚੌਕ ਵਿੱਚ ਮੋਦੀ ਸਰਕਾਰ ਦਾ ਪੁਤਲਾ ਫੂਕਿਆ ਗਿਆ। ਆਗੂਆਂ ਨੇ ਮੰਗ ਕੀਤੀ ਕਿ ਕੁਸ਼ਤੀ ਸ਼ੰਘ ਦੇ ਪ੍ਰਧਾਨ ਬ੍ਰਿਜ ਭੂਸ਼ਣ ਸ਼ਰਨ ਸਿੰਘ ਨੂੰ ਪ੍ਰਧਾਨ ਦੇ ਅਹੁਦੇ ਤੋਂ ਹਟਾ ਕੇ ਗ੍ਰਿਫਤਾਰ ਕੀਤਾ ਜਾਵੇ ਅਤੇ ਪਹਿਲਵਾਨਾਂ ਨਾਲ ਇਨਸਾਫ ਕੀਤਾ ਜਾਵੇ।
ਕਰਤਾਰਪੁਰ (ਗੁਰਨੇਕ ਸਿੰਘ ਵਿਰਦੀ): ਇਸਤਰੀ ਜਾਗ੍ਰਿਤੀ ਮੰਚ ਵੱਲੋਂ ਕਰਤਾਰਪੁਰ ਵਿੱਚ ਮਹਿਲਾ ਪਹਿਲਵਾਨਾਂ ਨਾਲ ਕੀਤੇ ਦੁਰਵਿਵਹਾਰ ਕਰਨ ਅਤੇ ਗ੍ਰਿਫ਼ਤਾਰੀ ਦੇ ਵਿਰੋਧਵ ਵਿੱਚ ਕੇਂਦਰ ਸਰਕਾਰ ਦਾ ਪੁਤਲਾ ਫੂਕਿਆ ਗਿਆ। ਇਸ ਮੌਕੇ ਇਸਤਰੀ ਜਾਗ੍ਰਿਤੀ ਮੰਚ ਦੀ ਜ਼ਿਲ੍ਹਾ ਸਕੱਤਰ ਜਸਵੀਰ ਕੌਰ ਨੇ ਕਿਹਾ ਕਿ ਦੇਸ਼ ਦੇ ਪ੍ਰਧਾਨ ਮੰਤਰੀ ਨਵੀਂ ਸੰਸਦ ਨੂੰ ਦੇਸ਼ ਦੇ ਲੋਕਤੰਤਰ ਦਾ ਮੰਦਰ ਕਹਿ ਰਹੇ ਹਨ ਤੇ ਇਸ ਮੰਦਰ ਤੋਂ ਕੁਝ ਦੂਰੀ ‘ਤੇ ਹੀ ਦੇਸ਼ ਦੀਆਂ ਧੀਆਂ ਇਨਸਾਫ ਲਈ ਦਿੱਲੀ ਪੁਲੀਸ ਦੇ ਜਬਰ ਦਾ ਸ਼ਿਕਾਰ ਬਣ ਰਹੀਆਂ ਹਨ।
ਉਨ੍ਹਾਂ ਪਹਿਲਵਾਨ ਲੜਕੀਆਂ ਦੇ ਸੰਘਰਸ਼ ਨਾਲ ਇੱਕਜੁਟਤਾ ਜ਼ਾਹਿਰ ਕਰਦਿਆਂ ਕਿਹਾ ਕਿ ਜੇ ਦੇਸ਼ ਦਾ ਨਾਮ ਰੌਸ਼ਨ ਕਰਨ ਵਾਲੀਆਂ ਪਹਿਲਵਾਨਾਂ ਨਾਲ ਸਰਕਾਰ ਇਸ ਤਰ੍ਹਾਂ ਦਾ ਸਲੂਕ ਕਰ ਰਹੀ ਹੈ ਤਾਂ ਆਮ ਔਰਤਾਂ ਦੀ ਹਾਲਤ ਦਾ ਅੰਦਾਜ਼ਾ ਲਗਾਉਣਾ ਮੁਸ਼ਕਲ ਹੋ ਜਾਵੇਗਾ। ਉਨ੍ਹਾਂ ਸਮੂਹ ਲੋਕਾਂ ਨੂੰ ਪਹਿਲਵਾਨ ਲੜਕੀਆਂ ਦੇ ਹੱਕ ਵਿੱਚ ਇਸਨਾਫ ਲਈ ਅੱਗੇ ਆਉਣ ਦਾ ਸੱਦਾ ਦਿੱਤਾ।ਇਸ ਸਮੇਂ ਇਸਤਰੀ ਜਾਗ੍ਰਿਤੀ ਦੇ ਆਗੂ ਦਿਲਜੀਤ ਕੌਰ, ਬਲਵਿੰਦਰ ਕੌਰ ਆਦਿ ਨੇ ਸੰਬੋਧਨ ਕੀਤਾ।
ਨੌਜਵਾਨ ਭਾਰਤ ਸਭਾ ਵੱਲੋਂ ਕੇਂਦਰ ਸਰਕਾਰ ਖ਼ਿਲਾਫ਼ ਰੈਲੀ
ਜਲੰਧਰ (ਹਤਿੰਦਰ ਮਹਿਤਾ): ਨੌਜਵਾਨ ਭਾਰਤ ਸਭਾ ਅਤੇ ਪੰਜਾਬ ਸਟੂਡੈਂਟਸ ਯੂਨੀਅਨ ਨੇ ਦੇਸ਼ ਦੀਆਂ ਮਹਾਨ ਕੁਸ਼ਤੀ ਖਿਡਾਰਨਾਂ ‘ਤੇ ਲਾਠੀਚਾਰਜ ਅਤੇ ਜਿਨਸੀ ਸ਼ੋਸ਼ਣ ਕਰਨ ਵਾਲੇ ਭਾਰਤੀ ਕੁਸ਼ਤੀ ਫੈਡਰੇਸ਼ਨ ਦੇ ਪ੍ਰਧਾਨ ਬ੍ਰਿਜ ਭੂਸ਼ਨ ਸ਼ਰਨ ਸਿੰਘ ਖਿਲਾਫ਼ ਕੇਂਦਰ ਦੀ ਭਾਜਪਾ ਸਰਕਾਰ ਵਲੋਂ ਕਾਰਵਾਈ ਨਾ ਕਰਨ ਅਤੇ ਖਿਡਾਰਨਾਂ ਨੂੰ ਤੁਰੰਤ ਇਨਸਾਫ਼ ਲਈ ਫੈਡਰੇਸ਼ਨ ਪ੍ਰਧਾਨ ਤੇ ਸਖ਼ਤ ਕਾਰਵਾਈ ਕਰਨ ਲਈ ਸ਼ਹੀਦ ਸੁਰਜੀਤ ਗਗਨ ਪਾਰਕ ਨਕੋਦਰ ਵਿੱਚ ਰੈਲੀ ਕੀਤੀ ਗਈ। ਇਸ ਮੌਕੇ ਵੱਖ ਵੱਖ ਪਿੰਡਾਂ ਤੋਂ ਆਏ ਨੌਜਵਾਨ ਵਿਦਿਆਰਥੀਆਂ ਨੂੰ ਨੌਜਵਾਨ ਭਾਰਤ ਸਭਾ ਦੇ ਸੂਬਾ ਮੀਤ ਪ੍ਰਧਾਨ ਕਰਮਜੀਤ ਮਾਣੂੰਕੇ, ਪੀਐੱਸਯੂ ਦੇ ਸੂਬਾ ਆਗੂ ਮੰਗਲਜੀਤ ਪੰਡੋਰੀ, ਜ਼ਿਲ੍ਹਾ ਆਗੂ ਸੋਨੂੰ ਅਰੋੜਾ ਲੋਹੀਆਂ ਅਤੇ ਸੁਖਦੇਵ ਮੰਡਿਆਲਾ ਨੇ ਸੰਬੋਧਨ ਕੀਤਾ। ਇਸ ਮੌਕੇ ਸਭਾ ਨੇ ਮੰਗ ਕੀਤੀ ਕਿ ਕੁਸ਼ਤੀ ਫੈਡਰੇਸ਼ਨ ਦੇ ਪ੍ਰਧਾਨ ਬ੍ਰਿਜ ਭੂਸ਼ਨ ਸ਼ਰਨ ਸਿੰਘ ਉੱਤੇ ਸਖ਼ਤ ਕਾਰਵਾਈ ਕੀਤੀ ਜਾਵੇ। ਇਨਸਾਫ਼ ਲਈ ਦਿੱਲੀ ਜੰਤਰ ਮੰਤਰ ਵਿੱਚ ਕੁਸ਼ਤੀ ਖਿਡਾਰੀਆਂ ਦੇ ਲਗਾਤਾਰ ਚੱਲ ਰਹੇ ਧਰਨੇ ਨਾਲ ਵੀ ਨੌਜਵਾਨ ਭਾਰਤ ਸਭਾ ਅਤੇ ਪੀਐੱਸਯੂ ਨੇ ਇਕਜੁੱਟਤਾ ਦਾ ਐਲਾਨ ਕੀਤਾ।
ਸੀਪੀਆਈ ਐੱਮਐੱਲ ਲਿਬਰੇਸ਼ਨ ਵੱਲੋਂ ਕੇਂਦਰ ਸਰਕਾਰ ਖ਼ਿਲਾਫ਼ ਮੁਜ਼ਾਹਰਾ
ਅੰਮ੍ਰਿਤਸਰ (ਜਗਤਾਰ ਸਿੰਘ ਲਾਂਬਾ): ਦਿੱਲੀ ਵਿੱਚ ਧਰਨਾ ਦੇ ਰਹੀਆਂ ਪਹਿਲਵਾਨ ਲੜਕੀਆਂ ਦੇ ਹੱਕ ਵਿਚ ਅਤੇ ਕੁਸ਼ਤੀ ਫੈਡਰੇਸ਼ਨ ਦੇ ਪ੍ਰਧਾਨ ਨੂੰ ਗ੍ਰਿਫਤਾਰ ਕਰਨ ਦੀ ਮੰਗ ਨੂੰ ਲੈ ਕੇ ਵਿੱਚ ਅੱਜ ਸੀਪੀਆਈ ਐੱਮ ਐੱਲ ਲਿਬਰੇਸ਼ਨ ਦੇ ਵਰਕਰਾਂ ਨੇ ਭੰਡਾਰੀ ਪੁਲ ਤੇ ਰੋਸ ਪ੍ਰਦਰਸ਼ਨ ਕੀਤਾ ਅਤੇ ਹਾਲ ਗੇਟ ਤੱਕ ਰੋਸ ਮਾਰਚ ਕੀਤਾ। ਇਸ ਸਮੇਂ ਬੋਲਦਿਆਂ ਜ਼ਿਲ੍ਹਾ ਪਾਰਟੀ ਆਗੂ ਬਲਬੀਰ ਸਿੰਘ ਮੂਧਲ, ਨਿਰਮਲ ਸਿੰਘ ਛੱਜਲਵੱਡੀ ਨੇ ਕਿਹਾ ਕਿ ਮੋਦੀ ਸਰਕਾਰ ਫੈਡਰੇਸ਼ਨ ਪ੍ਰਧਾਨ ਨੂੰ ਗ੍ਰਿਫਤਾਰ ਕਰੇ। ਇਸ ਦੌਰਾਨ ਇੱਥੇ ਤਰਕਸ਼ੀਲ ਸੁਸਾਇਟੀ ਪੰਜਾਬ ਦੀ ਸੂਬਾ ਕਮੇਟੀ ਨੇ ਕੁਸ਼ਤੀ ਫੈਡਰੇਸ਼ਨ ਦੇ ਪ੍ਰਧਾਨ ਅਤੇ ਭਾਜਪਾ ਸੰਸਦ ਮੈਂਬਰ ਬ੍ਰਿਜ ਭੂਸ਼ਨ ਸ਼ਰਨ ਸਿੰਘ ਦੀ ਗ੍ਰਿਫ਼ਤਾਰੀ ਦੀ ਮੰਗ ਨੂੰ ਲੈ ਕੇ ਸੰਸਦ ਵੱਲ ਮਾਰਚ ਕਰ ਰਹੇ ਪਹਿਲਵਾਨਾਂ ਉਤੇ ਦਿੱਲੀ ਪੁਲਿਸ ਵਲੋਂ ਤਸ਼ੱਦਦ ਕਰਨ ਦੀ ਤਾਨਾਸ਼ਾਹੀ ਕਾਰਵਾਈ ਨੂੰ ਭਾਰਤੀ ਲੋਕਤੰਤਰ ਦੀ ਹੱਤਿਆ ਕਰਾਰ ਦਿੰਦਿਆਂ ਦੋਸ਼ੀ ਪੁਲੀਸ ਮੁਲਾਜਮਾਂ ਅਤੇ ਅਧਿਕਾਰੀਆਂ ਨੂੰ ਤੁਰੰਤ ਬਰਖਾਸਤ ਕਰਨ ਦੀ ਮੰਗ ਕੀਤੀ ਹੈ । ਜਥੇਬੰਦੀ ਦੇ ਸੂਬਾਈ ਆਗੂਆਂ ਮਾਸਟਰ ਰਾਜਿੰਦਰ ਭਦੌੜ, ਹੇਮ ਰਾਜ ਸਟੈਨੋ, ਬਲਬੀਰ ਲੌਂਗੋਵਾਲ, ਰਾਜਪਾਲ ਸਿੰਘ ,ਸੁਮੀਤ ਸਿੰਘ ਅਤੇ ਰਾਮ ਸਵਰਨ ਲੱਖੇਵਾਲੀ ਨੇ ਇਸ ਸਬੰਧੀ ਪ੍ਰੈੱਸ ਨੋਟ ਜਾਰੀ ਕੀਤਾ। ਇਸੇ ਦੌਰਾਨ ਪੰਜਾਬ ਸਟੂਡੈਂਟਸ ਯੂਨੀਅਨ (ਲਲਕਾਰ) ਨੇ ਕੋਟ ਖਾਲਸਾ ਚੌਕ ਵਿੱਚ ਅੱਜ ਸ਼ਾਮ ਨੂੰ ਪਹਿਲਵਾਨ ਕੁੜੀਆਂ ਦੇ ਹੱਕ ਵਿੱਚ ਆਵਾਜ਼ ਬੁਲੰਦ ਕਾਰਦਿਆ ਸਰਕਾਰ ਖਿਲਾਫ ਰੋਸ ਮੁਜ਼ਾਹਰਾ ਕੀਤਾ । ਰੋਸ ਪ੍ਰਦਰਸ਼ਨ ਦੌਰਾਨ ਵਿਦਿਆਰਥੀਆਂ , ਲੋਕਾਂ ਅਤੇ ਤਰਕਸ਼ੀਲ ਸੁਸਾਇਟੀ ਦੇ ਮੈਂਬਰਾਂ ਨੇ ਸ਼ਿਰਕਤ ਕੀਤੀ। ਪੀਐੱਸਯੂ (ਲਲਕਾਰ) ਦੇ ਆਗੂ ਗੁਰਪ੍ਰੀਤ, ਤਰਕਸ਼ੀਲ ਆ ਗੂ ਸੁਮੀਤ ਸਿੰਘ ਨੇ ਵੀ ਸੰਬੋਧਨ ਕੀਤਾ ।